ਪੰਜਾਬ ਦੇ ਮਸਲੇ ਕੇਂਦਰੀ ਵਜ਼ਾਰਤ ਅੱਗੇ ਰਖਾਂਗਾ: ਖੰਨਾ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਜੂਨ
ਸੰਗਰੂਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਲੋਕ ਸਭਾ ਚੋਣਾਂ ਲੜਨ ਵਾਲੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਵਲੋਂ ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਬੂਥ ਪੱਧਰ ਤੱਕ ਕੰਮ ਕਰਨ ਵਾਲੇ ਵਰਕਰਾਂ ਤੇ ਆਗੂਆਂ ਤੋਂ ਇਲਾਵਾ ਆਮ ਵੋਟਰਾਂ ਦਾ ਧੰਨਵਾਦ ਕੀਤਾ ਗਿਆ।
ਅਰਵਿੰਦ ਖੰਨਾ ਨੇ ਸੰਬੋਧਨ ਦੌਰਾਨ ਕਿਹਾ ਕਿ ਭਾਜਪਾ ਦੇ ਉਲਟ ਮਾਹੌਲ ਹੋਣ ਦੇ ਬਾਵਜੂਦ ਵੀ ਸੰਗਰੂਰ ਵਾਸੀਆਂ ਵੱਲੋਂ ਉਨ੍ਹਾਂ ਦਾ ਭਰਪੂਰ ਸਾਥ ਦਿੱਤਾ ਗਿਆ ਜਿਸ ਲਈ ਉਹ ਹਮੇਸ਼ਾਂ ਲੋਕਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਅੱਗੇ ਤੋਂ ਹੋਰ ਤਕੜੇ ਹੋਕੇ ਸੰਗਰੂਰ ਵਾਸੀਆਂ ’ਚ ਵਿਚਰਨ ਤੇ ਲੋਕਾਂ ਦੀ ਸੇਵਾ ਕਰਨਗੇ।
ਉਨ੍ਹਾਂ ਕਿਹਾ ਕਿ ਜੋ ਪੰਜਾਬ ਤੇ ਸੰਗਰੂਰ ਦੇ ਮਸਲੇ ਹਨ, ਸਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਵਜ਼ਾਰਤ ਅੱਗੇ ਰੱਖੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ’ਚ ਭਾਜਪਾ ਦੇ ਪ੍ਰਦਰਸ਼ਨ ’ਤੇ ਕਿਹਾ ਕਿ ਇੰਨਾ ਵਿਰੋਧ ਹੋਣ ਦੇ ਬਾਵਜੂਦ ਵੀ ਵੋਟ ਫੀਸਦ ’ਚ ਕਾਫ਼ੀ ਵਾਧਾ ਹੋਇਆ ਹੈ।
ਪਿੰਡਾਂ ਅਤੇ ਸ਼ਹਿਰਾਂ ਵਿਚ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਜਿਸ ਤੋਂ ਸਾਫ਼ ਹੈ ਕਿ ਪੰਜਾਬ ’ਚ ਭਾਜਪਾ ਪੱਖੀ ਮਾਹੌਲ ਬਣ ਰਿਹਾ ਹੈ। ਇਸ ਦੌਰਾਨ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ’ਚ ਭਾਜਪਾ ਚੰਗਾ ਪ੍ਰਦਰਸ਼ਨ ਕਰੇਗੀ ਤੇ ਜਲਦ ਹੀ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਪੰਜਾਬ ਤੇ ਸੰਗਰੂਰ ਦੇ ਮਸਲੇ ਹੱਲ ਕਰਵਾਉਣ ਲਈ ਵਚਨਬੱਧ ਹਨ।