ਪੰਜਾਬੀ ’ਵਰਸਿਟੀ ਦੀ ਮੰਦਹਾਲੀ ਦਾ ਮਸਲਾ ਸੰਸਦ ਵਿੱਚ ਚੁੱਕਾਂਗਾ: ਭਗਵੰਤ ਮਾਨ
ਰਵੇਲ ਸਿੰਘ ਭਿੰਡਰ
ਪਟਿਆਲਾ, 19 ਅਗਸਤ
ਪੰਜਾਬੀ ਯੂਨੀਵਰਸਿਟੀ ਵਿੱਚ ਅਧਿਆਪਕਾਂ ਤੇ ਕਰਮਚਾਰੀਆਂ ਦੇ ਚੱਲ ਰਹੇ ਰੋਸ ਧਰਨਿਆਂ ਵਿੱਚ ਅੱਜ ਆਮ ਅਦਾਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਉਨ੍ਹਾਂ ਪਹਿਲਾਂ ਪੂਟਾ ਵੱਲੋਂ ਵਾਈਸ ਚਾਂਸਲਰ ਦੇ ਯੂਨੀਵਰਸਿਟੀ ਸਥਿਤ ਘਰ-ਕਮ-ਕੈਂਪਸ ਆਫਿਸ ਅੱਗੇ ਦਿੱਤੇ ਜਾ ਰਹੇ ਧਰਨੇ ’ਚ ਹਿੱਸਾ ਲਿਆ ਅਤੇ ਬਾਅਦ ਵਿੱਚ ਜੁਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਾਈਸ ਚਾਂਸਲਰ ਦੇ ਦਫ਼ਤਰ ਸਾਹਮਣੇ ਅਧਿਆਪਕਾਂ ਤੇ ਮੁਲਾਜ਼ਮਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਹਿੱਸਾ ਲਿਆ। ਉਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਦੋਹਾਂ ਧਰਨਿਆਂ ਦੌਰਾਨ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਨੂੰ ਵਿੱਤੀ ਮੰਦਹਾਲੀ ਵਿੱਚੋਂ ਬਾਹਰ ਕੱਢਣ ਲਈ ਹਰ ਹੀਲਾ ਵਰਤਣਗੇ ਤੇ ਸੰਸਦ ਵਿੱਚ ਮੌਨਸੂਨ ਸੈਸ਼ਨ ਵਿੱਚ ਆਵਾਜ਼ ਬੁਲੰਦ ਕਰਨਗੇ, ਜਦੋਂ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਵਜੋਂ ‘ਆਪ’ ਆਗੂ ਹਰਪਾਲ ਚੀਮਾ ਮਾਮਲਾ ਉਠਾਉਣਗੇ। ਉਨ੍ਹਾਂ ਹੈਰਾਨਗੀ ਪ੍ਰਗਟਾਈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਵਿੱਚ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਬੁਰਾ ਹਾਲ ਹੈ। ਇਸ ਮੌਕੇ ਪੂਟਾ ਦੇ ਪ੍ਰਧਾਨ ਜਸਵਿੰਦਰ ਸਿੰਘ ਬਰਾੜ ਤੇ ਸਕੱਤਰ ਗੁਰਨਾਮ ਸਿੰਘ ਵਿਰਕ ਤੇ ਡਾ.ਭੀਮਇੰਦਰ ਸਿੰਘ ਤੋਂ ਇਲਾਵਾ ਜੁਆਇੰਟ ਐਕਸ਼ਨ ਕਮੇਟੀ ਦੀ ਤਰਫ਼ੋਂ ਡਾ. ਬਲਵਿੰਦਰ ਸਿੰਘ ਟਿਵਾਣਾ ਡਾ. ਭੁਪਿੰਦਰ ਸਿੰਘ, ਵਿਰਕ ,ਗੁਰਿੰਦਰਪਾਲ ਸਿੰਘ ਬੱਬੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ।