ਮਾਤਾ ਗੁਜਰ ਕੌਰ ਤੇ ਸਾਹਿਜ਼ਾਦਿਆਂ ਨੂੰ ਸਿਜਦਾ
ਪੱਤਰ ਪ੍ਰੇਰਕ
ਮਾਨਸਾ, 26 ਦਸੰਬਰ
ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਮਾਨਸਾ ਵਿਖੇ ਭਾਜਪਾ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਭੈ ਸਿੰਘ ਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਇਸ ਦਿਹਾੜੇ ਨੂੰ ਵੀਰ ਬਾਲ ਦਿਵਸ ਦੇ ਤੌਰ ’ਤੇ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਰਕੇਸ਼ ਜੈਨ, ਮਨਦੀਪ ਮਾਨ, ਜਸਪ੍ਰੀਤ ਸਿੰਘ ਭੌਲਾ ਸਿੰਘ ਹਸਨਪੁਰ ਤੇ ਕੁਲਦੀਪ ਸਿੰਘ ਬੱਪੀਆਣਾ ਆਦਿ ਹਾਜ਼ਰ ਸਨ।
ਤਪਾ (ਨਿੱਜੀ ਪੱਤਰ ਪ੍ਰੇਰਕ):
ਸਰਵਹਿੱਤਕਾਰੀ ਵਿਦਿਆ ਮੰਦਰ ’ਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਮੁੱਖ ਰੱਖਦੇ ਹੋਏ ਵੀਰ ਬਾਲ ਦਿਵਸ ਮਨਾਇਆ ਗਿਆ ਜਿਸ ਵਿਚ ਪ੍ਰੀ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਸ਼ਬਦ ਗਾਇਨ ਕੀਤਾ। ਅਧਿਆਪਕਾ ਗੁਰਮੀਤ ਕੌਰ ਨੇ ਬੱਚਿਆਂ ਨੂੰ ਦਸਮ ਪਿਤਾ ਗੁਰੂ ਗੋਬਿੰਦ ਸਿੰਘ, ਮਾਤਾ ਗੁਜਰੀ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ। ਸੰਸਥਾ ਦੇ ਪ੍ਰਿੰਸੀਪਲ ਅਨੁਪਮਾ ਸ਼ਰਮਾ ਨੇ ਬੱਚਿਆਂ ਨੂੰ ਸੱਚ ਦੇ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।
ਕਾਲਾਂਵਾਲੀ (ਪੱਤਰ ਪ੍ਰੇਰਕ):
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ਤਿਲੋਕੇਵਾਲਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਸਮਾਗਮ ਕਰਵਾਇਆ। ਇਸ ਦੌਰਾਨ ਪ੍ਰਿੰਸੀਪਲ ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫਤਹਿ ਸਿੰਘ ਨੇ ਮੁਗਲਾਂ ਦੇ ਅਣਮਨੁੱਖੀ ਵਿਹਾਰ ਨੂੰ ਬਰਦਾਸ਼ਤ ਕਰਦਿਆਂ ਇਸਲਾਮ ਕਬੂਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਇਸੇ ਤਰ੍ਹਾਂ ਵੀਰ ਬਾਲ ਦਿਵਸ ਮੌਕੇ ਸ਼ਹਿਰ ਦੀ ਅਨਾਜ ਮੰਡੀ ਵਿੱਚ ਦੁਕਾਨਦਾਰਾਂ ਵੱਲੋਂ ਸਾਂਝੇ ਤੌਰ ’ਤੇ ਦੁੱਧ ਅਤੇ ਸਮੋਸਿਆਂ ਦਾ ਲੰਗਰ ਲਾਇਆ ਗਿਆ।
ਦੁੱਧ ਦਾ ਲੰਗਰ ਲਾਇਆ
ਭੁੱਚੋ ਮੰਡੀ (ਪੱਤਰ ਪ੍ਰੇਰਕ):
ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਗੁਰਦੁਆਰਾ ਬਾਬਾ ਨਾਮਦੇਵ ਜੀ ਦੇ ਪ੍ਰਬੰਧਕਾਂ ਤੇ ਦੁਕਾਨਦਾਰਾਂ ਨੇ ਦੁੱਧ ਦਾ ਲੰਗਰ ਲਾਇਆ। ਇਸ ਮੌਕੇ ਸਭ ਤੋਂ ਪਹਿਲਾਂ ਸੰਗਤਾਂ ਵੱਲੋਂ ਇਲਾਕੇ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਫਿਰ ਦਿਨ ਭਰ ਰਾਹਗੀਰਾਂ ਨੂੰ ਗਰਮ ਦੁੱਧ ਵਰਤਾਇਆ ਗਿਆ।