ਜੇ ਭਾਜਪਾ ਸੱਤਾ ’ਚ ਆਈ ਤਾਂ ਕਦੇ ਵੋਟਾਂ ਨਹੀਂ ਪੈਣਗੀਆਂ: ਕਰਮਜੀਤ
ਜਸਵੰਤ ਜੱਸ
ਫਰੀਦਕੋਟ, 26 ਮਾਰਚ
ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਫਰੀਦਕੋਟ ਲੋਕ ਸਭਾ ਹਲਕੇ ਦੇ 12 ਪਿੰਡਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਇਸ ਵਾਰ ਵੀ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਦੇਸ਼ ਵਿੱਚ ਕਦੇ ਵੋਟਾਂ ਨਹੀਂ ਪੈਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦੇਸ਼ ਦੀਆਂ ਖੇਤਰੀ ਪਾਰਟੀਆਂ ਨੂੰ ਭਾਜਪਾ ਨਿਗਲ ਚੁੱਕੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਭਾਜਪਾ ਲੋਕ ਸਭਾ ਚੋਣਾਂ ਧੱਕੇ ਨਾਲ ਜਿੱਤਣਾ ਚਾਹੁੰਦੀ ਹੈ। ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਮੋਦੀ ਸਰਕਾਰ ਜੇਕਰ ਸੈਂਟਰ ਵਿੱਚ ਦੁਬਾਰਾ ਆਉਂਦੀ ਹੈ ਤਾਂ ਕਿਸਾਨਾਂ ਤੋਂ ਐੱਮਐੱਸਪੀ ਖੋਹੇ ਜਾਣ ਦਾ ਵੀ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਜਿੱਥੇ ਦੇਸ਼ ਦੀ ਤਰੱਕੀ ਲਈ ਹਨ ਉੱਥੇ ਲੋਕਤੰਤਰ ਨੂੰ ਬਚਾਉਣ ਲਈ ਵੀ ਲੜੀਆਂ ਜਾ ਰਹੀਆਂ ਹਨ। ਵਿਧਾਇਕ ਗੁਰਦਿਤ ਸਿੰਘ ਸੇਖੋ ਨੇ ਕਿਹਾ ਕਿ ਸਮੁੱਚੇ ਪੰਜਾਬੀਆਂ ਨੂੰ ਭਾਜਪਾ ਦੇ ਖਿਲਾਫ਼ ਭੁਗਤਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਹੀ ਭਾਜਪਾ ਦੀਆਂ ਜ਼ਮਾਨਤਾਂ ਜ਼ਬਤ ਕਰਵਾਏਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਹਮੇਸ਼ਾ ਐਮਰਜੈਂਸੀ ਦੇ ਖਿਲਾਫ਼ ਲੜਿਆ ਹੈ ਅਤੇ ਇਸ ਵਾਰ ਭਾਜਪਾ ਨੂੰ ਪੰਜਾਬ ਵਿੱਚ ਸਬਕ ਸਿਖਾਇਆ ਜਾਵੇਗਾ। ਬੁਲਾਰਿਆਂ ਨੇ ਚੋਣ ਰੈਲੀਆਂ ਦੌਰਾਨ ਜਿੱਥੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਗਿਣਾਇਆ, ਉੱਥੇ ਹੀ ਕੇਂਦਰ ਸਰਕਾਰ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਆਪ ਦੇ ਬਾਕੀ ਆਗੂਆਂ ਖਿਲਾਫ਼ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਵੀ ਖੂਬ ਪ੍ਰਚਾਰਿਆ। ਇਸ ਮੌਕੇ ਗਗਨਦੀਪ ਸਿੰਘ ਧਾਲੀਵਾਲ, ਗੁਰਤੇਜ ਸਿੰਘ ਖੋਸਾ ਮਾਸਟਰ ਅਮਰਜੀਤ ਸਿੰਘ, ਅਮਨਦੀਪ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।