ਡੱਲੇਵਾਲ ਨੂੰ ਅਲਵਿਦਾ ਆਖ ਬੀਕੇਯੂ ਏਕਤਾ (ਡਕੌਂਦਾ) ’ਚ ਸ਼ਾਮਲ ਹੋਏ ਸੈਂਕੜੇ ਕਿਸਾਨ
ਪੱਤਰ ਪ੍ਰੇਰਕ
ਮਾਨਸਾ, 11 ਜੂਨ
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾਈ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਮੌਜੂਦਗੀ ਵਿੱਚ ਅੱਜ ਜਗਜੀਤ ਸਿੰਘ ਡੱਲੇਵਾਲ ਦੀ ਜਥੇਬੰਦੀ ਨੂੰ ਅਲਵਿਦਾ ਆਖ ਕੇ ਸੈਂਕੜੇ ਕਿਸਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਹੇਠ ਯੂਨੀਅਨ ਵਿੱਚ ਸ਼ਾਮਲ ਹੋਏ। ਮਾਨਸਾ ਦੀ ਆਧੁਨਿਕ ਅਨਾਜ ਮੰਡੀ ਵਿੱਚ ਕੀਤੀ ਗਈ ਇਸ ਕਨਵੈਨਸ਼ਨ ਵਿੱਚ ਵੱਡੀ ਗਿਣਤੀ ‘ਚ ਕਿਸਾਨ, ਮਜ਼ਦੂਰ ਅਤੇ ਔਰਤਾਂ ਨੇ ਹਿੱਸਾ ਲਿਆ। ਇਸ ਕਨਵੈਨਸ਼ਨ ਦੀ ਸ਼ੁਰੂਆਤ ਕਿਸਾਨ ਲਹਿਰ ਦੇ ਸ਼ਹੀਦਾਂ ਅਤੇ ਵਿਛੜੇ ਆਗੂਆਂ ਨੂੰ ਇੱਕ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦੇਣ ਉਪਰੰਤ ਕੀਤੀ ਗਈ।
ਇਕੱਠ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ ਧਨੇਰ ਨੇ ਕੇਂਦਰ ਸਰਕਾਰ ਉੱਤੇ ਮਨੂ ਸਮ੍ਰਿਤੀ ਦੇ ਸਿਧਾਂਤ ਨੂੰ ਲਾਗੂ ਕਰਨ ਦੇ ਯਤਨਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਫਾਸ਼ੀਵਾਦ ਤਾਕਤਾਂ ਨੂੰ ਮੋੜਾ ਦੇਣ ਲਈ ਕਿਰਤੀ ਵਰਗ ਦਾ ਇਕਮੁੱਠ ਹੋ ਕੇ ਲੜਨਾ ਸਮੇਂ ਦੀ ਮੰਗ ਹੈ।
ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਦੇ ਮਸਲਿਆਂ ਦੇ ਹੱਲ ਲਈ ਲੋਕ ਏਕਤਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਏਕਤਾ ਨੂੰ ਕਮਜ਼ੋਰ ਕਰ ਕੇ ਸਰਕਾਰ ਮਸਲਿਆਂ ਦੇ ਹੱਲ ਨੂੰ ਲਟਕਾਉਣ ਵਿੱਚ ਸਫ਼ਲ ਹੋ ਜਾਂਦੀ ਹੈ।
ਇਸ ਮੌਕੇ ਵਿਸ਼ਾਲ ਇਕੱਠ ਵਿੱਚ ਪਾਸ ਕੀਤੇ ਗਏ ਮਤਿਆਂ ਵਿੱਚ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕਰਦੇ ਹੋਏ ਗ੍ਰਿਫ਼ਤਾਰ ਕਿਸਾਨਾਂ ਦੀ ਤੁਰੰਤ ਰਿਹਾਈ ਅਤੇ ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ। ਦੂਜੇ ਮਤੇ ਰਾਹੀਂ ਪਹਿਲਵਾਨ ਖਿਡਾਰੀ ਲੜਕੀਆਂ ਨੂੰ ਇਨਸਾਫ਼ ਦਿਵਾਉਣ ਲਈ ਬ੍ਰਿਜ ਭੂਸ਼ਣ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸਾਰੇ ਆਹੁਦਿਆਂ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਡਾ. ਨਵਸ਼ਰਨ ਕੌਰ ਨੂੰ ਕੇਂਦਰੀ ਏਜੰਸੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਨਿਖੇਧੀ ਕੀਤੀ ਗਈ। ਇਸ ਉਪਰੰਤ ਅੱਜ ਜ਼ਿਲ੍ਹੇ ਭਰ ਦੇ ਕਿਸਾਨਾਂ ਵੱਲੋਂ ਨੌਜਵਾਨ ਆਗੂ ਲਖਵੀਰ ਸਿੰਘ ਅਕਲੀਆ ਨੂੰ ਸਰਬਸੰਮਤੀ ਨਾਲ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਜਗਦੇਵ ਸਿੰਘ ਕੋਟਲੀ ਨੂੰ ਜ਼ਿਲ੍ਹਾ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਵੱਲੋਂ ਮੱਖਣ ਸਿੰਘ ਭੈਣੀਬਾਘਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੂੰ ਸੂਬਾ ਕਾਰਜਕਾਰਨੀ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਗੁਰਦੀਪ ਸਿੰਘ ਰਾਮਪੁਰਾ, ਬਲਵੰਤ ਸਿੰਘ ਉੱਪਲੀ, ਬਲਵਿੰਦਰ ਸ਼ਰਮਾ ਖਿਆਲਾ, ਗੁਰਜੰਟ ਸਿੰਘ ਮੰਘਾਣੀਆਂ, ਰਾਮਫਲ ਸਿੰਘ ਬਹਾਦਰਪੁਰ ਸਣੇ ਬਲਵਿੰਦਰ ਕੌਰ ਭੈਣੀਬਾਘਾ, ਵਰਿਆਮ ਸਿੰਘ ਖਿਆਲਾ ਨੇ ਵੀ ਸੰਬੋਧਨ ਕੀਤਾ।