ਕਿਸਾਨ ਸੰਘਰਸ਼ ਦੇ ਹੱਕ ਵਿੱਚ ਭਾਜਪਾ ਦੇ ਹਲਕਾ ਇੰਚਾਰਜ ਨੇ ਪਾਰਟੀ ਛੱਡੀ
ਮਹਿੰਦਰ ਸਿੰਘ ਰੱਤੀਆਂ
ਮੋਗਾ, 16 ਫ਼ਰਵਰੀ
ਇੱਥੇ ਧਰਮਕੋਟ ਤੋਂ ਭਾਜਪਾ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇੱਥੇ ਪ੍ਰੈੱਸ ਕਾਨਫਰੰਸ ਵਿੱਚ ਕਿਸਾਨਾਂ ਦੀ ਹਮਾਇਤ ਵਿੱਚ ਪਾਰਟੀ ਛੱਡਣ ਦੀ ਗੱਲ ਆਖਦਿਆਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਉੱਤੇ ਜੋ ਜ਼ੁਲਮ ਢਾਹਿਆ ਜਾ ਰਿਹਾ ਹੈ ਉਹ ਮੰਦਭਾਗਾ ਹੀ ਨਹੀਂ ਬਹੁਤ ਨਿੰਦਣਯੋਗ ਹੈ। ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਸੇ ਦਾ ਨਾਮ ਲਏ ਬਿਨਾਂ ਇਸ਼ਾਰਾ ਕੀਤਾ ਕਿ ਭਾਜਪਾ ਦੇ ਹੋਰ ਕਈ ਵੱਡੇ ਆਗੂ ਵੀ ਪਾਰਟੀ ਛੱਡ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪਿਛਲੇ ਕਰੀਬ 10 ਸਾਲਾਂ ਤੋਂ ਕੇਂਦਰ ਦੀ ਸੱਤਾ ਵਿੱਚ ਹੈ। ਉਨ੍ਹਾਂ ਕਈ ਵਾਰ ਹਾਂ-ਪੱਖੀ ਸੁਝਾਅ ਵੀ ਭੇਜੇ ਹਨ ਪਰ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਆਦਿ ਦੀ ਬਿਹਤਰੀ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਪਰਿਵਾਰ ਤੇ ਸਮਰਥਕਾਂ ਦੀ ਸਲਾਹ ਨਾਲ ਕਿਸੇ ਸਿਆਸੀ ਪਾਰਟੀ ਵਿਚ ਸ਼ਾਮਲ ਹੋਣਗੇ।
ਸੂਤਰਾਂ ਦੀ ਮੰਨੀਏ ਤਾਂ ਭਾਜਪਾ ਵੱਲੋਂ ਡਾ. ਸੀਮਾਂਤ ਗਰਗ ਨੂੰ ਪਾਰਟੀ ਦਾ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਾਉਣ ਤੋਂ ਬਾਅਦ ਪਾਰਟੀ ਅੰਦਰਲੀ ਫੁੱਟ ਤੇਜ਼ ਹੋ ਗਈ ਸੀ। ਭਾਜਪਾ ਵਿੱਚ ਸ਼ਾਮਲ ਹੋਏ ਇੱਕ ਹੋਰ ਆਗੂ ਨੇ ਰਵਿੰਦਰ ਸਿੰਘ ਰਵੀ ਗਰੇਵਾਲ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਸੀ ਪਰ ਸਫ਼ਲਤਾ ਨਹੀਂ ਮਿਲੀ। ਦੱਸਣਯੋਗ ਹੈ ਕਿ ਸਾਲ 2022 ਦੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਸੀ। ਮਗਰੋਂ ਉਹ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।
ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਟਿਕਟ ਉੱਤੇ ਧਰਮਕੋਟ ਹਲਕੇ ਤੋਂ ਵਿਧਾਨ ਸਭਾ ਚੋਣ ਲੜੀ ਸੀ।