For the best experience, open
https://m.punjabitribuneonline.com
on your mobile browser.
Advertisement

ਵਿਚਾਰਾਂ ਦੇ ਆਧਾਰ ’ਤੇ ਜੇਲ੍ਹ ਡੱਕਣਾ ਜਮਹੂਰੀ ਅਧਿਕਾਰਾਂ ਦੀ ਉਲੰਘਣਾ: ਉਗਰਾਹਾਂ

10:44 AM Sep 21, 2024 IST
ਵਿਚਾਰਾਂ ਦੇ ਆਧਾਰ ’ਤੇ ਜੇਲ੍ਹ ਡੱਕਣਾ ਜਮਹੂਰੀ ਅਧਿਕਾਰਾਂ ਦੀ ਉਲੰਘਣਾ  ਉਗਰਾਹਾਂ
ਸੰਗਰੂਰ ’ਚ ਬੀਕੇਯੂ ਏਕਤਾ (ਉਗਰਾਹਾਂ) ਦੇ ਝੰਡੇ ਹੇਠ ਰੋਸ ਮਾਰਚ ਕਰਦੇ ਹੋਏ ਕਿਸਾਨ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਸਤੰਬਰ
ਬੀਕੇਯੂ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਟਿੱਪਣੀਕਾਰ ਤੇ ਚਿੰਤਕ ਮਾਲਵਿੰਦਰ ਸਿੰਘ ਮਾਲੀ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਅੱਜ ਰੋਸ ਮਾਰਚ ਕੀਤਾ ਅਤੇ ਡੀਸੀ ਦਫ਼ਤਰ ਅੱਗੇ ਪੁੱਜ ਕੇ ਧਰਨਾ ਦਿੰਦਿਆਂ ਏਡੀਸੀ ਨੂੰ ਮੰਗ ਪੱਤਰ ਸੌਂਪਿਆ। ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਸਥਾਨਕ ਅਨਾਜ ਮੰਡੀ ਵਿਚ ਇਕੱਠੇ ਹੋਏ ਜਿੱਥੇ ਰੋਸ ਰੈਲੀ ਕੀਤੀ ਗਈ। ਇਸ ਉਪਰੰਤ ਕਿਸਾਨ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਪੁੱਜੇ ਅਤੇ ਧਰਨਾ ਲਗਾ ਦਿੱਤਾ।
ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਮੁਹਾਲੀ ਪੁਲੀਸ ਦੇ ਸੀਆਈਏ ਸਟਾਫ ਵੱਲੋਂ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਖ਼ਿਲਾਫ਼ ਕੇਸ ਦਰਜ ਕਰ ਕੇ ਜੇਲ੍ਹ ਭੇਜਣ ਦੀ ਕਾਰਵਾਈ ਦੀ ਜਥੇਬੰਦੀ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਾਲੀਆਂ ਸਰਕਾਰਾਂ ਦੀ ਤਰਜ਼ ’ਤੇ ‘ਆਪ’ ਸਰਕਾਰ ਵੀ ਜਬਰ ਕਰਨ ਦੇ ਰਾਹ ’ਤੇ ਉਤਰੀ ਹੋਈ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਜਥੇਬੰਦੀ ਦੀ ਵਿਚਾਰਧਾਰਾ/ਨੀਤੀ ਦੇ ਸ੍ਰੀ ਮਾਲੀ ਦੀਆਂ ਟਿੱਪਣੀਆਂ ਨਾਲ ਮੱਤਭੇਦ ਹਨ ਪਰ ਕਿਸੇ ਵੀ ਵਿਅਕਤੀ ਵਿਰੁੱਧ ਉਸ ਦੇ ਵਿਚਾਰਾਂ ਨੂੰ ਆਧਾਰ ਬਣਾ ਕੇ ਜੇਲ੍ਹ ਡੱਕਣਾ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਹੈ ਜਿਸ ਦਾ ਜਥੇਬੰਦੀ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਫ਼ੈਸਲੇ ਅਨੁਸਾਰ ਇਸ ਧੱਕੇਸ਼ਾਹੀ ਵਿਰੁੱਧ ਅੱਜ 20 ਜ਼ਿਲ੍ਹਿਆਂ ਵਿੱਚ ਮੁਜ਼ਾਹਰੇ ਕੀਤੇ ਗਏ ਹਨ ਤੇ ਮੰਗ ਕੀਤੀ ਹੈ ਕਿ ਸ੍ਰੀ ਮਾਲੀ ਵਿਰੁੱਧ ਦਰਜ ਕੀਤਾ ਕੇਸ ਤੁਰੰਤ ਰੱਦ ਕੀਤਾ ਜਾਵੇ ਅਤੇ ਤੁਰੰਤ ਰਿਹਾਅ ਕੀਤਾ ਜਾਵੇ।
ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਆਖ਼ਰ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਕਿਉਂਕਿ ਮਾਲੀ ਦੀ ਗ੍ਰਿਫ਼ਤਾਰੀ ਸਮੇਂ ਸੀਆਈਏ ਇੰਚਾਰਜ ਮੁਹਾਲੀ ਨੇ ਸ੍ਰੀ ਮਾਲੀ ਨੂੰ ਆਖਿਆ ਸੀ ਕਿ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਹੈ ਪਰ ਕੇਸ ਵਿਚ 199/296 ਬੀਐਨਐਸ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਕੇਸ ਦਰਜ ਕਰਾਉਣ ਵਾਲਾ ਮੁਹਾਲੀ ਦਾ ਪ੍ਰਾਪਰਟੀ ਡੀਲਰ ਤੇ ‘ਆਪ’ ਦਾ ਮੈਂਬਰ ਹੈ। ਆਗੂਆਂ ਨੇ ਮੰਗ ਕੀਤੀ ਕਿ ਮਾਲੀ ਖ਼ਿਲਾਫ਼ ਦਰਜ ਕੇਸ ਰੱਦ ਕਰਕੇ ਤੁਰੰਤ ਰਿਹਾਅ ਕੀਤਾ ਜਾਵੇ।
ਇਸ ਮੌਕੇ ਯੂਨੀਅਨ ਆਗੂ ਬਹਾਲ ਸਿੰਘ ਢੀਂਡਸਾ, ਅਜੈਬ ਸਿੰਘ ਲੱਖੇਵਾਲ, ਮਨਜੀਤ ਸਿੰਘ ਘਰਾਚੋਂ, ਜਸਵੰਤ ਸਿੰਘ ਤੋਲਾਵਾਲ, ਭਰਪੂਰ ਸਿੰਘ ਮੌੜਾਂ, ਰਣਜੀਤ ਸਿੰਘ ਲੌਂਗੋਵਾਲ, ਹਰਪਾਲ ਸਿੰਘ ਪੇਧਨੀ ਆਦਿ ਮੌਜੂਦ ਸਨ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਬੀਕੇਯੂ ਏਕਤਾ (ਉਗਰਾਹਾਂ) ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਮਾਲੇਰਕੋਟਲਾ ਵਿੱਚ ਮੁਜ਼ਾਹਰਾ ਕੀਤਾ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਵਿਰੁੱਧ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਮਾਲੀ ਵਿਰੁੱਧ ਦਰਜ ਕੇਸ ਖ਼ਿਲਾਫ਼ ਦਾਣਾ ਮੰਡੀ ਵਿੱਚੋਂ ਇਕੱਠੇ ਹੋ ਕੇ ਬਾਜ਼ਾਰ ਵਿੱਚ ਦੀ ਹੁੰਦੇ ਹੋਏ ਡੀਸੀ ਦਫ਼ਤਰ ਤੱਕ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਲੀ ਵਿਰੁੱਧ ਦਰਜ ਕੇਸ ਰੱਦ ਕਰ ਕੇ ਤੁਰੰਤ ਰਿਹਾਅ ਕੀਤਾ ਜਾਵੇ। ਧਰਨੇ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਭੁਰਥਲਾ, ਜ਼ਿਲ੍ਹਾ ਪ੍ਰੈਸ ਸਕੱਤਰ ਨਿਰਮਲ ਸਿੰਘ ਅਲੀਪੁਰ, ਜ਼ਿਲ੍ਹਾ ਖਜਾਨਚੀ ਰਵਿੰਦਰ ਸਿੰਘ ਕਾਸਾਪੁਰ ਆਦਿ ਆਗੂਆਂ ਨੇ ਸੰਬੋਧਨ ਕੀਤਾ। ਮੁਜ਼ਾਹਰੇ ਵਿੱਚ ਕਿਸਾਨ ਮਜ਼ਦੂਰ ਅਤੇ ਔਰਤਾਂ ਸ਼ਾਮਲ ਹੋਏ।

