ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼
ਲੁਧਿਆਣਾ, 22 ਅਪਰੈਲ
ਪੰਜਾਬ ਪੁਲੀਸ ਦੀ ਕਾਊਂਟਰ-ਇੰਟੈਲੀਜੈਂਸ (CI) ਯੂਨਿਟ ਨੇ ਮੰਗਲਵਾਰ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਪੰਜ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ’ਤੇ ਜਾਣਕਾਰੀ ਦਿੰਦਿਆਂ ਕਿਹਾ, "ਇਕ ਖਾਸ ਸੂਚਨਾ ’ਤੇ ਕਾਰਵਾਈ ਕਰਦੇ ਹੋਏ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸਦੇ ਲਿੰਕ ਸੰਯੁਕਤ ਰਾਜ ਅਮਰੀਕਾ ਤੱਕ ਫੈਲੇ ਹੋਏ ਹਨ ਅਤੇ ਲੁਧਿਆਣਾ ਤੋਂ ਗੁਰਵਿੰਦਰ ਸਿੰਘ ਉਰਫ਼ ਗੁਰੀ ਨੂੰ ਗ੍ਰਿਫ਼ਤਾਰ ਕਰਦਿਆਂ ਉਸ ਦੇ ਕਬਜ਼ੇ ਵਿਚੋਂ 5 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ।
ਉਨ੍ਹਾਂ ਕਿਹਾ ਕਿ ਗੁਰਲਾਲ ਸਿੰਘ ਅਤੇ ਵਿਪੁਲ ਸ਼ਰਮਾ ਜੋ ਇਸ ਸਮੇਂ #USA ਵਿੱਚ ਰਹਿ ਰਹੇ ਹਨ, ਗੁਰਵਿੰਦਰ ਇਨ੍ਹਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ। ਪੁਲੀਸ ਨੇ ਅੱਗੇ ਕਿਹਾ ਕਿ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਇਕ FIR ਦਰਜ ਕੀਤੀ ਗਈ ਹੈ ਅਤੇ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਕ ਹੋਰ ਮਾਮਲੇ ਵਿਚ ਪੰਜਾਬ ਦੇ ਤਰਨਤਾਰਨ ਵਿਚ ਪੁਲੀਸ ਨਾਲ ਮੁਕਾਬਲੇ ਦੌਰਾਨ ਇਕ ਬਦਮਾਸ਼ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਭੇਜਿਆ ਗਿਆ ਹੈ। ਸੁਪਰਡੈਂਟ ਆਫ਼ ਪੁਲੀਸ (ਐਸਪੀ) ਡਿਟੈਕਟਿਵ ਅਜੈ ਰਾਜ ਸਿੰਘ ਨੇ ਏਐੱਨਆਈ ਨੂੰ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਬਦਮਾਸ਼ ਅੰਮ੍ਰਿਤਸਰ ਦਿਹਾਤੀ ਤੋਂ ਤਰਨਤਾਰਨ ਵੱਲ ਆ ਰਹੇ ਹਨ ਅਤੇ ਉਨ੍ਹਾਂ ਕੋਲ ਹਥਿਆਰ ਹਨ, ਜਿੰਨ੍ਹਾਂ ਨੂੰ ਉਹ ਸਪਲਾਈ ਕਰਨ ਜਾ ਰਹੇੇ ਹਨ। ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਸੁਖਦੇਵ ਸਿੰਘ ਅਤੇ ਸਰਬਣ ਕੁਮਾਰ ਨੇ ਪੁਲੀਸ ’ਤੇ ਹਮਲਾ ਕਰ ਦਿੱਤਾ। ਗੋਲੀਬਾਰੀ ਦੌਰਾਨ ਸੁਖਦੇਵ ਸਿੰਘ ਜ਼ਖਮੀ ਹੋ ਗਿਆ ਹੈ। -ਏਐਨਆਈ