ਆਂਗਣਵਾੜੀ ਸੈਂਟਰ ਅਤੇ ਨਿਕਾਸੀ ਨਾਲੇ ਦਾ ਉਦਘਾਟਨ
ਸ਼ਗਨ ਕਟਾਰੀਆ
ਬਠਿੰਡਾ, 18 ਮਾਰਚ
ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਅਤੇ ‘ਆਪ’ ਬਠਿੰਡਾ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਵੱਲੋਂ ਅੱਜ ਪਿੰਡ ਬਾਹੋ ਸਿਵੀਆਂ ’ਚ ਆਂਗਣਵਾੜੀ ਕੇਂਦਰ ਦੀ ਨਵੀਂ ਇਮਾਰਤ ਅਤੇ ਨਿਕਾਸੀ ਨਾਲੇ ਦਾ ਉਦਘਾਟਨ ਕੀਤਾ ਗਿਆ।
ਸ੍ਰੀ ਭੱਲਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 57 ਆਂਗਣਵਾੜੀ ਕੇਂਦਰਾਂ ਦਾ ਸੁੰਦਰੀਕਰਨ ਤੇ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ, ਜਿਸ ’ਤੇ ਅੰਦਾਜ਼ਨ 5.70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਰਵਾਇਤੀ ਪਾਰਟੀਆਂ ’ਤੇ ਆਂਗਣਵਾੜੀ ਕੇਂਦਰਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਈ ਸੈਂਟਰਾਂ ਦੀਆਂ ਇਮਾਰਤਾਂ ਖਸਤਾ ਹਾਲ ਸਨ ਅਤੇ ਬਹੁਤੇ ਕੇਂਦਰ ਕਿਰਾਏ ਦੀਆਂ ਇਮਾਰਤਾਂ ’ਚ ਚੱਲ ਰਹੇ ਸਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ।
ਸ੍ਰੀ ਭੱਲਾ ਨੇ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਣਾਏ ਨਾਲੇ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਆਖਿਆ ਕਿ ਪਾਣੀ ਦੀ ਨਿਕਾਸੀ ਦਾ ਮਸਲਾ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਸੀ, ਪਰ ਹੁਣ ਕੋਈ ਸਮੱਸਿਆ ਨਹੀਂ ਆਵੇਗੀ। ਇਸ ਮੌਕੇ ਪਿੰਡ ਦੀ ਸਰਪੰਚ ਚਰਨਜੀਤ ਕੌਰ, ‘ਆਪ’ ਆਗੂ ਗਮਦੂਰ ਸਿੰਘ, ਜਸਕੌਰ ਸਿੰਘ, ਹਰਦੇਵ ਸਿੰਘ ਕਾਕਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
ਸ੍ਰੀ ਭੱਲਾ ਨੇ ਪੰਜਾਬ ਸਰਕਾਰ ਤਰਫ਼ੋਂ ਬਾਹੋ ਸਿਵੀਆਂ ਦੇ ਸਰਕਾਰੀ ਸਕੂਲ ਨੂੰ ਇੱਕ ਜੈਨਰੇਟਰ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸਿੱਖਿਆ ਦੇ ਖੇਤਰ ’ਚ ਕ੍ਰਾਂਤੀ ਲਿਆਉਣ ਲਈ ਵਚਨਬੱਧ ਹੈ ਅਤੇ ਸਕੂਲ ਆਫ਼ ਐਮੀਨੈਂਸ ਬਣਾ ਕੇ ਪੜ੍ਹਾਈ ਦੇ ਪੱਧਰ ਨੂੰ ਉੱਪਰ ਚੁੱਕਦਿਆਂ, ਵਿਦਿਆਰਥੀਆਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।