ਮੰਤਰੀਆਂ ਤੇ ਵਿਧਾਇਕਾਂ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਪੱਤਰ ਪ੍ਰੇਰਕ/ਟ੍ਰਿਬਿਊਨ ਨਿਊਜ਼ ਸਰਵਿਸ
ਜਲੰਧਰ/ਤਰਨ ਤਾਰਨ/ਅੰਮ੍ਰਿਤਸਰ, 14 ਅਗਸਤ
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਅੱਜ ਜਲੰਧਰ ਜ਼ਿਲ੍ਹੇ ਵਿੱਚ 17, ਅੰਮ੍ਰਿਤਸਰ ਵਿੱਚ ਪੰਜ ਅਤੇ ਤਰਨ ਤਾਰਨ ਵਿੱਚ ਚਾਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਹੀ 583 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ 76 ਹੋਰ ਆਮ ਆਦਮੀ ਕਲੀਨਿਕ ਪੰਜਾਬ ਭਰ ਵਿਚ ਖੋਲ੍ਹੇ ਗਏ ਹਨ, ਜਿਨ੍ਹਾਂ ਵਿੱਚੋਂ ਪੰਜ ਕਲੀਨਿਕ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਵੇਰਕਾ, ਅਟਾਰੀ, ਓਠੀਆਂ, ਰਾਣੀਆਂ ਅਤੇ ਪਿੰਡ ਸੁਲਤਾਨਵਿੰਡ ਵਿੱਚ ਸ਼ੁਰੂ ਕੀਤੇ ਗਏ। ਪਿੰਡ ਸੁਲਤਾਨਵਿੰਡ ਵਿੱਚ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਵੇਰਕਾ ਵਿਖੇ ਵਿਧਾਇਕ ਜੀਵਨਜੋਤ ਕੌਰ, ਪਿੰਡ ਰਾਣੀਆਂ ਵਿਖੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਅਟਾਰੀ ਵਿਖੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੀ ਪਤਨੀ ਸ੍ਰੀਮਤੀ ਪ੍ਰਭਾ ਸਿੱਧੂ ਅਤੇ ਪਿੰਡ ਓਠੀਆਂ ਵਿਖੇ ਪਿੰਡ ਦੇ ਸਰਪੰਚ ਵਲੋਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਕੀਤੇ।
ਵਿਧਾਇਕ ਜੀਵਨਜੋਤ ਕੌਰ ਨੇ ਕਮਿਊਨਿਟੀ ਸੈਂਟਰ ਵੇਰਕਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਆਮ ਆਦਮੀ ਕਲੀਨਿਕਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 41 ਤਰ੍ਹਾ ਦੇ ਲੈਬ ਟੈਸਟ ਉਪਲਬਧ ਹਨ।
ਜਲੰਧਰ ਜ਼ਿਲ੍ਹੇ ਵਿੱਚ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਜ਼ਿਲ੍ਹੇ ਵਿੱਚ 38 ਮੁਹੱਲਾ ਕਲੀਨਿਕ ਸਨ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪਿੰਡ ਰਾਓਵਾਲੀ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
ਜਲੰਧਰ ਦੇ ਬੱਸ ਸਟੈਂਡ ਸਾਹਮਣੇ ਡਰਾਈਵਿੰਗ ਟਰੈਕ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਲੋਕ ਸਭਾ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਨੇ ਕੀਤਾ। ਇਸ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ ਵੱਲੋਂ ਕਾਜੀ ਮੰਡੀ ਥਾਣਾ ਰਾਮਾ ਮੰਡੀ, ਬਾਬਾ ਲਾਲ ਦਿਆਲ ਮੰਦਰ ਵਿਖੇ ਉਦਘਾਟਨ ਕੀਤਾ। ਇਸ ਤੋਂ ਇਲਾਵਾ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਵੀ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ । ਇਸੇ ਤਰ੍ਹਾਂ ਸੇਵਾ ਕੇਂਦਰ ਬਰਲਟਨ ਪਾਰਕ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕਲੀਨਿਕ ਦਾ ਉਦਘਾਟਨ ਕੀਤਾ ਗਿਆ।
ਤਰਨ ਤਾਰਨ ਵਿੱਚ ਚਾਰ ਨਵੇਂ ਆਦਮੀ ਕਲੀਨਿਕ ਖੁੱਲ੍ਹਣ ਨਾਲ ਜ਼ਿਲ੍ਹੇ ਅੰਦਰ ਕੁੱਲ ਗਿਣਤੀ 18 ਹੋ ਗਈ ਹੈ| ਵਿਧਾਨ ਸਭਾ ਹਲਕਾ ਪੱਟੀ ਵਿੱਚ ਬੋਪਾਰਾਏ ਅਤੇ ਰੱਤਾ ਗੁੱਦਾ ਤੋਂ ਇਲਾਵਾ ਤਰਨ ਤਾਰਨ ਅੰਦਰ ਪੰਜਵੜ੍ਹ ਅਤੇ ਖਡੂਰ ਸਾਹਿਬ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੱਦੀ ਪਿੰਡ ਲਾਲਪੁਰ ਵਿੱਚ ਖੋਲ੍ਹੇ ਗਏ ਹਨ| ਬੋਪਾਰਾਏ ਦੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦੀ ਤਾਰੀਫ਼ ਕੀਤੀ। ਪੰਜਵੜ੍ਹ ਵਿੱਚ ਖੋਲ੍ਹੇ ਕਲੀਨਿਕ ਦਾ ਉਦਘਾਟਨ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕੀਤਾ|
ਫਗਵਾੜਾ ਵਿੱਚ ਤਿੰਨ ਤੇ ਅਟਾਰੀ ’ਚ ਇੱਕ ਮੁਹੱਲਾ ਕਲੀਨਿਕ ਸ਼ੁਰੂ
ਫਗਵਾੜਾ (ਪੱਤਰ ਪ੍ਰੇਰਕ): ਫਗਵਾੜਾ ਵਿੱਚ ਅੱਜ ਤਿੰਨ ਹੋਰ ਨਵੇਂ ਮੁਹੱਲਾ ਕਲੀਨਿਕਾਂ ਖੋਲ੍ਹੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਇੱਥੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਲਿਤ ਸਕਲਾਨੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ ਸਮੇਤ ਖੋਥੜਾਂ ਰੋਡ, ਬਾਬਾ ਗਧੀਆ ਪਾਰਕ ਤੇ ਹਰਗੋਬਿੰਦ ਨਗਰ ਵਿੱਚ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਕਰਵਾਈ।
ਅਟਾਰੀ (ਪੱਤਰ ਪ੍ਰੇਰਕ): ਸਰਹੱਦੀ ਪਿੰਡ ਅਟਾਰੀ ਵਿੱਚ ਅੱਜ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੀ ਧਰਮ ਪਤਨੀ ਪ੍ਰਭਾ ਸਿੱਧੂ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਅਟਾਰੀ ਪੁੱਜਣ ’ਤੇ ਸਾਬਕਾ ਚੇਅਰਮੈਨ ਹਰਦੇਵ ਸਿੰਘ, ਸੋਨੂੰ ਅਵਸਥੀ, ਗੁਰਸ਼ਰਨ ਸਿੰਘ ਗੋਲਡੀ ਅਤੇ ਸਰਪੰਚ ਮਨਜੀਤ ਸਿੰਘ ਸਮੇਤ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਡਾ. ਗੁਰਮੀਤ ਕੌਰ ਡਿਪਟੀ ਮੈਡੀਕਲ ਕਮਿਸ਼ਨਰ, ਕੁਮਾਰ ਅਜੈ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਡਾ. ਤਨਵੀਰ ਕੌਰ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।