ਅਮਰੀਕਾ ’ਚ ਸੋੋਸ਼ਲ ਮੀਡੀਆ ਕਾਰਨ ਬੱਚਿਆਂ ’ਤੇ ਮਾੜੇ ਅਸਰ ਖ਼ਿਲਾਫ਼ 33 ਸੂਬਿਆਂ ਨੇ ਮੇਟਾ ’ਤੇ ਮੁਕੱਦਮਾ ਕੀਤਾ
ਵਾਸ਼ਿੰਗਟਨ, 25 ਅਕਤੂਬਰ
ਨਿਊਯਾਰਕ ਅਤੇ ਕੈਲੀਫੋਰਨੀਆ ਸਮੇਤ ਅਮਰੀਕਾ ਦੇ ਕਈ ਰਾਜਾਂ ਨੇ ਮੇਟਾ ਪਲੇਟਫਾਰਮ ਇੰਕ ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਹ ਜਾਣ ਬੁੱਝ ਕੇ ਇੰਸਟਾਗ੍ਰਾਮ ਅਤੇ ਫੇਸਬੁੱਕ ਲਈ ਅਜਿਹੇ ਫੀਚਰ ਤਿਆਰ ਕਰ ਰਹੇ ਹਨ, ਜੋ ਬੱਚਿਆਂ ਨੂੰ ਕੰਪਨੀ ਦੇ ਸੋਸ਼ਲ ਮੀਡੀਆ ਪਲੇਟਫਾਰਮ ਦੇ ਆਦੀ ਬਣਾਉਂਦੇ ਹਨ ਅਤੇ ਨੌਜਵਾਨਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਤੇ ਨਾਲ ਹੀ ਉਨ੍ਹਾਂ ਵਿੱਚ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਪੈਦਾ ਕਰਦੇ ਹਨ। 33 ਰਾਜਾਂ ਦੀ ਤਰਫੋਂ ਕੈਲੀਫੋਰਨੀਆ ਦੀ ਸੰਘੀ ਅਦਾਲਤ ਵਿੱਚ ਦਾਇਰ ਕੀਤੇ ਮੁਕੱਦਮੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੇਟਾ ਨਿਯਮ ਦੀ ਉਲੰਘਣਾ ਕਰਦੇ ਹੋਏ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਡਾਟਾ ਉਨ੍ਹਾਂ ਦੇ ਮਾਪਿਆਂ ਦੀ ਸਹਿਮਤੀ ਤੋਂ ਬਿਨਾ ਇਕੱਠਾ ਕਰਦੀ ਹੈ। ਇਸ ਤੋਂ ਇਲਾਵਾ ਨੌਂ ਅਟਾਰਨੀ ਜਨਰਲ ਵੀ ਆਪੋ-ਆਪਣੇ ਸੂਬਿਆਂ ਵਿੱਚ ਮੇਟਾ ਵਿਰੁੱਧ ਮੁਕੱਦਮੇ ਦਾਇਰ ਕਰ ਰਹੇ ਹਨ, ਜਿਸ ਨਾਲ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਵਾਲੇ ਸੂਬਿਆਂ ਦੀ ਗਿਣਤੀ 41 ਹੋ ਗਈ ਹੈ। ਇਸ ਦੌਰਾਨ ਮੇਟਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਕੰਪਨੀ ਇਹ ਇੰਟਰਨੈੱਟ 'ਤੇ ਅੱਲੜਾਂ ਨੂੰ ਸੁਰੱਖਿਅਤ ਅਤੇ ਸਕਾਰਾਤਮਕ ਅਨੁਭਵ ਪ੍ਰਦਾਨ ਕਰਨ ਲਈ ਅਟਾਰਨੀ ਜਨਰਲ ਦੀ ਵਚਨਬੱਧਤਾ ਦਾ ਸਮਰਥਨ ਕਰਦਾ ਹੈ। ਕੰਪਨੀ ਨੇ ਅੱਲੜਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਪਹਿਲਾਂ ਹੀ 30 ਤੋਂ ਵੱਧ ਟੂਲ ਜਾਰੀ ਕਰ ਚੁੱਕੀ ਹੈ।