ਪੰਜਾਬ ’ਚ ਭਾਜਪਾ ਨੂੰ ਨਹੀਂ, ਅਕਾਲੀ ਦਲ ਨੂੰ ਗੱਠਜੋੜ ਦੀ ਲੋੜ: ਬੁੱਟਰ
ਨਿੱਜੀ ਪੱਤਰ ਪ੍ਰੇਰਕ
ਬਟਾਲਾ, 9 ਜੁਲਾਈ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਭਾਜਪਾ ਨੂੰ ਗਠਜੋੜ ਦੀ ਜ਼ਰੂਰਤ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਨੂੰ ਲੋੜ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਆਧਾਰ ਨੂੰ ਮੁੜ ਤੋਂ ਬਹਾਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸੱਤਾ ਦੌਰਾਨ ਜੋ ਮਨਮਾਨੀਆਂ ਤੇ ਭ੍ਰਿਸ਼ਟਾਚਾਰ ਕੀਤਾ ਹੈ, ਉਹ ਪੰਜਾਬ ਦੇ ਲੋਕ ਭੁੱਲੇ ਨਹੀਂ ਹਨ। ਸ੍ਰੀ ਬੁੱਟਰ ਨੇ ਦੱਸਿਆ ਕਿ ਹੁਣ ਅਕਾਲੀ ਦਲ ਆਪਣੀ ਸਾਖ ਮੁੜ ਤੋਂ ਬਹਾਲ ਕਰਨ ਲਈ ਤਰਲੋਮੱਛੀ ਹੋ ਰਿਹਾ ਹੈ, ਜਦੋਂਕਿ ਅਸਲੀਅਤ ਇਹ ਹੈ ਕਿ ਪੰਜਾਬ ਦੇ ਬਾਸ਼ਿੰਦਿਆਂ ਨੇ ਅਕਾਲੀ ਦਲ ਤੋਂ ਮੂੰਹ ਫੇਰ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕਈ ਪੁਰਾਣੇ ਟਕਸਾਲੀ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀਆਂ ਨੀਤੀਆਂ ਦੇ ਵਿਰੋਧ ਵਿਚ ਪਾਰਟੀ ਛੱਡ ਕੇ ਭਾਜਪਾ ਵਿਚ ਆਉਣ ਦਾ ਮਨ ਬਣਾਈ ਬੈਠੇ ਹਨ। ਬੁੱਟਰ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਅਤੇ ਵਿਜੈ ਰੁਪਾਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਬਣੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸੂਬਾਈ ਇਚਾਰਜ ਵਿਜੈ ਰੁਪਾਣੀ ਵੱਲੋਂ ਆਗਾਮੀ ਲੋਕ ਸਭਾ ਚੋਣਾ ’ਚ ਸੂਬੇ ’ਚ 13 ਲੋਕ ਸਭਾ ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਜੋ ਫ਼ੈਸਲਾ ਲਿਆ ਹੈ, ਉਹ ਸਵਾਗਤਯੋਗ ਹੈ।