ਨਵੇਂ ਸਾਲ ’ਚ ਕੇਂਦਰੀ ਕੈਬਨਿਟ ਦੇ ਫੈਸਲੇ ਕਿਸਾਨਾਂ ਨੂੰ ਸਮਰਪਿਤ: ਮੋਦੀ
ਨਵੀਂ ਦਿੱਲੀ, 1 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਬਾਰੇ ਕੇਂਦਰੀ ਕੈਬਨਿਟ ਨੇ ਨਵੇਂ ਸਾਲ ਦੇ ਪਹਿਲੇ ਦਿਨ ਹੀ ਕਿਸਾਨਾਂ ਲਈ ਕਈ ਅਹਿਮ ਫ਼ੈਸਲੇ ਲਏ ਹਨ। ਸ੍ਰੀ ਮੋਦੀ ਨੇ ਕਿਹਾ ਕਿ ਕੇਂਦਰੀ ਕੈਬਨਿਟ ਦੇ ਇਹ ਫੈਸਲੇ ਕਿਸਾਨਾਂ ਨੂੰ ਸਮਰਪਿਤ ਹਨ। ਕੇਂਦਰ ਨੇ ਕਿਸਾਨਾਂ ਨੂੰ ਸਸਤੇ ਭਾਅ ’ਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਯੱਕਮੁਸ਼ਤ ਵਿਸ਼ੇਸ਼ ਪੈਕੇਜ 31 ਦਸੰਬਰ, 2024 ਤੋਂ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਖ਼ਜ਼ਾਨੇ ’ਤੇ 3,850 ਕਰੋੜ ਰੁਪਏ ਦਾ ਬੋਝ ਪਏਗਾ, ਪਰ ਕਿਸਾਨਾਂ ਨੂੰ ਡੀਏਪੀ ਦੀ 50 ਕਿਲੋ ਵਜ਼ਨ ਦੀ ਬੋਰੀ 1,350 ਰੁਪਏ ’ਚ ਹੀ ਮਿਲੇਗੀ। ਸਰਕਾਰ ਨੇ ਦੋ ਫ਼ਸਲ ਬੀਮਾ ਯੋਜਨਾਵਾਂ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ (ਪੀਐੱਮਐੱਫਬੀਵਾਈ) ਅਤੇ ਪੁਨਰਗਠਿਤ ਮੌਸਮ ਆਧਾਰਿਤ ਫ਼ਸਲ ਬੀਮਾ ਯੋਜਨਾ (ਆਰਡਬਲਿਊਬੀਸੀਆਈਐੱਸ) ਨੂੰ 2025-26 ਤੱਕ ਵਧਾ ਦਿੱਤਾ ਹੈ। ਇਨ੍ਹਾਂ ਦੋਵਾਂ ਯੋਜਨਾਵਾਂ ਲਈ ਵਿੱਤੀ ਸਾਲ 2025-26 ਵਾਸਤੇ 69,515.71 ਕਰੋੜ ਰੁਪਏ ਦੀ ਰਕਮ ਰੱਖੀ ਗਈ ਹੈ। ਇਸੇ ਤਰ੍ਹਾਂ ਅਹਿਮ ਯੋਜਨਾਵਾਂ ਲਾਗੂ ਕਰਨ ਲਈ ਤਕਨਾਲੋਜੀ ਦੀ ਵਰਤੋਂ ਵਾਸਤੇ 824.77 ਕਰੋੜ ਰੁਪਏ ਦਾ ਇਕ ਵੱਖਰਾ ਫੰਡ ਬਣਾਇਆ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਕੈਬਨਿਟ ਵੱਲੋਂ ਲਏ ਉਪਰੋਕਤ ਫੈਸਲਿਆਂ ਦੇ ਹਵਾਲੇ ਨਾਲ ਕਿਹਾ ਕਿ ਨਵੇਂ ਸਾਲ ’ਚ ਸਰਕਾਰ ਦਾ ਪਹਿਲਾ ਫ਼ੈਸਲਾ ਕਿਸਾਨਾਂ ਨੂੰ ਸਮਰਪਿਤ ਹੈ। ਉਨ੍ਹਾਂ ‘ਐਕਸ’ ’ਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। -ਪੀਟੀਆਈ