ਬਠਿੰਡਾ ਜ਼ਿਲ੍ਹੇ ’ਚ ਪਰਾਲੀ ਸਾੜਨ ਦੇ ਮਾਮਲੇ 75 ਫੀਸਦੀ ਘਟੇ: ਡੀਸੀ
ਸ਼ਗਨ ਕਟਾਰੀਆ/ਰਾਜਿੰਦਰ ਸਿੰਘ ਮਰਾਹੜ
ਬਠਿੰਡਾ/ਭਗਤਾ ਭਾਈ, 20 ਨਵੰਬਰ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐੱਸਐੱਸਪੀ ਬਠਿੰਡਾ ਅਮਨੀਤ ਕੌਂਡਲ ਨੇ ਅੱਜ ਪਰਾਲੀ ਪ੍ਰਬੰਧਨ ਅਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਪਿੰਡ ਮਹਿਰਾਜ, ਗੁਰੂਸਰ ਅਤੇ ਪਿਪਲੀ ਕੋਠੇ ਦੇ ਖੇਤਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਪਿੰਡ ਮਹਿਰਾਜ ਦੇ ਰਕਬੇ ਵਿਚਲੇ ਇੱਕ ਖੇਤ ’ਚ ਪਰਾਲੀ ਨੂੰ ਕਿਸਾਨ ਵੱਲੋਂ ਲਾਈ ਅੱਗ ਨੂੰ ਪੁਲੀਸ ਦੇ ਜਵਾਨਾਂ ਨੇ ਮੁਸ਼ੱਕਤ ਕਰਕੇ ਬੁਝਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਆਧੁਨਿਕ ਮਸ਼ੀਨਾਂ ਉਪਲਬਧ ਹਨ ਅਤੇ ਕਿਸਾਨਾਂ ਨੂੰ ਇਹ ਮਸ਼ੀਨਾਂ ਮੁਹੱਈਆ ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਕਾਨੂੰਨੀ ਦਾਇਰੇ ’ਚ ਰਹਿ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਈ ਹੈ, ਉਨ੍ਹਾਂ ਦੀਆਂ ਜਮ੍ਹਾ ਬੰਦੀਆਂ ਵਿੱਚ ਲਾਲ ਐਂਟਰੀ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਹੋਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਅਹਿਮ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਵਰ੍ਹੇ ਪਿਛਲੇ ਸਾਲ ਨਾਲੋਂ 75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਗਿਰਾਵਟ ਆਈ ਹੈ। ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਪੁਲੀਸ ਵਿਭਾਗ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਸਬੰਧੀ ਹੁਣ ਤੱਕ ਜ਼ਿਲ੍ਹੇ ਅੰਦਰ 302 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ।