ਅਕਾਲੀ ਉਮੀਦਵਾਰ ਬਿਕਰਮਜੀਤ ਖਾਲਸਾ ਦੇ ਚੋਣ ਦਫ਼ਤਰ ਦਾ ਉਦਘਾਟਨ
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 18 ਮਈ
ਸ੍ਰੀ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਬਿਕਰਮਜੀਤ ਸਿੰਘ ਖ਼ਾਲਸਾ ਦੇ ਚੋਣ ਦਫ਼ਤਰ ਦਾ ਇਥੇ ਉਦਘਾਟਨ ਕੀਤਾ ਗਿਆ। ਇਸ ਮੌਕੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਦਿੱਲੀ ਦੀਆਂ ਪਾਰਟੀਆਂ ਉੱਪਰ ਤਿੱਖਾ ਹਮਲਾ ਕਰਦਿਆਂ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਝੰਡਾਬਰਦਾਰ ਸ਼੍ਰੋਮਣੀ ਅਕਾਲੀ ਦਲ ਨੂੰ ਕਾਮਯਾਬ ਬਣਾਉਣ ਦਾ ਸੱਦਾ ਦਿੱਤਾ। ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਿਰੀਖਕ ਸੰਤਾ ਸਿੰਘ ਉਮੈਦਪੁਰੀ ਨੇ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨੀ ਦੇ ਮਸਲੇ, ਪੰਜਾਬ ਦੇ ਮੁੱਦੇ ਅਤੇ ਨਸ਼ਿਆਂ ਦੀ ਰੋਕਥਾਮ ਦੇ ਮੁੱਦਿਆਂ ਦੇ ਆਧਾਰ ’ਤੇ ਕੇਂਦਰ ਵਿੱਚ ਬਣਨ ਵਾਲੀ ਸਰਕਾਰ ਦੇ ਸਮਰਥਨ ਦੀ ਗੱਲ ਆਖੀ ਹੈ। ਉਨ੍ਹਾਂ ਕਾਂਗਰਸ ਅਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਉੱਪਰ ਤਿੱਖਾ ਹਮਲਾ ਕਰਦਿਆਂ ਪਿਛਲੇ ਸੱਤ ਸਾਲਾਂ ਦੌਰਾਨ ਪੰਜਾਬ ਨੂੰ ਬਰਬਾਦ ਕਰਨ ਦਾ ਦੋਸ਼ ਲਾਇਆ। ਬਿਕਰਮਜੀਤ ਖ਼ਾਲਸਾ ਦੀ ਗ਼ੈਰ-ਮੌਜੂਦਗੀ ਵਿੱਚ ਉਨ੍ਹਾਂ ਦੀ ਪਤਨੀ ਅਰਵਿੰਦਰ ਕੌਰ ਤੇ ਉਨ੍ਹਾਂ ਦੀ ਧੀ ਜਸਨੂਰ ਕੌਰ ਨੇ ਰਾਏਕੋਟ ਦੇ ਮੁੱਖ ਬਾਜ਼ਾਰਾਂ ਅਤੇ ਗਲੀ-ਮੁਹੱਲਿਆਂ ਵਿੱਚ ਘਰ-ਘਰ ਵੋਟਾਂ ਮੰਗੀਆਂ।