ਸੰਧਵਾਂ ਵੱਲੋਂ ਸਕੂਲ ਦੀ ਇਮਾਰਤ ਦਫ਼ਤਰ ਦਾ ਉਦਘਾਟਨ
ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ 21 ਅਕਤੂਬਰ
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿੱਚ ਨਵੇਂ ਉਸਾਰੇ ਗਏ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਦਸ ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਦਫ਼ਤਰ ਸਕੂਲ ਦੇ ਪ੍ਰਬੰਧਕੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ। ਸ੍ਰੀ ਸੰਧਵਾਂ ਨੇ ਇਸ ਮੌਕੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਧਿਆਪਕ ਰੱਬ ਦਾ ਰੂਪ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਸਕੂਲ ਫਾਈਵ ਸਟਾਰ ਵਰਗੇ ਬਣ ਹਨ ਉਸੇ ਤਰਜ ’ਤੇ ਸੂਬੇ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ‘ਆਪ’ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਦਾ ਗਠਨ ਕੀਤਾ ਹੈ, ਉਦੋਂ ਤੋਂ ਹੀ ਸਰਕਾਰ ਦਾ ਮੁੱਖ ਟੀਚਾ ਸਿੱਖਿਆ ਦੇ ਪੱਧਰ ਨੂੰ ਉੱਚਾ ਕਰਨ ਦੇ ਲੱਗਿਆ ਹੋਇਆ ਹੈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਉਨ੍ਹਾਂ ਦਾ ਧੰਨਵਾਦ ਕੀਤਾ।