ਸਿੰਜਾਈ ਲਈ ਲੂਣਾ-ਖਾਰਾ ਪਾਣੀ ਕਿਵੇਂ ਵਰਤੀਏ
ਵਿਵੇਕ ਕੁਮਾਰ/ਉਪਿੰਦਰ ਸਿੰਘ ਸੰਧੂ/ਕਰਮਜੀਤ ਸ਼ਰਮਾ*
ਸਿੰਜਾਈ ਵਾਲੇ ਪਾਣੀ ਵਿੱਚ ਜੇ ਨਮਕ ਮੌਜੂਦ ਹੋਵੇ ਤਾਂ ਇਸ ਦੀ ਲਗਾਤਾਰ ਸਿੰਜਾਈ ਕਾਰਨ ਮਿੱਟੀ ਵਿੱਚ ਨਮਕ ਇਕੱਠੇ ਹੋ ਜਾਂਦੇ ਹਨ। ਇਸ ਨਾਲ ਮਿੱਟੀ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਫ਼ਸਲਾਂ ਦਾ ਝਾੜ ਹੌਲੀ-ਹੌਲੀ ਘਟਣਾ ਸ਼ੁਰੂ ਹੋ ਜਾਂਦਾ ਹੈ। ਇਕ ਰਿਪੋਰਟ ਅਨੁਸਾਰ ਪੰਜਾਬ ਦੇ ਲਗਪਗ 40 ਪ੍ਰਤੀਸ਼ਤ ਰਕਬੇ ਵਿੱਚ ਅਤੇ ਖ਼ਾਸ ਤੌਰ ’ਤੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਸਿੰਜਾਈ ਲਈ ਵਰਤੇ ਜਾਂਦੇ ਜ਼ਮੀਨੀ ਪਾਣੀ ਵਿੱਚ ਨਮਕ ਦੀ ਮਾਤਰਾ ਜ਼ਿਆਦਾ ਹੈ। ਨਮਕ ਵਾਲੇ ਪਾਣੀ ਨੂੰ ਦੋ ਵਰਗਾਂ ਵਿੱਚ ਵੰਡਿਆ ਜਾਂਦਾ ਹੈ, ਲੂਣਾ ਪਾਣੀ ਜਿਸ ਵਿੱਚ ਸੋਡੀਅਮ ਦੇ ਕਲੋਰਾਈਡ ਜਾਂ ਸਲਫੇਟ ਮੌਜੂਦ ਹੁੰਦੇ ਹਨ ਅਤੇ ਖਾਰਾ ਪਾਣੀ ਜਿਸ ਵਿੱਚ ਸੋਡੀਅਮ ਦੇ ਕਾਰਬੋਨੇਟ ਜਾਂ ਬਾਈਕਾਰਬੋਨੇਟ ਮੌਜੂਦ ਹੁੰਦੇ ਹਨ। ਇਨ੍ਹਾਂ ਤੋਂ ਇਲਾਵਾ ਕੁੱਝ ਪਾਣੀਆਂ ਵਿੱਚ ਬੋਰੋਨ ਅਤੇ ਫਲੋਰਾਈਡ ਵਰਗੇ ਜ਼ਹਿਰੀਲੇ ਪਦਾਰਥ ਵੀ ਹੋ ਸਕਦੇ ਹਨ। ਇਸ ਲਈ ਟਿਊਬਵੈੱਲ ਵਾਲਾ ਪਾਣੀ ਵਰਤਣ ਤੋਂ ਪਹਿਲਾਂ ਇਸ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ। ਜਾਂਚ ਦੀ ਰਿਪੋਰਟ ਤੋਂ ਸਾਨੂੰ ਪਤਾ ਲੱਗ ਜਾਂਦਾ ਹੈ ਕਿ ਪਾਣੀ ਵਿੱਚ ਕਿਹੜੀ ਖ਼ਰਾਬੀ ਹੈ ਅਤੇ ਉਸ ਦੀ ਗੰਭੀਰਤਾ ਕਿੰਨੀ ਹੈ ਅਤੇ ਉਸ ਹਿਸਾਬ ਨਾਲ ਹੀ ਇਨ੍ਹਾਂ ਪਾਣੀਆਂ ਦੀ ਵਰਤੋਂ ਖ਼ਾਸ ਪ੍ਰਬੰਧਕੀ ਢੰਗ ਵਰਤ ਕੇ ਕੀਤੀ ਜਾ ਸਕਦੀ ਹੈ ਜਿਨ੍ਹਾਂ ਨਾਲ ਇਨ੍ਹਾਂ ਦੇ ਮਾੜੇ ਅਸਰ ਨੂੰ ਘਟਾਇਆ ਜਾ ਸਕਦਾ ਹੈ।
ਜਲ ਨਿਕਾਸ ਦਾ ਯੋਗ ਪ੍ਰਬੰਧ: ਨਮਕ ਵਾਲੇ ਪਾਣੀ ਦੀ ਲਗਾਤਾਰ ਸਿੰਜਾਈ ਦਾ ਮਾੜਾ ਅਸਰ ਉਦੋਂ ਸਭ ਤੋਂ ਵੱਧ ਆਉਂਦਾ ਹੈ ਜਦੋਂ ਜੜ੍ਹ ਖੇਤਰ ਵਿੱਚ ਨਮਕ ਦੀ ਮਾਤਰਾ ਇਕੱਠੀ ਹੋ ਜਾਂਦੀ ਹੈ। ਇਸ ਲਈ ਮਾੜੇ ਪਾਣੀ ਦੀ ਲਗਾਤਾਰ ਵਰਤੋਂ ਵਾਲੀ ਸਥਿਤੀ ਵਿੱਚ ਇਸ ਗੱਲ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਜੜ੍ਹ ਖੇਤਰ ਵਿੱਚੋਂ ਵਾਧੂ ਘੁਲਣਸ਼ੀਲ ਨਮਕ ਘੁਲ ਕੇ ਜ਼ਮੀਨ ਦੀ ਡੂੰਘੀ ਪਰਤ ਵਿੱਚ ਚਲੇ ਜਾਣ। ਇਸ ਲਈ ਖਾਰੇ ਪਾਣੀ ਦੀ ਵਰਤੋਂ ਲਈ ਚੰਗਾ ਜਲ ਨਿਕਾਸ ਸਭ ਤੋਂ ਪਹਿਲੀ ਜ਼ਰੂਰਤ ਹੈ।
ਖੇਤ ਨੂੰ ਪੱਧਰ ਕਰਨਾ: ਖੇਤ ਵਿੱਚੋਂ ਘੁਲਣਸ਼ੀਲ ਨਮਕ ਦੇ ਇੱਕਸਾਰ ਜੀਰਨ ਲਈ ਇਹ ਜ਼ਰੂਰੀ ਹੈ ਕਿ ਸਾਰੇ ਖੇਤ ਵਿੱਚ ਪਾਣੀ ਦੀ ਇਕਸਾਰ ਵੰਡ ਹੋਵੇ। ਇਸ ਲਈ ਜ਼ਮੀਨ ਨੂੰ ਚੰਗੀ ਤਰ੍ਹਾਂ ਪੱਧਰ ਕਰਨਾ ਬਹੁਤ ਜ਼ਰੂਰੀ ਹੈ। ਜੇ ਖੇਤ ਦੇ ਪੱਧਰ ਵਿੱਚ ਮਾਮੂਲੀ ਫ਼ਰਕ ਵੀ ਹੋਵੇ ਤਾਂ ਪਾਣੀ ਅਤੇ ਨਮਕ ਦੀ ਵੰਡ ਅਸਾਵੀਂ ਹੋ ਜਾਂਦੀ ਹੈ।
ਮਾੜੇ ਪਾਣੀ ਨੂੰ ਹਲਕੀਆਂ ਜ਼ਮੀਨਾਂ ਵਿੱਚ ਵਰਤਣਾ: ਭਾਰੀਆਂ ਜ਼ਮੀਨਾਂ ਦੇ ਮੁਕਾਬਲੇ ਹਲਕੀਆਂ ਜ਼ਮੀਨਾਂ ਵਿੱਚ ਪਾਣੀ ਤੇਜ਼ੀ ਨਾਲ ਜ਼ੀਰਦਾ ਹੈ। ਤੇਜ਼ੀ ਨਾਲ ਪਾਣੀ ਜੀਰਨ ਕਰ ਕੇ ਹਲਕੀਆਂ ਜ਼ਮੀਨਾਂ ਵਿੱਚ ਨਮਕ ਜ਼ੀਰਨ ਦੀ ਦਰ ਵੀ ਵਧ ਜਾਂਦੀ ਹੈ ਜਦੋਂਕਿ ਭਾਰੀਆਂ ਜ਼ਮੀਨਾਂ ਵਿੱਚ ਪਾਣੀ ਸਤਹਿ ’ਤੇ ਜ਼ਿਆਦਾ ਦੇਰ ਖੜ੍ਹਨ ਨਾਲ ਵਾਸ਼ਪੀਕਰਨ ਤੋਂ ਬਾਅਦ ਲੂਣਾਪਣ/ਖਾਰਾਪਣ ਤੇਜ਼ੀ ਨਾਲ ਬਣਦਾ ਹੈ। ਇਸ ਲਈ ਮਾੜੇ ਪਾਣੀ ਦੀ ਵਰਤੋਂ ਲਈ ਹਲਕੀਆਂ ਜ਼ਮੀਨਾਂ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।
