ਵਿਧਾਇਕ ਘੁੰਮਣ ਵੱਲੋਂ ਆਂਗਣਵਾੜੀ ਕੇਂਦਰ ਦਾ ਉਦਘਾਟਨ
ਪੱਤਰ ਪ੍ਰੇਰਕ
ਦਸੂਹਾ, 16 ਨਵੰਬਰ
ਇਥੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੱਲੋਂ ਪਿੰਡ ਕਾਲਾ ਝਿੰਗੜ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ ਗਿਆ। ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆ ਘੁੰਮਣ ਨੇ ਕਿਹਾ ਕਿ ਹਲਕੇ ਅੰਦਰ ਆਂਣਨਵਾੜੀ ਸੈਂਟਰਾਂ ਦੀ ਉਸਾਰੀ ਅਤੇ ਅਪਗ੍ਰੇਡ ਕਰਨ ਦਾ ਮੁੱਖ ਮਕਸਦ ਚੰਗੀ ਖੁਰਾਕ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇੱਥੇ ਆਉਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਮੁਹੱਇਆ ਕਰਨਾ ਹੈ ਤਾਂ ਜੋ ਉਨ੍ਹਾਂ ਦਾ ਧਿਆਨ ਪੜ੍ਹਾਈ ਵੱਲ ਕੇਂਦਰਿਤ ਕਰਕੇ ਜਾਗਰੂਕ ਨਾਗਰਿਕ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਡਲ ਕੇਂਦਰ ਵਜੋਂ ਸਥਾਪਿਤ ਕੀਤੇ ਜਾ ਰਹੇ ਆਂਗਨਵਾੜੀ ਸੈਂਟਰਾਂ ਵਿੱਚ ਬੁਨਿਆਦੀ ਢਾਂਚੇ ਨਾਲ ਸਬੰਧਤ ਲੋੜਾਂ ਨੂੰ ਪੂਰੀਆਂ ਕਰਨ ਦੇ ਨਾਲ-ਨਾਲ ਬੱਚਿਆਂ ਦੀ ਰੁਚੀ ਲਈ ਵੱਖ-ਵੱਖ ਤਰਾਂ ਦੀਆਂ ਕਲਾਕਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਰੰਤਰ ਚੁੱਕੇ ਜਾ ਰਹੇ ਸਕਾਰਾਤਮਕ ਕਦਮਾਂ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਸਮੇਤ ਪਤਵੰਤੇ ਮੌਜੂਦ ਸਨ।