ਗਰਭਵਤੀਆਂ ਅਤੇ ਬੱਚਿਆਂ ਦਾ ਟੀਕਾਕਰਨ
ਪੱਤਰ ਪ੍ਰੇਰਕ
ਮਾਨਸਾ, 6 ਨਵੰਬਰ
ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਮਮਤਾ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਪਿੰਡ ਦਲੇਲ ਸਿੰਘ ਵਾਲਾ ਵਿੱਚ ਮਮਤਾ ਦਿਵਸ ਦੌਰਾਨ ਦੱਸਿਆ ਕਿ ਗਰਭ ਅਵਸਥਾ ਦੌਰਾਨ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀ ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ, ਜਿਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪਣਾ ਰੁਟੀਨ ਚੈੱਕਅਪ ਸਬ ਸੈਂਟਰ ਦੀ ਏ.ਐੱਨ.ਐੱਮ. ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ। ਜ਼ਿਲ੍ਹਾ ਸਮੂਹ ਤੇ ਸਿੱਖਿਆ ਅਫ਼ਸਰ ਵਿਜੈ ਕੁਮਾਰ ਨੇ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਸਮੇਂ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ-ਸਮੇਂ ’ਤੇ ਗਰਭਵਤੀ ਔਰਤਾਂ ਦੀ ਕਾਊਂਸਲਿੰਗ ਕੀਤੀ ਜਾਂਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਨਵਜੰਮੇ ਬੱਚਿਆਂ ਨੂੰ ਸਰਕਾਰ ਵੱਲੋਂ ਬਣਾਏ ਗਏ ਸ਼ੈਡਿਊਲ ਅਨੁਸਾਰ ਸਮੇਂ ਸਿਰ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ।