ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦਾ ਮਸਲਾ ਹੱਲ ਕਰਾਂਗਾ: ਗੋਇਲ
ਰਮੇਸ਼ ਭਾਰਦਵਾਜ
ਲਹਿਰਾਗਾਗਾ, 24 ਸਤੰਬਰ
ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਪੰਜਾਬ ਵਜ਼ਾਰਤ ਵਿੱਚ ਸ਼ਾਮਲ ਕਰਨ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਗੋਇਲ ਦਾ ਆਪਣੇ ਪਰਿਵਾਰਕ ਮੈਂਬਰਾਂ ਪਤਨੀ ਸੀਮਾ ਗੋਇਲ, ਭਰਾ ਨਰਿੰਦਰ ਗੋਇਲ, ਭਰਜਾਈ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਤੇ ਪੁੱਤਰ ਗੌਰਵ ਗੋਇਲ ਨਾਲ ਲਹਿਰਾਗਾਗਾ ਪਹੁੰਚਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੂੰ ਮਾਰਕੀਟ ਕਮੇਟੀ ਦਫਤਰ ਵਿੱਚ ਪੁਲੀਸ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ, ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐੱਸਡੀਐੱਮ ਸੂਬਾ ਸਿੰਘ, ਡੀਐੱਸਪੀ ਦਪਿੰਦਰਪਾਲ ਸਿੰਘ ਜੇਜੀ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।
ਇਸ ਮੌਕੇ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਹਿਯੋਗ ਸਦਕਾ ਹੀ ਉਹ ਇਸ ਅਹੁਦੇ ਤੱਕ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸਰਕਾਰ ਵਿੱਚ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਦਾ ਮਾਲੀਆ ਵਧਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਲਹਿਰਾਗਾਗਾ ਹਲਕੇ ਦੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ।
ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਮੰਤਰੀ ਗੋਇਲ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਓਐੱਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ , ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰ ਸਿੰਘ ਹੈਪੀ ਠੇਕੇਦਾਰ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਗੁਰੀ ਚਹਿਲ ਆਦਿ ਹਾਜ਼ਰ ਸਨ।