‘ਆਪ’ ਸੱਤਾ ਵਿੱਚ ਆਈ ਤਾਂ ਪਾਣੀ-ਬਿਜਲੀ ਦੇ ਵਧੇ ਹੋਏ ਬਿੱਲ ਮੁਆਫ਼ ਕੀਤੇ ਜਾਣਗੇ: ਕੇਜਰੀਵਾਲ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਨੇ ਅੱਜ ਇਥੇ ਵਾਅਦਾ ਕੀਤਾ ਕਿ ਜੇ ਉਹ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਮਗਰੋਂ ਸੱਤਾ ਵਿੱਚ ਆਉਂਦੇ ਹਨ ਤਾਂ ਬਿਜਲੀ-ਪਾਣੀ ਦੇ ਵਧੇ ਹੋਏ ਬਿੱਲ ਮੁਆਫ਼ ਕੀਤੇ ਜਾਣਗੇ। ਇੱਥੇ ਟਰਾਂਸਪੋਰਟ ਨਗਰ ਵਿੱਚ ਵਿਸ਼ਵਕਰਮਾ ਦਿਵਸ ਮੌਕੇ ਹੋਏ ਸਮਾਗਮ ਵਿੱਚ ਹਿੱਸਾ ਲੈਂਦਿਆਂ ਉਨ੍ਹਾਂ ਕਿਹਾ ਕਿ ਉਹ ਹੋਰਨਾਂ ਰਾਜਸੀ ਪਾਰਟੀਆਂ ਦੇ ਆਗੂਆਂ ਵਾਲੇ ਰਾਜਸੀ ਆਗੂ ਨਹੀਂ ਹਨ। ਪਿਛਲੇ ਦਸ ਸਾਲਾਂ ਵਿੱਚ ਉਨ੍ਹਾਂ ਲੋਕਾਂ ਦੇ ਵਿਕਾਸ ਲਈ ਕੰੰਮ ਕੀਤਾ ਹੈ।
ਉਨ੍ਹਾਂ ਦੀ ਸਿੱਖਿਆ ਦੇਸ਼ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਹੋਈ ਹੈ, ਇਸ ਕਰਕੇ ਉਨ੍ਹਾਂ ਨੂੰ ਕੰਮ ਕਰਨ ਦੀ ਜਾਚ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਉਹ ਦਿੱਲੀ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਸੀ ਤਾਂ ਉਪ ਰਾਜਪਾਲ ਦਿੱਲੀ ਸਰਕਾਰ ਚਲਾ ਰਹੇ ਸਨ। ਇਸ ਦੌਰਾਨ ਦਿੱਲੀ ਵਾਸੀਆਂ ਨੂੰ ਪਾਣੀ ਅਤੇ ਬਿਜਲੀ ਦੇ ਵਧੇ ਹੋਏ ਬਿੱਲ ਮਿਲ ਰਹੇ ਸਨ। ਕੇਜਰੀਵਾਲ ਨੇ ਕਿਹਾ ਕਿ ਚਿੰਤਾ ਨਾ ਕਰੋ। ਹੁਣ ਉਹ ਬਾਹਰ ਹੈ ਅਤੇ ਫਰਵਰੀ ਵਿੱਚ ਜਦੋਂ ‘ਆਪ’ ਸੱਤਾ ਵਿੱਚ ਆਵੇਗੀ ਤਾਂ ਤੁਹਾਡੇ ਸਾਰਿਆਂ ਦੇ ਬਿੱਲ ਮੁਆਫ਼ ਕੀਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਕਾਫ਼ੀ ਵਿਕਾਸ ਕੀਤਾ ਹੈ। ਇਸ ਵਿੱਚ ਸਿੱਖਿਆ ਤੋਂ ਲੈ ਕੇ ਸਿਹਤ ਅਤੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕੰਮ ਕੀਤਾ ਹੈ , ਉਨ੍ਹਾਂ ਨੂੰ ਵੋਟ ਦਿਓ। ਉਨ੍ਹਾਂ ਭਾਜਪਾ ’ਤੇ ਤਨਜ਼ ਕੱਸਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੋਂ ਪੁੱਛੋ ਕੇ ਉਨ੍ਹਾਂ ਨੇ ਤੁਹਾਡੇ ਬੱਚਿਆਂ ਲਈ ਕੀ ਕੀਤਾ ਹੈ। ਉਨ੍ਹਾਂ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ ਦਿੱਲੀ ਵਾਸੀਆਂ ਲਈ ਕੀਤਾ ਕੋਈ ਕੰਮ ਤਾਂ ਦਿਖਾਉਣ। -ਪੀਟੀਆਈ