Advertisement

ਮਾਲੀ ਦੀ ਰਿਹਾਈ ਲਈ ਡੀ.ਸੀ ਰਾਹੀਂ ਸਰਕਾਰ ਨੂੰ ਮੰਗ ਪੱਤਰ ਵੀ ਭੇਜੇ

ਪਟਿਆਲਾ (ਖੇਤਰੀ ਪ੍ਰਤੀਨਿਧ): ਮਨੁੱਖੀ ਅਧਿਕਾਰਾਂ ਦੇ ਹਾਮੀ, ਚਿੰਤਕ ਅਤੇ ਪੱਤਰਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਪਿਛਲੇ ਦਿਨੀਂ ਮੁਹਾਲੀ ਪੁਲੀਸ ਵੱਲੋਂ ਪਟਿਆਲਾ ਤੋਂ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਬੀਕੇਯੂ ਏਕਤਾ (ਉਗਰਾਹਾਂ) ਅਤੇ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਅੱਜ ਰੋਸ ਮਾਰਚ ਅਤੇ ਪ੍ਰ੍ਰਦਰਸ਼ਨ ਕੀਤੇ ਗਏ। ਡੀਸੀ ਦਫ਼ਤਰ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਗਈ। ਇਕੱਤਰਤਾ ਵਿੱਚ ਸ੍ਰੀ ਮਾਲੀ ਦੇ ਭਰਾ ਪੱਤਰਕਾਰ ਰਣਜੀਤ ਗਰੇਵਾਲ ਸ਼ਾਮਲ ਹੋਏ। ਜਮਹੂਰੀ ਅਧਿਕਾਰ ਸਭਾ, ਡੈਮੋਕ੍ਰੈਟਿਕ ਮਗਨਰੇਗਾ ਫਰੰਟ, ਪੀਡਬਲਿਊਡੀ ਫੀਲਡ ਤੇ ਵਰਕਸ਼ਾਪ ਮੁਲਾਜ਼ਮ ਯੂਨੀਅਨ, ਤਰਕਸ਼ੀਲ ਸੁਸਾਇਟੀ, ਗੈਸ ਏਜੰਸੀ ਵਰਕਰ ਯੂਨੀਅਨ, ਬੀਕੇਯੂ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬੀਕੇਯੂ ਕ੍ਰਾਂਤੀਕਾਰੀ, ਕਿਰਤੀ ਕਿਸਾਨ ਯੂਨੀਅਨ, ਡੈਮੋਕ੍ਰੈਟਿਕ ਲਾਇਰਜ਼ ਐਸੋਸੀਏਸ਼ਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਇਸਤਰੀ ਜਾਗ੍ਰਿਤੀ ਮੰਚ, ਪੀਐਸਯੂ ਲਲਕਾਰ, ਬੀਕੇਯੂ ਲੱਖੋਵਾਲ ਆਦਿ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਮਾਲੀ ਵਿਰੁੱਧ ਕਾਰਵਾਈ ਨੂੰ ਹੱਕ ਤੇ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਇਸੇ ਤਰ੍ਹਾਂ ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਦਿੱਤੇ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਬਰਾਸ ਨੇ ਕੀਤੀ। ਇਸ ਦੌਰਾਨ ਬਲਰਾਜ ਜੋਸ਼ੀ, ਹਰਦੇਵ ਘੱਗਾ, ਹਰਦੀਪ ਡਰੌਲੀ, ਭਰਭੂਰ ਗਾਜੇਵਾਸ, ਅਵਤਾਰ ਬੁਰੜ, ਮੋਹਨ ਸਿੰਘ ਅਤੇ ਪ੍ਰੋ. ਕੁਲਦੀਪ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ।

Advertisement

Advertisement
Author Image

sukhwinder singh

View all posts

Advertisement