ਸਹਿਣਸ਼ੀਲ ਫ਼ਸਲਾਂ ਦੀ ਚੋਣ ਕਰਨੀ: ਜਿੱਥੇ ਜ਼ਮੀਨੀ ਪਾਣੀ ਮਾੜਾ ਹੋਵੇ, ਉੱਥੇ ਨਮਕ ਪ੍ਰਤੀ ਸਹਿਣਸ਼ੀਲ ਜਾਂ ਅਰਧ-ਸਹਿਣਸ਼ੀਲ਼ ਫ਼ਸਲਾਂ ਜਿਵੇਂ ਕਿ ਜੌਂ, ਕਣਕ, ਸਰ੍ਹੋਂ, ਗੁਆਰਾ, ਸੇਂਜੀ, ਪਾਲਕ, ਸ਼ਲਗਮ, ਚਕੰਦਰ, ਰਾਇਆ ਅਤੇ ਮੋਟੇ ਅਨਾਜ ਆਦਿ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਦਾਲਾਂ ਵਾਲ਼ੀਆਂ ਫ਼ਸਲਾਂ ’ਤੇ ਖਾਰੇ ਅਤੇ ਲੂਣੇ ਪਾਣੀ ਦਾ ਬਹੁਤ ਮਾੜਾ ਅਸਰ ਹੁੰਦਾ ਹੈ, ਇਸ ਲਈ ਦਾਲਾਂ ਨੂੰ ਮਾੜਾ ਪਾਣੀ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਲੋੜ ਅਨੁਸਾਰ ਜਿਪਸਮ ਦੀ ਵਰਤੋਂ: ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਮਾੜੇ ਪਾਣੀ ਦੇ ਅਸਰ ਘਟਾਉਣ ਲਈ ਕਿਸਾਨ ਬਿਨਾਂ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਏ ਜਿਪਸਮ ਦੀ ਵਰਤੋਂ ਕਰਨ ਨੂੰ ਤਰਜ਼ੀਹ ਦਿੰਦੇ ਹਨ। ਇਸ ਦਾ ਕਈ ਵਾਰ ਮਾੜਾ ਅਸਰ ਵੀ ਸਾਹਮਣੇ ਆਉਂਦਾ ਹੈ। ਇਸ ਲਈ ਮਿੱਟੀ ਪਾਣੀ ਦੀ ਪਰਖ ਦੇ ਆਧਾਰ ’ਤੇ ਜਦੋਂ ਸਿੰਜਾਈ ਵਾਲੇ ਪਾਣੀ ਦੀ ਆਰ.ਐਸ.ਸੀ 2.5 ਐਮਈ ਪ੍ਰਤੀ ਲਿਟਰ ਤੋਂ ਉੱਪਰ ਹੋਵੇ ਤਾਂ ਜਿਪਸਮ ਦੀ ਵਰਤੋਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ।
ਜੈਵਿਕ ਖਾਦਾਂ ਦੀ ਵਰਤੋਂ ਕਰਨੀ: ਚੂਨੇ ਜਾਂ ਰੋੜਾਂ ਵਾਲੀਆਂ ਜ਼ਮੀਨਾਂ, ਜਿਨ੍ਹਾਂ ਵਿੱਚ ਕੈਲਸ਼ੀਅਮ ਕਾਰਬੋਨੇਟ 2 ਪ੍ਰਤੀਸ਼ਤ ਤੋਂ ਜ਼ਿਆਦਾ ਹੋਵੇ ਅਤੇ ਖਾਰੇ ਪਾਣੀ ਨਾਲ ਸਿੰਜੀਆਂ ਜਾਂਦੀਆਂ ਹਨ, ਵਿੱਚ ਜੈਵਿਕ ਖਾਦਾਂ ਜਿਵੇਂ ਦੇਸੀ ਰੂੜੀ 8 ਟਨ ਪ੍ਰਤੀ ਏਕੜ ਜਾਂ 2.5 ਟਨ ਪ੍ਰਤੀ ਏਕੜ ਹਰੀ ਖਾਦ ਜਾਂ ਕਣਕ ਦਾ ਨਾੜ ਹਰ ਸਾਲ ਪਾਉਣਾ ਚਾਹੀਦਾ ਹੈ।
