For the best experience, open
https://m.punjabitribuneonline.com
on your mobile browser.
Advertisement

ਮਾਲਵਾ ਖੇਤਰ ’ਚ ਨਰਮੇ ਹੇਠਲਾ ਰਕਬਾ ਮਿੱਥੇ ਟੀਚੇ ਤੋਂ ਘਟਿਆ

07:13 AM May 17, 2024 IST
ਮਾਲਵਾ ਖੇਤਰ ’ਚ ਨਰਮੇ ਹੇਠਲਾ ਰਕਬਾ ਮਿੱਥੇ ਟੀਚੇ ਤੋਂ ਘਟਿਆ
ਮਾਨਸਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਦੇ ਹੋਏ ਖੇਤੀ ਮਾਹਿਰ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 16 ਮਈ
ਮਾਲਵਾ ਖੇਤਰ ਵਿੱਚ ਨਰਮੇ ਹੇਠਲਾ ਰਕਬਾ ਸਰਕਾਰੀ ਟੀਚੇ ਤੋਂ ਘਟ ਗਿਆ ਹੈ। ਵਿਭਾਗ ਦੇ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਧਰਮਪਾਲ ਨੇ ਮਾਨਸਾ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖੇਤਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਰਮੇ ਦੀ ਫ਼ਸਲ ਦੇ ਬਿਜਾਈ ਹੇਠਲੇ ਟੀਚੇ ਨੂੰ ਪੂਰਾ ਕਰਨ ਲਈ ਲਗਾਤਾਰ ਖੇਤਾਂ ਦਾ ਦੌਰਾ ਕੀਤਾ ਜਾਵੇ। ਖੇਤੀਬਾੜੀ ਵਿਭਾਗ ਦੇ ਮਾਨਸਾ ਸਥਿਤ ਖੇਤੀ ਵਿਕਾਸ ਅਫ਼ਸਰ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਇਸ ਜ਼ਿਲ੍ਹੇ ਵਿੱਚ ਨਰਮੇ ਹੇਠ 35000 ਹੈਕਟੇਅਰ ਦੇ ਲਗਪਗ ਨਰਮੇ ਨੂੰ ਇਸ ਸਾਲ ਬੀਜਿਆ ਜਾਣਾ ਹੈ ਪਰ ਅਜੇ ਤੱਕ 11 ਹਜ਼ਾਰ ਹੈਕਟੇਅਰ ਰਕਬੇ ਵਿੱਚ ਹੀ ਬਿਜਾਈ ਹੋਈ ਹੈ।
ਡਿਪਟੀ ਡਾਇਰੈਕਟਰ ਨੇ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਦੀ ਬਿਜਾਈ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਗੁਜਰਾਤ ਜਾਂ ਅਣ-ਅਧਿਕਾਰਤ ਬੀਜ ਦੀ ਬਿਜਾਈ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਬਿਜਾਈ ਦਾ ਢੁੱਕਵਾਂ ਸਮਾਂ ਹੈ, ਇਸ ਲਈ ਸਾਰੇ ਅਧਿਕਾਰੀ/ਕਰਮਚਾਰੀ ਆਪਣੇ ਅਲਾਟ ਕੀਤੇ ਪਿੰਡਾਂ ਵਿੱਚ ਰੋਜ਼ਾਨਾ ਦੌਰੇ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਪ੍ਰੇਰਿਤ ਕਰਨਗੇ। ਜ਼ਿਕਰਯੋਗ ਹੈ ਕਿ ਖੇਤੀ ਯੂਨੀਵਰਸਿਟੀ ਵੱਲੋਂ ਨਰਮੇ ਦੀ ਚੰਗੀ ਫ਼ਸਲ ਲਈ 15 ਮਈ ਤੱਕ ਸਿਫਾਰਸ਼ ਕੀਤੀ ਜਾਂਦੀ ਹੈ ਪਰ ਅਕਸਰ ਕਿਸਾਨ 30 ਮਈ ਤੱਕ ਇਸ ਨੂੰ ਬੀਜਦੇ ਰਹਿੰਦੇ ਹਨ। ਖੇਤੀਬਾੜੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਬਿਜਾਈ ਦਾ ਕੰਮ ਅਜੇ ਚੱਲ ਰਿਹਾ ਹੈ ਅਤੇ ਟੀਚਾ ਪੂਰਾ ਹੋਣ ਦੀ ਪੂਰੀ ਸੰਭਾਵਨਾ ਹੈ। ਇਸੇ ਦੌਰਾਨ ਉਨ੍ਹਾਂ ਪਿੰਡ ਭੰਮੇ ਖੁਰਦ ਵਿਖੇ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×