ਸਿਹਤ ਮੰਤਰੀ ਵੱਲੋਂ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਸਤੰਬਰ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਗਸੀਪਾ ਵਿੱਚ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (ਐੱਫਐੱਸਐੱਸਏਆਈ) ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਫੂਡ ਸੇਫਟੀ ਦੇ ਵਿਸ਼ੇਸ਼ ਅਧਿਕਾਰੀਆਂ ਲਈ ਕਰਵਾਏ ਪੰਜ ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰਿਆਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਫੂਡ ਸੇਫਟੀ ਅਫ਼ਸਰਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ।
ਸਿਹਤ ਮੰਤਰੀ ਨੇ ਕਿਹਾ ਕਿ ਚੰਗੀ ਸਿਹਤ ਦਾ ਮਤਲਬ ਕੇਵਲ ਬਿਮਾਰੀਆਂ ਦਾ ਨਾ ਹੋਣਾ ਹੀ ਨਹੀਂ ਹੁੰਦਾ, ਸਗੋਂ ਇਸ ਵਿੱਚ ਵਾਤਾਵਰਨ ਦੀ ਸਿਹਤ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹਵਾ ਅਤੇ ਪਾਣੀ ਦਾ ਪ੍ਰਦੂਸ਼ਣ ਚਿੰਤਾਜਨਕ ਹੈ ਅਤੇ ਭੋਜਨ ਵਿੱਚ ਮਿਲਾਵਟ ਵੀ ਵਧ ਰਹੀ ਹੈ। ਉਨ੍ਹਾਂ ਨੇ ਖਾਧ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੀਭੁਗਤ ਕਰਨ ਵਾਲੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨਾਲ ਮਿਲੀਭੁਗਤ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।