ਖਾਰਾ ਅਤੇ ਚੰਗਾ ਪਾਣੀ ਇਕੱਠਾ ਲਾਉਣਾ: ਮਾੜੇ ਪਾਣੀ ਵਾਲੇ ਇਲਾਕਿਆਂ ਵਿੱਚ ਨਹਿਰੀ ਪਾਣੀ ਲਾਉਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ ਪਰ ਜੇ ਨਹਿਰੀ ਪਾਣੀ ਦੀ ਘਾਟ ਹੋਵੇ ਤਾਂ ਮਾੜੇ ਪਾਣੀ ਨੂੰ ਚੰਗੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਵਰਤਣਾ ਚਾਹੀਦਾ ਹੈ। ਇਸ ਲਈ ਇੱਕ ਤਰੀਕਾ ਇਹ ਹੈ ਕਿ ਜਦੋਂ ਨਹਿਰੀ ਪਾਣੀ ਨਾਲ ਸਿੰਜਾਈ ਹੋ ਰਹੀ ਹੋਵੇ ਤਾਂ ਮਾੜਾ ਅਤੇ ਚੰਗਾ ਪਾਣੀ ਇਕੱਠਾ ਵਰਤਿਆ ਜਾਵੇ। ਇਸੇ ਤਰ੍ਹਾਂ ਮਾੜਾ ਅਤੇ ਚੰਗਾ ਪਾਣੀ ਅਦਲ-ਬਦਲ ਕੇ ਵੀ ਵਰਤੇ ਜਾ ਸਕਦੇ ਹਨ। ਫ਼ਸਲ ਦੇ ਸ਼ੁਰੂਆਤੀ ਅਵਸਥਾ ਵਿੱਚ ਚੰਗਾ ਪਾਣੀ ਅਤੇ ਬਾਅਦ ਵਿੱਚ ਫ਼ਸਲ ਵਧਣ ’ਤੇ ਮਾੜਾ ਪਾਣੀ ਵਰਤਣਾ ਲਾਹੇਵੰਦ ਹੈ। ਵਧੀ ਹੋਈ ਫ਼ਸਲ ਵੱਧ ਖਾਰੇਪਣ ਅਤੇ ਸੋਕੇ ਨੂੰ ਸਹਾਰ ਸਕਦੀ ਹੈ।
ਛੱਪੜਾਂ ਦੇ ਪਾਣੀ ਦੀ ਸਿੰਜਾਈ ਲਈ ਵਰਤੋਂ: ਪਿੰਡਾਂ ਵਿੱਚ ਮੌਜੂਦ ਛੱਪੜਾਂ ਦੇ ਪਾਣੀ ਵਿੱਚ ਫ਼ਸਲਾਂ ਲਈ ਲੋੜੀਂਦੇ ਖ਼ੁਰਾਕੀ ਤੱਤ ਜਿਵੇਂ ਕਿ ਜਿਵੇਂ ਕਿ ਨਾਈਟ੍ਰੋਜਨ, ਫ਼ਾਸਫ਼ੋਰਸ ਅਤੇ ਪੋਟਾਸ਼ ਆਦਿ ਕਾਫ਼ੀ ਮਾਤਰਾ ਵਿੱਚ ਹੁੰਦੇ ਹਨ, ਇਸ ਲਈ ਛੱਪੜਾਂ ਨੂੰ ਚੰਗੇ ਪਾਣੀ ਦੇ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ। ਪਰ ਵਰਤਣ ਤੋਂ ਪਹਿਲਾਂ ਇਸ ਪਾਣੀ ਦੀ ਪਰਖ ਕਰਵਾ ਲੈਣੀ ਜ਼ਰੂਰੀ ਹੈ ਕਿਉਂਕਿ ਕਈ ਵਾਰ ਇਸ ਪਾਣੀ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਸੋਡੀਅਮ ਦੇ ਕਾਰਬੋਨੇਟ, ਬਾਈਕਾਰਬੋਨੇਟ ਅਤੇ ਕਲੋਰਾਈਡ ਲੂਣ ਵੱਧ ਮਾਤਰਾ ਵਿੱਚ ਹੁੰਦੇ ਹਨ। ਇਸ ਲਈ ਜਾਂਚ ਕਰਵਾਉਣ ਤੋਂ ਬਾਅਦ ਇਸ ਪਾਣੀ ਨੂੰ ਸਿਫ਼ਾਰਸ਼ ਅਨੁਸਾਰ ਸਿੰਜਾਈ ਲਈ ਵਰਤਣਾ ਚਾਹੀਦਾ ਹੈ।
