ਗੁਰਬਾਣੀ ਦੀ ਮਨੁੱਖੀ ਜੀਵਨ ਵਿੱਚ ਅਹਿਮ ਭੂਮਿਕਾ: ਹਰਪ੍ਰੀਤ ਸਿੰਘ
ਪੱਤਰ ਪ੍ਰੇਰਕ
ਮਾਨਸਾ, 24 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਨਾਲ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਸਮੇਂ ਅੱਜ ਗੁਰਦੁਆਰਾ ਭਾਈ ਬਹਿਲੋ ਪਿੰਡ ਫਫੜੇ ਭਾਈਕੇ ਵਿਖੇ ਸਨਮਾਨ ਸਮਾਗਮ ਕੀਤਾ ਗਿਆ, ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੋਹਰੀ ਬੱਚਿਆਂ ਨੂੰ ਸਾਈਕਲਾਂ ਨਾਲ ਸਨਮਾਨਿਤ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਪਦਾਰਥਵਾਦੀ ਯੁੱਗ ਅੰਦਰ ਗੁਰਬਾਣੀ ਦੀ ਸਿੱਖਿਆ ਦਾ ਮਨੁੱਖੀ ਜੀਵਨ ਲਈ ਹੋਰ ਵੀ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਬੱਚੇ ਕੌਮ ਅਤੇ ਸਮਾਜ ਦਾ ਭਵਿੱਖ ਹਨ, ਜਿਨ੍ਹਾਂ ਨੂੰ ਨੈਤਿਕਤਾ ਨਾਲ ਜੋੜਨਾ ਬੇਹੱਦ ਅਹਿਮ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਕੈਂਪ ਦੌਰਾਨ ਮਿਲੀ ਸਿੱਖੀ ਦੀ ਪ੍ਰੇਰਣਾ ਨੂੰ ਅੱਗੇ ਪ੍ਰਚਾਰਨ ਦੀ ਅਪੀਲ ਵੀ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਅੰਦਰ ਕਰੀਬ 3500 ਬੱਚਿਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਅੰਦਰ ਇੱਕ ਮਹੀਨੇ ਤੋਂ ਤਿੰਨ ਗਰੁੱਪਾਂ ਵਿਚ ਗੁਰਮਤਿ ਕੈਂਪ ਲਗਾਏ ਗਏ ਸਨ, ਜਿਨ੍ਹਾਂ ਵਿਚੋਂ ਅਵੱਲ ਆਏ 9 ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਨਾਮ ਵਜੋਂ ਸਾਈਕਲ ਦੇਕੇ ਸਨਮਾਨਿਤ ਕੀਤਾ।
ਇਸ ਤੋਂ ਇਲਾਵਾ ਕੈਂਪਾਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਤਗ਼ਮੇ, ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਗਤਕਾ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ। ਇਸ ਮੌਕੇ ਮੋਹਨ ਸਿੰਘ ਬੰਗੀ, ਜਗਸੀਰ ਸਿੰਘ ਮਾਂਗੇਆਣਾ, ਸਰਬਜੀਤ ਸਿੰਘ ਢੋਟੀਆ ਤੇ ਰਣਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।