ਅੰਮ੍ਰਿਤਪਾਲ ਨੂੰ ਪੰਜਾਬ ਤਬਦੀਲ ਕਰਵਾਉਣ ਲਈ ਭੁੱਖ ਹੜਤਾਲ ਸ਼ੁਰੂ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਫਰਵਰੀ
ਕੌਮੀ ਸੁਰੱਖਿਆ ਐਕਟ ਹੇਠ ਅਸਾਮ ਦੀ ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਹੈਰੀਟੇਜ ਸਟਰੀਟ ਵਿੱਚ ਸਾਰਾਗੜੀ ਗੁਰਦੁਆਰੇ ਨੇੜੇ ਉਸ ਦੀ ਮਾਂ ਬਲਵਿੰਦਰ ਕੌਰ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਰੋਸ ਵਿਖਾਵਾ ਵੀ ਕੀਤਾ ਗਿਆ ਜਿਸ ਵਿਚ ਹੋਰ ਨਜ਼ਰਬੰਦ ਨੌਜਵਾਨਾਂ ਦੇ ਮਾਪੇ ਵੀ ਸ਼ਾਮਲ ਹੋਏ।
ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਨੌਜਵਾਨਾਂ ਦੇ ਮਾਪਿਆਂ ਵੱਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ ਕਿ ਜੇਕਰ 24 ਘੰਟਿਆਂ ਵਿੱਚ ਉਨ੍ਹਾਂ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਨਾ ਕੀਤਾ ਤਾਂ ਉਹ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ। ਇਸ ਮਾਮਲੇ ਵਿੱਚ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੰਗ ਨੂੰ ਅਣਗੌਲਿਆ ਕੀਤਾ ਗਿਆ ਜਿਸ ਦੇ ਸਿੱਟੇ ਵਜੋਂ ਉਨ੍ਹਾਂ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਇਹ ਭੁੱਖ ਹੜਤਾਲ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਤੱਕ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਬਿਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵੱਲੋਂ 16 ਫਰਵਰੀ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਸੰਦਰਭ ਵਿੱਚ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਕੁਝ ਨੌਜਵਾਨਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਇਨ੍ਹਾਂ ਨੌਜਵਾਨਾਂ ਦੇ ਮਾਪੇ ਇੱਥੇ ਅਕਾਲ ਤਖਤ ਸਾਹਮਣੇ ਇਕੱਠੇ ਹੋਏ, ਜਿੱਥੇ ਮੀਟਿੰਗ ਤੋਂ ਬਾਅਦ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਇਸ ਦੇ ਨਾਲ ਹੀ ਸਾਰਾਗੜੀ ਗੁਰਦੁਆਰੇ ਨੇੜੇ ਦਿਨ ਤੇ ਰਾਤ ਦਾ ਧਰਨਾ ਵੀ ਸ਼ੁਰੂ ਕੀਤਾ ਗਿਆ ਹੈ। ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸਰਕਾਰ ਨੂੰ ਪੰਜ ਦਿਨ ਦਾ ਅਲਟੀਮੇਟਮ ਦਿੰਦਿਆਂ ਮੰਗ ਨਾ ਮੰਨਣ ’ਤੇ ਵੱਡਾ ਸਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਵੀ ਮੌਜੂਦ ਸਨ।