ਹੁਣ ਅਕਾਲੀ ਇਕਜੁੱਟ ਨਾ ਹੋਏ ਤਾਂ ਵੱਡਾ ਨੁਕਸਾਨ ਹੋਵੇਗਾ: ਮਲੂਕਾ
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 10 ਦਸੰਬਰ
ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਜਥੇਬੰਦਕ ਢਾਂਚਾ ਭੰਗ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਹੁਣ ਵੀ ਅਕਾਲੀ ਇਕੱਠੇ ਨਾ ਹੋਏ ਤਾਂ ਵੱਡਾ ਨੁਕਸਾਨ ਹੋਵੇਗਾ। ਸਿਕੰਦਰ ਸਿੰਘ ਮਲੂਕਾ ਅੱਜ ਇੱਥੇ ਸੁਖਬੀਰ ਸਿੰਘ ਬਾਦਲ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੀ ਧਾਰਮਿਕ ਸੇਵਾ ਮੌਕੇ ਪੁੱਜੇ ਸਨ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ। ਨਾ ਕਿਧਰੇ ਵਿਕਾਸ ਹੋ ਰਿਹਾ ਹੈ ਅਤੇ ਨਾ ਹੀ ਕਿਸੇ ਵਰਗ ਦੀ ਭਲਾਈ ਦੇ ਕੰਮ। ਇਸ ਲਈ ਲੋਕ ਪਿਛਲੇ ਪੰਜ ਸਾਲ ਰਾਜ ਕਰ ਚੁੱਕੀ ਕਾਂਗਰਸ ਅਤੇ ਮੌਜੂਦਾ ‘ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ। ਇਸ ਲਈ ਸੂਬੇ ਦੇ ਲੋਕ ਅਕਾਲੀ ਸਰਕਾਰਾਂ ਸਮੇਂ ਪੰਜਾਬ ਦੇ ਹੋਏ ਵਿਕਾਸ ਅਤੇ ਲੋਕ ਭਲਾਈ ਕਾਰਜਾਂ ਨੂੰ ਯਾਦ ਕਰਦਿਆਂ ਫਿਰ ਤੋਂ ਅਕਾਲੀ ਸਰਕਾਰ ਆਉਣ ਦੀ ਉਡੀਕ ਕਰਨ ਲੱਗ ਗਏ ਹਨ ਪਰ ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਸਾਰੇ ਅਕਾਲੀ ਹੁਣ ਇੱਕਜੁਟ ਹੋ ਜਾਣ। ਉਨ੍ਹਾਂ ਅਨੁਸਾਰ ਇੱਕਜੁਟਤਾ ਨਾਲ ਹੀ 2027 ’ਚ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾ ਸਕਦੀ ਹੈ ਪਰ ਜੇਕਰ ਅਲੱਗ ਅਲੱਗ ਮੂੰਹ ਰਹੇ ਤਾਂ ਫਿਰ ਵੱਡੇ ਸਿਆਸੀ ਨੁਕਸਾਨ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ। ਉਨ੍ਹਾਂ ਅਕਾਲੀ ਲੀਡਰਸ਼ਿਪ ਨੂੰ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਬਣਾਉਣ ਲਈ ਭਾਜਪਾ ਨੂੰ ਵੀ ਨਾਲ ਲੈ ਕੇ ਚੱਲਣਾ ਜ਼ਰੂਰੀ ਹੋਵੇਗਾ। ਮਲੂਕਾ ਵੱਲੋਂ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਨਾ ਹੋਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਜਿਸ ਦਿਨ ਸਮੁੱਚੀ ਅਕਾਲੀ ਲੀਡਰਸ਼ਿਪ ਬੁਲਾਈ ਗਈ ਸੀ ਉਸ ਦਿਨ ਉਹ ਬਿਮਾਰ ਸਨ ਪਰ ਹੁਣ ਜਦੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਹੋਵੇਗਾ ਉਹ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।