ਇਸਲਾਮਾਬਾਦ, 17 ਜੁਲਾਈਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐੱਮਐੱਲ-ਐੱਨ) ਦੁਚਿੱਤੀ ’ਚ ਫਸ ਗਈ ਹੈ ਕਿਉਂਕਿ ਇਸ ਦੇ ਆਗੂਆਂ ਨੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ‘ਤਹਿਰੀਕ-ਏ-ਇਨਸਾਫ਼’ ਪਾਰਟੀ ’ਤੇ ਪਾਬੰਦੀ ਲਾਉਣ ਦੇ ਮੁੱਦੇ ’ਤੇ ਰਲੇ ਮਿਲੇ ਸੰਕੇਤ ਦਿੱਤੇ ਹਨ ਅਤੇ ਇਸ ਕਦਮ ਦੀ ਪਾਰਟੀ ਦੇ ਦੋਸਤਾਂ ਤੇ ਦੁਸ਼ਮਣਾਂ ਨੇ ਆਲੋਚਨਾ ਕੀਤੀ ਹੈ। ਇਸ ਮੁੱਦੇ ’ਤੇ ਪਾਰਟੀ ’ਚ ਫੁੱਟ ਸਾਫ਼ ਦਿਖਾਈ ਦੇ ਰਹੀ ਹੈ ਕਿਉਂਕਿ ਇੱਕ ਸੀਨੀਅਰ ਨੇਤਾ ਨੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੈ। ਅਖ਼ਬਾਰ ‘ਐਕਸਪ੍ਰੈੱਸ ਟ੍ਰਿਬਿਊਨ’ ਵੱਲੋੋਂ ਅੱਜ ਪ੍ਰਕਾਸ਼ਿਤ ਖ਼ਬਰ ਮੁਤਾਬਕ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਇੱਕ ਮੈਂਬਰ ਨੇ ਦਾਅਵਾ ਕੀਤਾ ਹੈ ਕਿ ਪੀਟੀਆਈ ਦੇ ਆਗੂਆਂ ’ਤੇ ਧਾਰਾ 6 ਤਹਿਤ ਦੇਸ਼ਧ੍ਰੋਹ ਦਾ ਮੁਕੱਦਮਾ ਚਲਾਉਣ ਲਈ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ’ਚ ਭੇਜ ਦਿੱਤਾ ਗਿਆ ਹੈ। ਜਦਕਿ ਉਪ ਪ੍ਰਧਾਨ ਮੰਤਰੀ ਇਸ਼ਾਕ ਡਾਰ ਨੇ ਕਿਹਾ ਕਿ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ, ਜਿਸ ਨੇ ਸਾਰਿਆਂ ਨੂੰ ਦੁਚਿੱਤੀ ’ਚ ਪਾ ਦਿੱਤਾ ਹੈ। ਹਾਲਾਂਕਿ ਰੱਖਿਆ ਮੰਤਰੀ ਖਵਾਜ਼ਾ ਆਸਿਫ਼ ਨੇ ਫ਼ੈਸਲੇ ਦਾ ਬਚਾਅ ਕੀਤਾ ਤੇ ਆਖਿਆ ਕਿ ਸਾਰੀਆਂ ਸਹਿਯੋਗੀ ਪਾਰਟੀਆਂ ਨਾਲ ਸਲਾਹ ਮਸ਼ਵਰੇ ਮਗਰੋਂ ਇਸ ਫ਼ੈਸਲੇ ਨੂੰ ਸੰਸਦ ’ਚ ਰੱਖਿਆ ਜਾਵੇਗਾ। -ਪੀਟੀਆਈ