For the best experience, open
https://m.punjabitribuneonline.com
on your mobile browser.
Advertisement

ਮੈਂ ਆਸਾਨੀ ਨਾਲ ਭਾਜਪਾ ਨਾਲ ਸਮਝੌਤਾ ਕਰ ਸਕਦਾ ਸੀ: ਬਾਦਲ

08:50 AM Jun 30, 2024 IST
ਮੈਂ ਆਸਾਨੀ ਨਾਲ ਭਾਜਪਾ ਨਾਲ ਸਮਝੌਤਾ ਕਰ ਸਕਦਾ ਸੀ  ਬਾਦਲ
ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯੂਥ ਅਕਾਲੀ ਦਲ ਦੇ ਆਗੂਆਂ ਨਾਲ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 29 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਯੂਥ ਅਕਾਲੀ ਦਲ ਦੀ ਸੁਮੱਚੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਯੂਥ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਿਰਫ਼ ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ। ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਦੇ ਵਕਾਰ ਨਾਲ ਸਮਝੌਤਾ ਨਾ ਕਰਨ ਦੀ ਸ਼ਲਾਘਾ ਕੀਤੀ। ਮੀਟਿੰਗ ’ਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਰਹੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ, ‘‘ਮੈਂ ਵੀ ਆਸਾਨੀ ਨਾਲ ਭਾਜਪਾ ਨਾਲ ਸਮਝੌਤਾ ਕਰ ਸਕਦਾ ਸੀ, ਪਰ ਮੈਂ ਇਸ ਕਰ ਕੇ ਨਾਂਹ ਕੀਤੀ ਸੀ ਕਿਉਂਕਿ ਮੈਨੂੰ ਕਿਹਾ ਗਿਆ ਸੀ ਕਿ ਮੈਂ ਬੰਦੀ ਸਿੰਘਾਂ, ਪੰਜਾਬ ਦੇ ਦਰਿਆਈ ਪਾਣੀਆਂ, ਇਸ ਦੀ ਰਾਜਧਾਨੀ ਸਮੇਤ ਪੰਜਾਬ ਦੇ ਮਸਲਿਆਂ ’ਤੇ ਚਰਚਾ ਕੀਤੇ ਬਗੈਰ ਸੀਟਾਂ ਦਾ ਲੈਣ ਦੇਣ ਕਰ ਲਵਾਂ।’’ ਸ੍ਰੀ ਬਾਦਲ ਨੇ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਪੇਸ਼ ਕੀਤੇ ਸੁਝਾਅ ਸੁਣੇ ਅਤੇ ਚੋਣਾਂ ਵਿਚ ਨੌਜਵਾਨ ਚਿਹਰਿਆਂ ਨੂੰ ਢੁਕਵੀਂ ਪ੍ਰਤੀਨਿਧਤਾ ਦੇ ਕੇ ਨੌਜਵਾਨਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਵਧਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਯੂਥ ਵਿੰਗ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਇਸ ਨੂੰ ਹੋਰ ਮਜ਼ਬੂਤ ਬਣਾਉਣ ਦੇ ਪ੍ਰੋਗਰਾਮ ’ਤੇ ਕੰਮ ਕਰ ਰਹੀ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਕਾਪ੍ਰਸਤ ਤੱਤਾਂ ਵੱਲੋਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਫੇਲ੍ਹ ਕਰਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਤੇ ਕੰਟਰੋਲ ਲਈ ਕੇਂਦਰੀ ਏਜੰਸੀਆਂ ਤੋਂ ਚੌਕਸ ਰਹਿਣ।

Advertisement

ਪਾਰਟੀ ਦਾ ਨੁਕਸਾਨ ਕਰਨ ’ਚ ਰੱਖੜਾ ਤੇ ਚੰਦੂਮਾਜਰਾ ਸਭ ਤੋਂ ਮੋਹਰੀ: ਸੁਖਬੀਰ ਬਾਦਲ

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਪਿੱਛੇ ਵੱਡੇ ਲੋਕਾਂ ਦਾ ਹੱਥ ਹੈ। ਸੁਖਬੀਰ ਬਾਦਲ ਇੱਥੇ ਸਾਬਕਾ ਆਈਏਐੱਸ ਅਮਰਜੀਤ ਸਿੰਘ ਸਿੱਧੂ ਦੀ ਮੌਤ ’ਤੇ ਉਸ ਦੇ ਪੁੱਤਰ ਸੁਖਮਨ ਸਿੰਘ ਸਿੱਧੂ ਨਾਲ ਅਫ਼ਸੋਸ ਕਰਨ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਪਹਿਲਾਂ ਇੱਕ ਦੂਜੇ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ ਸਨ ਪਰ ਉਹ ਅੱਜ ਬਗਾਵਤ ਕਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿੱਚ ਸਭ ਤੋਂ ਮੋਹਰੀ ਰੋਲ ਨਿਭਾ ਰਹੇ ਹਨ ਤੇ ਦੋਵੇਂ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਕਰ ਰਹੇ ਹਨ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਫੇਰ ਵੀ ਉਨ੍ਹਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਦਰ ਖੁੱਲ੍ਹੇ ਰੱਖੇ ਹਨ ਉਹ ਕਿਸੇ ਵੇਲੇ ਵੀ ਪਾਰਟੀ ਵਿੱਚ ਆ ਕੇ ਆਪਣੀਆਂ ਸ਼ਿਕਾਇਤਾਂ ਦੱਸ ਸਕਦੇ ਹਨ, ਜਿਨ੍ਹਾਂ ਪ੍ਰਤੀ ਉਹ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਲੜ ਰਹੀ ਸੁਰਜੀਤ ਕੌਰ ਤੋਂ ਸਮਰਥਨ ਵਾਪਸ ਲੈਣ ਦਾ ਫ਼ੈਸਲਾ ਪਾਰਟੀ ਦਾ ਹੈ।

Advertisement
Author Image

sukhwinder singh

View all posts

Advertisement
Advertisement
×