ਰੋਸ਼ਨਵਾਲਾ ’ਚ ਸੁਪਰ ਸੀਡਰ ਨਾਲ ਬੀਜੀ ਕਣਕ ਨੂੰ ਸੁੰਡੀ ਪਈ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 22 ਨਵੰਬਰ
ਇੱਥੋਂ ਨੇੜਲੇ ਪਿੰਡ ਰੋਸ਼ਨਵਾਲਾ ਵਿੱਚ ਸੁਪਰ ਸੀਡਰ ਮਸ਼ੀਨ ਨਾਲ ਬੀਜੀ ਕਣਕ ਨੂੰ ਸੁੰਡੀ ਪੈਣ ਕਾਰਨ ਸਾਰੀ ਕਣਕ ਬਰਬਾਦ ਹੋ ਗਈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਨੇ ਖੇਤਾਂ ਵਿੱਚ ਪਹੁੰਚ ਕੇ ਪੀੜਤ ਕਿਸਾਨ ਗੁਰਮੀਤ ਸਿੰਘ ਮੀਕਾ ਝਨੇੜੀ ਨਾਲ ਇਕਜੁੱਟਤਾ ਜ਼ਾਹਿਰ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇੱਥੇ ਦੱਸਣਯੋਗ ਹੈ ਕਿ ਪਿੰਡ ਝਨੇੜੀ ਦੇ ਕਿਸਾਨ ਗੁਰਮੀਤ ਸਿੰਘ ਮੀਕਾ ਨੇ ਪਿੰਡ ਰੋਸ਼ਨਵਾਲਾ ਵਿੱਚ 45 ਵਿੱਘੇ ਜ਼ਮੀਨ ਠੇਕੇ ’ਤੇ ਲੈ ਕੇ ਕਣਕ ਬੀਜੀ ਸੀ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਨੇ ਕਿਹਾ ਕਿ ਦੋਵਾਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਕਿਸਾਨ ਮੰਡੀਆਂ ਵਿੱਚ ਰੁਲਦੇ ਰਹੇ ਅਤੇ ਹੁਣ ਸਰਕਾਰ ਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਕਿਸਾਨਾਂ ਨੇ ਸੁਪਰ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕੀਤੀ ਸੀ, ਉਹ ਸਾਰੀ ਫਸਲ ਸੁੰਡੀ ਪੈਣ ਕਾਰਨ ਬਰਬਾਦ ਹੋ ਗਈ ਹੈ। ਉਨ੍ਹਾਂ ਕਣਕ ਦੇ ਸੁੱਕ ਰਹੇ ਬੂਟੇ ਪੁੱਟ ਕੇ ਸੁੰਡੀਆਂ ਦਿਖਾਉਂਦਿਆਂ ਕਿਹਾ ਕਿ ਭੁੱਖ ਨੰਗ ਨਾਲ ਘਿਰੇ ਦੇਸ਼ ਨੂੰ ਕਿਸਾਨਾਂ ਨੇ ਕਣਕ ਅਤੇ ਝੋਨੇ ਦੀ ਪੈਦਾਵਾਰ ਕਰਕੇ ਅਨਾਜ ਪੱਖੋਂ ਆਤਮ ਨਿਰਭਰ ਬਣਾ ਦਿੱਤਾ, ਜਦੋਂ ਕਿ ਕਿਸਾਨ ਕਰਜ਼ਈ ਹੋ ਗਿਆ। ਉਨ੍ਹਾਂ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਸੁੰਡੀ ਨਾਲ ਕਣਕ ਦੀ ਹੋ ਰਹੀ ਬਰਬਾਦੀ ਦੀ ਜ਼ਿੰਮੇਵਾਰੀ ਦੋਵੇਂ ਸਰਕਾਰਾਂ ਹਨ। ਬਾਅਦ ਵਿੱਚ ਪੀੜਤ ਕਿਸਾਨ ਨੇ ਯੂਨੀਅਨ ਦੇ ਆਗੂਆਂ ਦੀ ਹਾਜ਼ਰੀ ਵਿੱਚ ਸਾਰੀ ਕਣਕ ਵਾਹੀ। ਇਸ ਮੌਕੇ ਜਰਨੈਲ ਸਿੰਘ ਘਰਾਚੋਂ, ਗੁਰਜੀਤ ਸਿੰਘ ਝਨੇੜੀ, ਨਛੱਤਰ ਸਿੰਘ ਝਨੇੜੀ, ਕੁਲਵਿੰਦਰ ਸਿੰਘ ਮਿੱਠੂ, ਭਗਤ ਸਿੰਘ ਝਨੇੜੀ, ਦੇਵ ਸਿੰਘ, ਭਰਭੂਰ ਸਿੰਘ ਫੱਗੂਵਾਲਾ, ਸੁਪਿੰਦਰ ਸਿੰਘ ਘਰਾਚੋਂ ਅਤੇ ਗੁਰਬਚਨ ਸਿੰਘ ਹਾਜ਼ਰ ਸਨ।
ਖੇਤੀਬਾੜੀ ਅਧਿਕਾਰੀਆਂ ਵੱਲੋਂ ਕਣਕ ਦਾ ਸਰਵੇਖਣ
ਪਟਿਆਲਾ (ਖੇਤਰੀ ਪ੍ਰਤੀਨਿਧ): ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਬੀਜੀ ਕਣਕ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸਮੂਹ ਬਲਾਕਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਬਲਾਕ ਦੇ ਖੇਤੀਬਾੜੀ ਬਲਾਕ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਤੇ ਖੇਤੀਬਾੜੀ ਉਪ ਨਿਰੀਖਣ ਖੇਤਾਂ ਵਿੱਚ ਜਾ ਕੇ ਬੀਜੀ ਕਣਕ ਦਾ ਸਰਵੇਖਣ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਨਾਮਾਤਰ ਹੀ ਹੈ ਪਰ ਇਹਤਿਆਤ ਵਜੋਂ ਕਿਸਾਨ ਆਪਣੀ ਫ਼ਸਲ ਦਾ ਸਰਵੇਖਣ ਕਰਦੇ ਰਹਿਣ। ਜੇਕਰ ਕਿਸੇ ਕਿਸਾਨ ਨੂੰ ਆਪਣੇ ਖੇਤ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦਾ ਪਤਾ ਲੱਗੇ ਤਾਂ ਉਹ ਤੁਰੰਤ ਆਪਣੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰੇ।