ਮਾਨਸਾ ’ਚ ਮੀਂਹ ਨੇ ਖੋਲ੍ਹੀ ਨਿਕਾਸੀ ਪ੍ਰਬੰਧਾਂ ਦੀ ਪੋਲ
ਜੋਗਿੰਦਰ ਸਿੰਘ ਮਾਨ
ਮਾਨਸਾ, 10 ਸਤੰਬਰ
ਇਥੇ ਅੱਜ ਪਏ ਮੀਂਹ ਨੇ ਸ਼ਹਿਰ ਨੂੰ ਜਲਥਲ ਕਰ ਦਿੱਤਾ। ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਸਾਰੇ ਪ੍ਰਬੰਧ ਧਰੇ-ਧਰਾਏ ਰਹਿ ਗਏ। ਸ਼ਹਿਰ ਵਿਚ ਚਾਰ-ਚੁਫੇਰੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਸੀ। ਉਧਰ ਸਕੂਲ ਛੁੱਟੀ ਤੋਂ ਬਾਅਦ ਵਿਦਿਆਰਥੀਆਂ ਨੂੰ ਮੀਂਹ ਦੇ ਇਸ ਖੜ੍ਹੇ ਪਾਣੀ ਵਿੱਚੋਂ ਲੰਘਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੇ ਮੁੱਖ ਬਜ਼ਾਰ ਦੀਆਂ ਦੁਕਾਨਾਂ ਦਿਨ ਛਿਪਣ ਤੋਂ ਪਹਿਲਾਂ ਹੀ ਬੰਦ ਹੋ ਗਈ।
ਦੁਪਹਿਰ ਵੇਲੇ ਪੈਣ ਲੱਗੇ ਇਸ ਮੀਂਹ ਨਾਲ ਮਾਨਸਾ ਦੀਆਂ ਸਾਰੀਆਂ ਨੀਵੀਂਆਂ ਬਸਤੀਆਂ ਵਿਚ ਪਾਣੀ ਭਰ ਗਿਆ, ਪਾਣੀ ਦੇ ਠੀਕ ਨਿਕਸ ਨਾ ਹੋਣ ਕਾਰਨ ਭਰੀਆਂ ਗਲੀਆਂ ਤੋਂ ਬਾਅਦ ਕਈ ਮੁਹੱਲਿਆਂ ਵਿਚ ਲੋਕਾਂ ਦੇ ਘਰਾਂ ਵਿਚ ਪਾਣੀ ਦਾਖ਼ਲ ਹੋ ਗਿਆ। ਲੋਕੀ ਇਸ ਸਬੰਧੀ ਲੋੜੀਂਦੇ ਬੰਦੋਬਸਤ ਕਰਦੇ ਹੋਏ ਪ੍ਰਸ਼ਾਸਨ ਨੂੰ ਕੋਸ ਰਹੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਹਰ ਵਾਰ ਬਾਰਿਸ਼ਾਂ ਦੇ ਦਿਨਾਂ ਦੌਰਾਨ ਸ਼ਹਿਰ ਦਾ ਬੁਰਾ ਹਾਲ ਹੋ ਜਾਂਦਾ ਹੈ, ਫਿਰ ਕਿਉਂ ਨਹੀਂ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਂਦੇ।
ਸ਼ਹਿਰ ਵਿਚ ਸਭ ਤੋਂ ਮਾੜਾ ਹਾਲ ਵੀਰ ਨਗਰ ਮੁਹੱਲੇ ਦਾ ਹੈ, ਜਿੱਥੋਂ ਦੇ ਲੋਕੀ ਹਰ ਵਾਰ ਬਾਰਸ਼ ਤੋਂ ਬਾਅਦ ਵੱਡਾ ਸੰਤਾਪ ਭੋਗਦੇ ਹਨ। ਇਥੋਂ ਦੇ ਵਸਿੰਦਿਆਂ ਨੇ ਲੰਬੇ ਅਰਸੇ ਤੋਂ ਪਾਣੀ ਦੇ ਨਿਕਾਸ ਨੂੰ ਲੈਕੇ ਦੁਹਾਈ ਦਿੱਤੀ ਜਾ ਰਹੀ ਹੈ,ਪਰ ਉਨ੍ਹਾਂ ਨੂੰ ਅਜੇ ਕੋਈ ਹੱਲ ਨਜ਼ਰ ਨਹੀਂ ਆ ਰਿਹਾ ਹੈ। ਸੰਵਿਧਾਨ ਬਚਾਓ ਮੰਚ ਦੇ ਆਗੂ ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਕਿਹਾ ਕਿ ‘ਆਪ’, ਅਕਾਲੀ-ਕਾਂਗਰਸੀ ਲੀਡਰ ਸ਼ਹਿਰ ਦਾ ਵਿਕਾਸ ਕਰਨ ਦੀਆਂ ਡੀਂਗਾਂ ਮਾਰ ਰਹੇ ਨੇ,ਪਰ ਇਸ ਮੀਂਹ ਕਾਰਨ ਸ਼ਹਿਰ ਅੰਦਰ ਥਾਂ-ਥਾਂ ਪਾਣੀ ਖੜ੍ਹ ਗਿਆ ਹੈ।