ਨਰਮੇ ਦੀ ਫ਼ਸਲ ਵਿੱਚ ਮਾੜੇ ਪਾਣੀ ਦਾ ਪ੍ਰਬੰਧਨ: ਨਰਮੇ ਦੀ ਫ਼ਸਲ ਦਾ ਜੰਮ੍ਹ ਪਾਣੀ ਦੀ ਗੁਣਵੱਤਾ ’ਤੇ ਕਾਫ਼ੀ ਨਿਰਭਰ ਕਰਦਾ ਹੈ। ਜੇ ਨਰਮੇ ਲਈ ਰੌਣੀ ਮਾੜੇ ਪਾਣੀ ਨਾਲ ਹੋਵੇ ਤਾਂ ਜੰਮ੍ਹ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਜਿੱਥੇ ਧਰਤੀ ਹੇਠਲਾ ਪਾਣੀ ਮਾੜਾ ਹੈ, ਉੱਥੇ ਨਹਿਰੀ ਪਾਣੀ ਨਾਲ ਭਰਵੀਂ ਰੌਣੀ ਕਰਨੀ ਚਾਹੀਦੀ ਹੈ ਅਤੇ ਨਰਮਾ ਵੱਟਾਂ ’ਤੇ ਬੀਜਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਬਾਅਦ ਵਿੱਚ ਮਾੜੇ ਪਾਣੀ ਨੂੰ ਇੱਕ ਖੇਲ ਛੱਡ ਕੇ ਲਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਕਿੱਲਤ ਵਾਲੀਆਂ ਹਾਲਤਾਂ ਵਿੱਚ, ਨਹਿਰੀ ਅਤੇ ਲੂਣੇ ਪਾਣੀ ਨੂੰ ਤੁਪਕਾ ਸਿੰਜਾਈ ਪ੍ਰਣਾਲੀ ਰਾਹੀਂ ਹਲਕੀਆਂ ਜ਼ਮੀਨਾਂ ਵਿੱਚ ਅਦਲ-ਬਦਲ ਕੇ ਵਰਤਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਇਸ ਤਰ੍ਹਾਂ ਪਾਣੀ ਦੀ ਬੱਚਤ ਹੁੰਦੀ ਹੈ, ਝਾੜ ਵੱਧ ਮਿਲਦਾ ਹੈ ਅਤੇ ਜ਼ਮੀਨ ਦੀ ਸਿਹਤ ਬਰਕਰਾਰ ਰਹਿੰਦੀ ਹੈ। ਜਿੱਥੇ ਨਰਮੇ ਦੀ ਸਿੰਜਾਈ ਲੂਣੇ ਪਾਣੀ (ਚਾਲਕਤਾ 10 ਡੈਸੀਸੀਮਨ/ਮੀਟਰ ਤਕ) ਨਾਲ ਹੁੰਦੀ ਹੈ, ਉਨ੍ਹਾਂ ਜ਼ਮੀਨਾਂ ਵਿੱਚ 16 ਕੁਇੰਟਲ ਪ੍ਰਤੀ ਏਕੜ ਝੋਨੇ ਦੀ ਪਰਾਲੀ ਤੋਂ ਬਣੇ ਬਾਇਓਚਾਰ ਪਾਉਣ ਨਾਲ ਲੂਣੇ ਪਾਣੀ ਦੇ ਅਸਰ ਨੂੰ ਘਟਾਇਆ ਜਾ ਸਕਦਾ ਹੈ।
ਇਨ੍ਹਾਂ ਗੱਲਾਂ ਦਾ ਖ਼ਿਆਲ ਰੱਖ ਕੇ ਮਾੜੇ ਪਾਣੀ ਦੇ ਅਸਰ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜਦੋਂ ਖਾਰੇ ਪਾਣੀ ਦੀ ਵਰਤੋਂ ਲਗਾਤਾਰ ਕਰਨੀ ਹੋਵੇ ਤਾਂ ਕਿਸਾਨਾਂ ਨੂੰ ਸਮੇਂ ਸਮੇਂ ’ਤੇ ਮਿੱਟੀ ਦੀ ਪਰਖ਼ ਕਰਾ ਕੇ ਲੂਣ ਬਣਨ ਦਾ ਨਿਰੀਖਣ ਰੱਖਣਾ ਚਾਹੀਦਾ ਹੈ। ਇਸ ਨਾਲ ਜ਼ਮੀਨ ਦੀ ਸਿਹਤ ਖ਼ਰਾਬ ਹੋਣ ਤੋਂ ਰੋਕਣ ਵਿੱਚ ਸਹਾਇਤਾ ਮਿਲਦੀ ਹੈ।
*ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ।