ਤੇਲੀਪੁਰਾ ਵਿੱਚ ਗੈਰਕਾਨੂੰਨੀ ਕਲੋਨੀਆਂ ਢਾਹੀਆਂ
ਪੱਤਰ ਪ੍ਰੇਰਕ
ਯਮੁਨਾਨਗਰ, 15 ਨਵੰਬਰ
ਜ਼ਿਲ੍ਹਾ ਟਾਊਨ ਪਲਾਨਰ ਡੀਆਰ ਪਚੀਸੀਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਨਾਜਾਇਜ਼ ਕਲੋਨੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਹਰਿਆਣਾ ਵਿਕਾਸ ਅਤੇ ਸ਼ਹਿਰੀ ਖੇਤਰ ਸ਼ਹਿਰੀ ਐਕਟ 1975 ਦੇ ਤਹਿਤ ਦਾਦੂਪੁਰ-ਨਲਵੀ ਕੈਨਾਲ ਪੈਰੀਫਿਰਲ ਰੋਡ ’ਤੇ ਸਥਿਤ ਦੋ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹੁਣ ਦੀ ਮੁਹਿੰਮ ਸਫਲਤਾਪੂਰਵਕ ਚਲਾਈ ਗਈ। ਉਨ੍ਹਾਂ ਦੱਸਿਆ ਕਿ ਪਿੰਡ ਤੇਲੀਪੁਰਾ ’ਚ ਉਕਤ ਅਣ-ਅਧਿਕਾਰਤ ਕਲੋਨੀਆਂ ਦਾ ਰਕਬਾ ਡੇਢ ਏਕੜ ਦੇ ਕਰੀਬ ਹੈ। ਇਨ੍ਹਾਂ ਕਲੋਨੀਆਂ ਵਿੱਚ ਕੀਤੀ ਗਈ ਚਿਣਾਈ ਅਤੇ ਡੀਪੀਸੀ ਨੂੰ ਤੋੜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਾਰਵਾਈ ਦੇ ਦੌਰਾਨ ਨਾਇਬ ਤਹਿਸੀਲਦਾਰ ਅਭਿਨਵ ਕੁਮਾਰ ਨੂੰ ਡਿਊਟੀ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਅਤੇ ਥਾਣਾ ਸਦਰ ਜਗਾਧਰੀ ਵੱਲੋਂ ਪੁਲੀਸ ਫੋਰਸ ਮੁਹੱਈਆ ਕਰਵਾਈ ਗਈ। ਇਸ ਮੌਕੇ ਐੱਫਆਈ ਅਨਿਲ ਕੁਮਾਰ ਵੀ ਹਾਜ਼ਰ ਸਨ। ਜ਼ਿਲ੍ਹਾ ਯੋਜਨਾਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਣ-ਅਧਿਕਾਰਤ ਕਲੋਨੀਆਂ ਵਿੱਚ ਆਪਣੀ ਕਮਾਈ ਨਾ ਲਗਾਉਣ ਅਤੇ ਪਲਾਟ ਖਰੀਦਣ ਤੋਂ ਪਹਿਲਾਂ ਡੀਟੀਪੀ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਨਿਯੰਤਰਿਤ ਖੇਤਰ ਵਿੱਚ ਕੋਈ ਵੀ ਉਸਾਰੀ ਕਰਨ ਤੋਂ ਪਹਿਲਾਂ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਦੇ ਪੋਰਟਲ ਵਿੱਚ ਲੈਂਡ ਯੂਜ਼ ਚੇਂਜ ਪਰਮਿਸ਼ਨ ਲਈ ਅਪਲਾਈ ਕਰਨ ਅਤੇ ਹੋਰ ਜਾਣਕਾਰੀ ਲਈ ਜੇਕਰ ਲੋੜ ਹੋਵੇ ਤਾਂ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਟਾਊਨ ਪਲਾਨਰ ਦੇ ਦਫ਼ਤਰ ਵਿੱਚ ਸੰਪਰਕ ਕਰਨ।