For the best experience, open
https://m.punjabitribuneonline.com
on your mobile browser.
Advertisement

ਧਰਮ ਇਤਿਹਾਸ ਦਾ ਅਦੁੱਤੀ ਪੰਨਾ: ਸਾਕਾ ਸਰਹਿੰਦ

11:42 AM Dec 28, 2022 IST
ਧਰਮ ਇਤਿਹਾਸ ਦਾ ਅਦੁੱਤੀ ਪੰਨਾ  ਸਾਕਾ ਸਰਹਿੰਦ
Advertisement

ਐਡਵੋਕੇਟ ਹਰਜਿੰਦਰ ਸਿੰਘ ਧਾਮੀ

Advertisement

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਅਜਿਹਾ ਪੰਨਾ ਹੈ ਜੋ ਦੁਖਦ ਹੁੰਦਾ ਹੋਇਆ ਵੀ ਗੁਰਮਤਿ ਜੀਵਨ-ਜੁਗਤਿ ਦੀ ਪ੍ਰੇਰਨਾ ਦਿੰਦਾ ਹੈ। ਦੁਨੀਅੱ ਦੇ ਧਾਰਮਿਕ ਇਤਿਹਾਸ ਅੰਦਰ ਅਜਿਹੀ ਮਿਸਾਲ ਕਿਧਰੇ ਨਹੀਂ ਹੈ। ਧਰਮਾਂ ਦੇ ਇਤਿਹਾਸ ਵਿਚ ਸਾਕਾ ਸਰਹਿੰਦ ਨਿਵੇਕਲੀ ਘਟਨਾ ਹੈ ਜਿਸ ਨੇ ਸਿੱਖ ਮਨਾਂ ਅੰਦਰ ਸਮੇਂ ਦੀ ਹਕੂਮਤ ਵਿਰੁੱਧ ਗੁੱਸੇ ਤੇ ਰੋਹ ਦੀ ਅੱਗ ਨੂੰ ਹੋਰ ਤਿੱਖਾ ਕੀਤਾ। ਜਿਸ ਸਮੇਂ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਨੂੰ ਸੂਬਾ ਸਰਹਿੰਦ ਦੇ ਹੁਕਮ ਨਾਲ ਨੀਹਾਂ ਵਿਚ ਚਿਣ ਕੇ ਸ਼ਹੀਦ ਕੀਤਾ ਗਿਆ ਤਾਂ ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਬਹੁਤ ਛੋਟੀ ਸੀ ਪਰ ਉਨ੍ਹਾਂ ਦੀ ਦਲੇਰੀ ਅਤੇ ਸਿੱਖੀ ਪ੍ਰਤੀ ਦ੍ਰਿੜਤਾ ਪ੍ਰੌੜ ਉਮਰ ਤੋਂ ਘੱਟ ਨਹੀਂ ਸੀ। ਸਾਹਿਬਜ਼ਾਦਿਆਂ ਨੇ ਜਿਸ ਦਲੇਰੀ, ਸਿਦਕਦਿਲੀ ਅਤੇ ਜਿੰਦਾਦਿਲੀ ਨਾਲ ਸੂਬੇ ਦੀ ਕਚਹਿਰੀ ਵਿਚ ਸਵਾਲਾਂ ਦੇ ਜਵਾਬ ਦਿੱਤੇ, ਉਸ ਵੱਲੋਂ ਧਰਮ ਛੱਡਣ ਖਾਤਰ ਦਿੱਤੇ ਜਾ ਰਹੇ ਲਾਲਚਾਂ ਨੂੰ ਠੁਕਰਾਇਆ ਅਤੇ ਸ਼ਹਾਦਤ ਨੂੰ ਕਬੂਲ ਕੀਤਾ, ਉਸ ਦਾ ਸੰਸਾਰ ਦੇ ਧਰਮ ਇਤਿਹਾਸ ਅੰਦਰ ਕੋਈ ਮੁਕਾਬਲਾ ਨਹੀਂ ਮਿਲਦਾ। ਇਸੇ ਲਈ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿੱਖ ਅਤੇ ਗੈਰ-ਸਿੱਖ ਇਤਿਹਾਸਕਾਰਾਂ ਨੇ ਅਦੁੱਤੀ ਕਿਹਾ ਹੈ।

Advertisement

ਕਹਿਰ ਦੀ ਠੰਢੀ ਰਾਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਖਾਲਸੇ ਸਮੇਤ ਸ੍ਰੀ ਅਨੰਦਪੁਰ ਛੱਡਣਾ, ਸਰਸਾ ਨੇ ਰਸਤਾ ਰੋਕਣਾ, ਪਰਿਵਾਰ ਦਾ ਖੇਰੂੰ ਖੇਰੂੰ ਹੋਣਾ, ਸਾਹਿਬਜ਼ਾਦਿਆਂ ਦੀ ਸ਼ਹੀਦੀ ਆਦਿ ਸਭ ਘਟਨਾਵਾਂ ਸਿੱਖ ਇਤਿਹਾਸ ਦੇ ਵੱਡੇ ਪਹਿਲੂ ਹਨ। ਸਰਸਾ ਪਾਰ ਕਰਨ ਤੋਂ ਬਾਅਦ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਆਪ ਦੇ ਮਾਤਾ ਜੀ, ਸਾਹਿਬਜ਼ਾਦੇ ਅਤੇ ਆਪ ਜੀ ਦੇ ਮਹਿਲ ਸਭ ਵਿਛੜ ਗਏ। ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਨਾਲ ਗੁਰੂਘਰ ਦੇ ਰਸੋਈਏ ਗੰਗੂ ਨਾਲ ਉਸ ਦੇ ਪਿੰਡ ਖੇੜੀ (ਸਹੇੜੀ) ਆ ਗਏ। ਮਾਤਾ ਜੀ ਕੋਲ ਸੋਨੇ ਦੀਆਂ ਮੋਹਰਾਂ ਦੇਖ ਅਤੇ ਸਰਕਾਰੀ ਇਨਾਮ ਦੇ ਲਾਲਚ ਵਿਚ ਗੰਗੂ ਡੋਲ ਗਿਆ। ਇਸ ਵਿਸ਼ਵਾਸਘਾਤ ਬਾਰੇ ਅੱਲਾ ਯਾਰ ਖਾਂ ਜੋਗੀ ਲਿਖਦੇ ਹਨ:

ਬਦਜ਼ਾਤ ਬਦ-ਸਿਫਾਤ ਵਹੁ ਗੰਗੂ ਨਮਕ-ਹਰਾਮ।

ਟੁਕੜੋਂ ਪੇ ