ਪੰਚਾਇਤੀ ਚੋਣਾਂ ’ਚ ਲੋਕਾਂ ਨੇ ਸਰਕਾਰ ਦੇ ਕੰਮਾਂ ’ਤੇ ਮੋਹਰ ਲਾਈ: ਭੱਲਾ
ਸ਼ਗਨ ਕਟਾਰੀਆ
ਬਠਿੰਡਾ, 19 ਅਕਤੂਬਰ
ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਨੂੰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ‘ਆਪ’ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਜਤਿੰਦਰ ਭੱਲਾ ਵੱਲੋਂ ਸਨਮਾਨਿਤ ਕੀਤਾ ਗਿਆ।
ਜਤਿੰਦਰ ਭੱਲਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਹੈ ਕਿ ਪਿੰਡਾਂ ਵਿੱਚ ਵੀ ਲੋਕਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮਿਲਣ, ਜਿਸ ਲਈ ਪੰਚਾਇਤਾਂ ਨੂੰ ਪੰਜਾਬ ਸਰਕਾਰ ਫੰਡ ਮੁਹੱਈਆ ਕਰਵਾਏਗੀ। ਉਨ੍ਹਾਂ ਨਵੇਂ ਚੁਣੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ। ਉਨ੍ਹਾਂ ਦਾਅਵਾ ਕੀਤਾ ਕਿ ਬਠਿੰਡਾ (ਦਿਹਾਤੀ) ਹਲਕੇ ਦੀਆਂ 64 ਪੰਚਾਇਤਾਂ ਵਿੱਚੋਂ 57 ਪੰਚਾਇਤਾਂ ਵਿੱਚ ‘ਆਪ’ ਦੇ ਸਰਪੰਚ ਅਤੇ ਪੰਚ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੇ ਲੋਕਾਂ ਨੇ ਇਸ ਵਾਰ ‘ਆਪ’ ਦੇ ਆਗੂਆਂ ਦਾ ਇਕ ਵਾਰ ਫਿਰ ਤੋਂ ਸਾਥ ਦੇ ਕੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ’ਤੇ ਮੋਹਰ ਲਾਈ ਹੈ। ਉਨ੍ਹਾਂ ਨਵੇਂ ਚੁਣੇ ਪੰਚਾਂ ਅਤੇ ਸਰਪੰਚਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਨਾਲ ਚਟਾਣ ਵਾਂਗ ਖੜ੍ਹੇ ਹਨ ਅਤੇ ਸਰਪੰਚ ਪੰਚ ਆਪਸੀ ਭਾਈਚਾਰਾ ਕਾਇਮ ਰੱਖਦਿਆਂ ਪਿੰਡਾਂ ਦੇ ਵਿਕਾਸ ਵੱਲ ਧਿਆਨ ਦੇਣ। ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ ਨੇ ਵੀ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਬੀਡੀਪੀਓ ਸੰਗਤ ਗੁਰਸਿਮਰਨ ਸਿੰਘ ਗਿੱਲ ਵੀ ਹਾਜ਼ਰ ਸਨ।