ਲੋਕਤੰਤਰ ਦੀ ਮਜ਼ਬੂਤੀ ਵਿੱਚ ਮੀਡੀਆ ਦੀ ਅਹਿਮ ਭੂਮਿਕਾ: ਜੌੜਾਮਾਜਰਾ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 27 ਜੂਨ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮੁਹਾਲੀ ਪ੍ਰੈਸ ਕਲੱਬ ਦੀ 25ਵੀਂ ਵਰ੍ਹੇਗੰਢ ਮੌਕੇ ਨਵੀਂ ਕਾਰਜਕਾਰਨੀ ਦੇ ਤਾਜਪੋਸ਼ੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਪ੍ਰੈੱਸ ਕਲੱਬ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ ਅਤੇ ਇਮਾਰਤ ਦੀ ਉਸਾਰੀ ਲਈ ਲੋੜੀਂਦੇ ਫੰਡ ਦਿੱਤੇ ਜਾਣਗੇ। ਜੌੜਾਮਾਜਰਾ ਨੇ ਐਲਾਨ ਕੀਤਾ ਕਿ ਜਦੋਂ ਪ੍ਰੈੱਸ ਕਲੱਬ ਲਈ ਜਗ੍ਹਾ ਦਾ ਪ੍ਰਬੰਧ ਹੋ ਜਾਵੇਗਾ ਤਾਂ ਉਹ ਅਗਲੇ ਕਾਰਜਾਂ ਵਿੱਚ ਯੋਗਦਾਨ ਵਜੋਂ 3 ਲੱਖ ਰੁਪਏ ਦੀ ਗਰਾਂਟ ਦੇਣਗੇ। ਉਨ੍ਹਾਂ ਕਿਹਾ ਕਿ ਅਸਲ ਮੀਡੀਆ ਉਹ ਹੈ ਜੋ ਹਮੇਸ਼ਾ ਲੋਕਾਂ ਦੀ ਗੱਲ ਕਰੇ ਅਤੇ ਸਮਾਜਿਕ ਤੇ ਧਾਰਮਿਕ ਵੰਡੀਆਂ ਪਾਉਣ ਦੀਆਂ ਸੂਚਨਾਵਾਂ ਤੋਂ ਗੁਰੇਜ਼ ਕਰੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵੀ ਪੋਸਟ ਪਾਉਣ ਤੋਂ ਪਹਿਲਾਂ ਉਸ ਦੀ ਜਾਂਚ ਯਕੀਨੀ ਬਣਾਈ ਜਾਵੇ। ਇਸ ਤੋਂ ਪਹਿਲਾਂ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਬਾਅਦ ਖੁਸ਼ੀਆਂ ਦਾ ਦੌਰ ਸ਼ੁਰੂ ਹੋਇਆ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਨੇ ਵੀ ਤਜਰਬੇ ਸਾਂਝੇ ਕੀਤੇ। ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਸਮਾਜ ਸੇਵਕਾ ਜਗਜੀਤ ਕੌਰ ਕਾਹਲੋਂ, ਨਰਿੰਦਰ ਸਿੰਘ ਸ਼ੇਰਗਿੱਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਹਾਲੀ ਪ੍ਰੈਸ ਕਲੱਬ ਦੇ ਗੁਰਮੀਤ ਸਿੰਘ ਸ਼ਾਹੀ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ ਨੇ ਪ੍ਰੈਸ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਉਂਦਿਆਂ ਮੁਹਾਲੀ ਵਿੱਚ ਪ੍ਰੈਸ ਕਲੱਬ ਲਈ ਢੁਕਵੀਂ ਥਾਂ ਮੁਹੱਈਆ ਕਰਵਾਉਣ ਅਤੇ ਫੰਡ ਜਾਰੀ ਕਰਨ ਦੀ ਮੰਗ ਕੀਤੀ।