ਸਿਟੀ ਬਿਊਟੀਫੁੱਲ ’ਚ ਹਵਾ ਦੀ ਗੁਣਵੱਤਾ ’ਚ ਸੁਧਾਰ
ਆਤਿਸ਼ ਗੁਪਤਾ
ਚੰਡੀਗੜ੍ਹ, 15 ਨਵੰਬਰ
ਸਿਟੀ ਬਿਊਟੀਫੁਲ ਚੰਡੀਗੜ੍ਹ ਦੀ ਹਵਾ ਲੰਘੇ ਦਿਨ ਦੇਸ਼ ਵਿੱਚ ਸਭ ਤੋਂ ਪ੍ਰਦੂਸ਼ਿਤ ਹਵਾ ਵਜੋਂ ਦਰਜ ਕੀਤੀ ਗਈ ਸੀ, ਪਰ ਅੱਜ ਇਸ ਵਿੱਚ ਸੁਧਾਰ ਹੁੰਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਹਾਲੇ ਵੀ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਬਹੁਤ ਮਾੜੀ ਦਰਜ ਕੀਤੀ ਜਾ ਰਹੀ ਹੈ, ਪਰ ਲੰਘੇ ਦਿਨ ਦੇ ਮੁਕਾਬਲੇ ਕਾਫ਼ੀ ਸਾਫ਼ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰੇ 12 ਵਜੇ ਦੇ ਕਰੀਬ ਸ਼ਹਿਰ ਦੀ ਹਵਾ ਦੀ ਔਸਤਨ ਗੁਣਵੱਤਾ (ਏਕਿਊਆਈ) 327 ਦਰਜ ਕੀਤੀ ਗਈ ਹੈ ਜਦੋਂਕਿ ਲੰਘੇ ਦਿਨ ਇਸੇ ਸਮੇਂ ਏਕਿਊਆਈ 427 ਦਰਜ ਕੀਤਾ ਗਿਆ ਸੀ। ਅੱਜ ਸ਼ਾਮ ਹੁੰਦਿਆਂ ਇਹ ਘਟ ਕੇ 309 ’ਤੇ ਪਹੁੰਚ ਗਿਆ।
ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰੇ 12 ਵਜੇ ਦੇ ਕਰੀਬ ਚੰਡੀਗੜ੍ਹ ਦੇ ਸੈਕਟਰ-25 ਵਿੱਚ 365, ਸੈਕਟਰ-22 ਵਿੱਚ 297 ਅਤੇ ਸੈਕਟਰ-53 ਵਿੱਚ 290 ਦਰਜ ਕੀਤਾ ਹੈ। ਇਸੇ ਤਰ੍ਹਾਂ ਸ਼ਾਮ ਸਮੇਂ ਸੈਕਟਰ-25 ਵਿੱਚ 352, ਸੈਕਟਰ-22 ਵਿੱਚ 289 ਤੇ ਸੈਕਟਰ-53 ਵਿੱਚ 285 ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਦੂਸ਼ਣ ਰੋਕਥਾਮ ਕਮੇਟੀ ਨੇ ਹਵਾ ਗੁਣਵੱਤਾ ਦਾ ਮੁੱਖ ਕਾਰਨ ਅੱਜ ਛੁੱਟੀ ਕਰ ਕੇ ਸ਼ਹਿਰ ਵਿੱਚ ਸੜਕੀ ਆਵਾਜਾਈ ਨੂੰ ਘੱਟ ਹੋਣਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਾਲੇ ਵੀ ਸ਼ਹਿਰ ਦੀ ਹਾਲਤ ਆਮ ਦਿਨਾਂ ਦੇ ਮੁਕਾਬਲੇ ਵਧੇਰੇ ਗੰਭੀਰ ਹੈ। ਇਸ ਲਈ ਸਾਰਿਆਂ ਨੂੰ ਚੌਕਸੀ ਰੱਖਣ ਦੀ ਜ਼ਰੂਰਤ ਹੈ। ਦੂਜੇ ਪਾਸੇ, ਚੰਡੀਗੜ੍ਹ ਦੇ ਸਿਹਤ ਵਿਭਾਗ ਨੇ ਲੋਕਾਂ ਨੂੰ ਮਾਸਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ।
ਸ਼ਹਿਰ ਵਿੱਚ ਰਾਤਾਂ ਹੋਈਆਂ ਠੰਢੀਆਂ
ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਨਵੰਬਰ ਮਹੀਨੇ ਦੇ ਅੱਧ ਵਿੱਚ ਠੰਢ ਦੇ ਦਸਤਕ ਦੇ ਦਿੱਤੀ ਹੈ। ਸ਼ਹਿਰ ਵਿੱਚ ਰਾਤਾਂ ਠੰਢੀਆਂ ਹੋ ਗਈਆਂ ਹਨ ਜਦੋਂਕਿ ਦਿਨ ਹਾਲੇ ਗਰਮ ਹਨ। ਇਸ ਤੋਂ ਇਲਾਵਾ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 25.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 1.5 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਗਿਆਨੀਆਂ ਨੇ ਅਗਲੇ ਚਾਰ ਦਿਨ ਸ਼ਹਿਰ ਵਿੱਚ ਬੱਦਲਵਾਈ ਤੇ ਮੱਧਮ ਧੁੰਦ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।
ਲੋਕਾਂ ਨੂੰ ਮਾਸਕ ਪਾਉਣ ਦੀ ਸਲਾਹ
ਪੰਚਕੂਲਾ (ਪੀਪੀ ਵਰਮਾ): ਪੰਚਕੂਲਾ ਜ਼ਿਲ੍ਹੇ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ 306 ਦੇ ਅੰਕੜੇ ਨੂੰ ਪਾਰ ਕਰ ਗਿਆ। ਇਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਡਾਕਟਰਾਂ ਨੇ ਬਾਹਰ ਜਾਣ ’ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ।