ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਅਕਾਲ ਤਖਤ ਵਿਖੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂਆਂ ਦੀ ਸ਼ਿਕਾਇਤ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣਗੇ। ਉਨ੍ਹਾਂ ਇਹ ਖੁਲਾਸਾ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਉਨ੍ਹਾਂ ਦਾ ਰੋਮ ਰੋਮ ਤੇ ਹਰ ਸੁਆਸ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਮੀਰੀ ਪੀਰੀ ਦੇ ਸਰਬਉਚ ਅਸਥਾਨ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੀਤੇ ਗਏ ਹੁਕਮ ਅਨੁਸਾਰ ਉਹ ਸ਼ਰਧਾ ਅਤੇ ਨਿਮਰਤਾ ਸਹਿਤ ਪੇਸ਼ ਹੋਣਗੇ। ਇਸ ਸੁਨੇਹੇ ਦੇ ਨਾਲ ਹੀ ਉਨ੍ਹਾਂ ਸ੍ਰੀ ਅਕਾਲ ਤਖਤ ਦੀ ਤਸਵੀਰ ਵੀ ਜੋੜੀ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਪ੍ਰਧਾਨ ਵੱਲੋਂ ਅਗਲੇ ਦਿਨਾਂ ਵਿਚ ਅਕਾਲ ਤਖ਼ਤ ਅੱਗੇ ਪੇਸ਼ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖਤ ਅਤੇ ਗੁਰੂ ਘਰ ਨੂੰ ਸਮਰਪਿਤ ਹੈ। ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜੋ ਵੀ ਆਦੇਸ਼ ਕੀਤਾ ਗਿਆ ਹੈ, ਪਾਰਟੀ ਵੱਲੋਂ ਉਸ ਆਦੇਸ਼ ਨੂੰ ਸਮਰਪਿਤ ਹੁੰਦਿਆਂ ਹੋਇਆਂ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਦੇ ਆਦੇਸ਼ ਮੁਤਾਬਕ ਨਿਮਾਣੇ ਸਿੱਖ ਵਜੋਂ ਸਪਸ਼ਟੀਕਰਨ ਦੇਣ ਲਈ ਹਾਜ਼ਰ ਹੋਣਗੇ। ਵੇਰਵਿਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਧਿਰ ਨੇ ਸ੍ਰੀ ਅਕਾਲ ਤਖਤ ਵੱਲੋਂ ਕੀਤੇ ਗਏ ਆਦੇਸ਼ ਨੂੰ ਸਹਿਜਤਾ ਨਾਲ ਲਿਆ ਹੈ ਅਤੇ ਸਮਰਪਿਤ ਭਾਵਨਾ ਨਾਲ ਅਤੀਤ ਵਿੱਚ ਹੋਈਆਂ ਗਲਤੀਆਂ ਨੂੰ ਵੀ ਜਾਣੇ-ਅਣਜਾਣੇ ਵਿੱਚ ਹੋਈਆਂ ਭੁੱਲਾਂ-ਚੁੱਕਾਂ ਵਜੋਂ ਸਵੀਕਾਰ ਕਰਨ ਦੇ ਰੌਂਅ ਵਿੱਚ ਹੈ। ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਕਿੰਤੂ ਪ੍ਰੰਤੂ ਨਹੀਂ ਕਰਨਾ ਚਾਹੁੰਦਾ ਹੈ। ਉਂਜ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਆਪਣੇ ਤੌਰ ’ਤੇ ਸ੍ਰੀ ਅਕਾਲ ਤਖਤ ਵਿਖੇ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ-ਚੁੱਕਾਂ ਦੀ ਖਿਮਾ ਯਾਚਨਾ ਦੀ ਅਰਦਾਸ ਕਰ ਚੁੱਕੀ ਹੈ। ਸਮੁੱਚੀ ਲੀਡਰਸ਼ਿਪ ਵੱਲੋਂ ਇਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸੇਵਾ ਵੀ ਕੀਤੀ ਗਈ ਸੀ। ਉਧਰ ਨਾਰਾਜ਼ ਧਿਰ ਨਾਲ ਖੜ੍ਹੀ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਸ੍ਰੀ ਅਕਾਲ ਤਖਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਉਸ ਵੇਲੇ ਦੀ ਅੰਤ੍ਰਿਗ ਕਮੇਟੀ ਮੈਂਬਰਾਂ ਤੇ ਅਹੁਦੇਦਾਰਾਂ ਕੋਲੋਂ ਕੀਤੀ ਜਾਣੀ ਚਾਹੀਦੀ ਹੈ।
ਸ੍ਰੀ ਅਕਾਲ ਤਖਤ ਨੂੰ ਸਮਰਪਿਤ ਰਿਹਾ ਹੈ ਅਕਾਲੀ ਦਲ: ਵਲਟੋਹਾ
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪਾਰਟੀ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਨੂੰ ਸਮਰਪਿਤ ਰਹੀ ਹੈ ਅਤੇ ਸਮਰਪਿਤ ਰਹੇਗੀ। ਹਾਲਾਂਕਿ ਸ੍ਰੀ ਅਕਾਲ ਤਖਤ ਦਾ ਇਹ ਫੈਸਲਾ ਉਨ੍ਹਾਂ ਵਾਸਤੇ ਕਰਾਰਾ ਜਵਾਬ ਵੀ ਹੈ, ਜੋ ਹਮੇਸ਼ਾ ਇਹ ਦੋਸ਼ ਲਾਉਂਦੇ ਰਹੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਹਿੱਤਾਂ ਲਈ ਸ੍ਰੀ ਅਕਾਲ ਤਖਤ ਦੀ ਵਰਤੋਂ ਕਰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਅੱਗੇ ਪੇਸ਼ ਹੋਣਗੇ।