ਜੇ ਸੁਖਬੀਰ ਨੇ ਸੱਚੇ ਮਨੋਂ ਅਸਤੀਫ਼ਾ ਦਿੱਤੈ ਤਾਂ ਪਾਰਟੀ ਮਜ਼ਬੂਤ ਹੋਵੇਗੀ: ਢੀਂਡਸਾ
ਪੱਤਰ ਪ੍ਰੇਰਕ
ਲਹਿਰਾਗਾਗਾ, 18 ਨਵੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹਿੱਤ ਲਈ ਸੱਚੇ ਮਨ ਤੋਂ ਅਸਤੀਫ਼ਾ ਦਿੱਤਾ ਹੈ ਤਾਂ ਮੈਂ ਸਮਝਦਾ ਹਾਂ ਇਸ ਨਾਲ ਪਾਰਟੀ ਦਾ ਫ਼ਾਇਦਾ ਅਤੇ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।’’ ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਕਿਸੇ ਲੀਡਰ ਨੂੰ ਆਪੋ-ਆਪਣੇ ਨਿੱਜੀ ਹਿੱਤ ਦਾ ਤਿਆਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਨੂੰ ਕਿਸੇ ਅਹੁਦੇ ਦੀ ਭੁੱਖ ਨਹੀਂ ਹੈ ਪਰ ਸਨਮਾਨ ਹਰ ਆਗੂ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਨੇ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਛੱਡਿਆ ਸੀ ਸਗੋਂ ਢੀਂਡਸਾ ਪਰਿਵਾਰ ਤੇ ਹੋਰ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਆਖ਼ਰੀ ਸਾਹਾਂ ’ਤੇ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭਟਾਲ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਕੋਟੜਾ, ਸਾਬਕਾ ਕੌਂਸਲਰ ਦਵਿੰਦਰ ਨੀਟੂ, ਆਸੂ ਜਿੰਦਲ ਡੇਅਰੀ ਵਾਲੇ, ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਮੌਜੂਦ ਸਨ।