ਭਾਰਤ ’ਚ ਹਿਊਮਨ ਮੈਟਾਨਿਊਮੋਵਾਇਰਸ ਦੀ ਦਸਤਕ
ਨਵੀਂ ਦਿੱਲੀ, 6 ਜਨਵਰੀ
ਹਵਾ ਰਾਹੀਂ ਫੈਲਣ ਵਾਲੇ ਹਿਊਮਨ ਮੈਟਾਨਿਊਮੋਵਾਇਰਸ (ਐੱਚਐੱਮਪੀਵੀ) ਨੇ ਚੀਨ ਤੋਂ ਬਾਅਦ ਹੁਣ ਭਾਰਤ ਵਿੱਚ ਦਸਤਕ ਦਿੱਤੀ ਹੈ। ਕਰਨਾਟਕ, ਤਾਮਿਲ ਨਾਡੂ ਅਤੇ ਗੁਜਰਾਤ ਵਿੱਚ ਅੱਜ ਪੰਜ ਬੱਚੇ ਇਸ ਵਾਇਰਸ ਤੋਂ ਪੀੜਤ ਮਿਲੇ ਹਨ। ਕੇਂਦਰ ਸਰਕਾਰ ਨੇ ਹਸਪਤਾਲਾਂ ਨੂੰ ਤਿਆਰ ਬਰ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਘਬਰਾਉਣ ਦੀ ਲੋੜ ਨਹੀਂ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਦਿੱਲੀ ਸਰਕਾਰ ਨੇ ਰਾਜਧਾਨੀ ਦੇ ਸਾਰੇ ਹਸਪਤਾਲਾਂ ਨੂੰ ਸਾਹ ਦੀਆਂ ਬਿਮਾਰੀਆਂ ਵਿੱਚ ਸੰਭਾਵੀ ਵਾਧੇ ਨਾਲ ਨਜਿੱਠਣ ਵਾਸਤੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਭਾਰਤੀ ਮੈਡੀਕਲ ਖੋਜ ਕੌਂਸਲ (ਆਈਸੀਐੱਮਆਰ) ਨੇ ਆਮ ਨਿਗਰਾਨੀ ਦੌਰਾਨ ਕਰਨਾਟਕ ਵਿੱਚ ਐੱਚਐੱਮਪੀਵੀ ਦੇ ਦੋ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਮੰਤਰਾਲੇ ਨੇ ਦੱਸਿਆ ਕਿ ਤਿੰਨ ਮਹੀਨਿਆਂ ਦੀ ਬੱਚੀ ਨੂੰ ‘ਬਰੋਨਕੋਨਿਊਮੋਨੀਆ’ ਦੀ ਸ਼ਿਕਾਇਤ ਸੀ ਅਤੇ ਉੁਸ ਨੂੰ ਬੰਗਲੂਰੂ ਦੇ ਬੈਪਟਿਸਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੇ ਐੱਚਐੱਮਪੀਵੀ ਤੋਂ ਪੀੜਤ ਹੋਣ ਦਾ ਪਤਾ ਲੱਗਾ ਸੀ। ਉਸ ਨੂੰ ਪਹਿਲਾਂ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।