ਆਟੇ ਦੇ ਭਾਅ ’ਚ ਵਾਧੇ ਨੇ ਲੋਕਾਂ ’ਤੇ ਵਿੱਤੀ ਬੋਝ ਵਧਾਇਆ: ਬਾਜਵਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜਨਵਰੀ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਟੇ ਦੇ ਭਾਅ ਵਿੱਚ ਹੋਏ ਭਾਰੀ ਵਾਧੇ ਤੋਂ ਬਾਅਦ ਪੰਜਾਬ ਸਰਕਾਰ ਨੂੰ ਵਧਦੀ ਮਹਿੰਗਾਈ ਨੂੰ ਘੱਟ ਕਰਨ ਲਈ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਜਨਤਕ ਵੰਡ ਪ੍ਰਣਾਲੀ ਰਾਹੀਂ ਲਗਪਗ 1.54 ਕਰੋੜ ਲਾਭਪਾਤਰੀਆਂ ਨੂੰ ਕਣਕ ਦਿੱਤੀ ਜਾਂਦੀ ਹੈ, ਫਿਰ ਵੀ ਪੂਰੀ ਆਬਾਦੀ ਇਸ ਯੋਜਨਾ ਦੇ ਦਾਇਰੇ ਵਿੱਚ ਨਹੀਂ ਆਉਂਦੀ। ਸ੍ਰੀ ਬਾਜਵਾ ਨੇ ਕਿਹਾ ਕਿ ਲੋਕ ਇਸ ਸਮੇਂ 3600 ਤੋਂ 3700 ਰੁਪਏ ਪ੍ਰਤੀ ਕੁਇੰਟਲ ਕਣਕ ਦਾ ਆਟਾ ਖ਼ਰੀਦਣ ਲਈ ਮਜਬੂਰ ਹਨ, ਪਰ ਆਉਣ ਵਾਲੇ ਦਿਨਾਂ ਵਿੱਚ ਇਸ ਦੇ 3800 ਰੁਪਏ ਪ੍ਰਤੀ ਕੁਇੰਟਲ ਤੱਕ ਜਾਣ ਦੀ ਉਮੀਦ ਹੈ। ਪਿਛਲੇ ਸਾਲ ਮਈ ਵਿੱਚ ਕਣਕ ਦਾ ਆਟਾ 2650 ਰੁਪਏ ਵਿੱਚ ਮਿਲਦਾ ਸੀ। ਉਨ੍ਹਾਂ ਕਿਹਾ ਕਿ ਸਿਰਫ਼ ਕਣਕ ਦੇ ਆਟੇ ਨੇ ਹੀ ਮੱਧ ਵਰਗ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਨੂੰ ਤਣਾਅਪੂਰਨ ਨਹੀਂ ਬਣਾਇਆ ਸਗੋਂ ਸਬਜ਼ੀਆਂ ਅਤੇ ਦਾਲਾਂ ਸਣੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਵਧਦੀ ਮਹਿੰਗਾਈ ਨੇ ਵੀ ਜੀਵਨ ਨੂੰ ਅਸਥਿਰ ਕਰ ਦਿੱਤਾ ਹੈ।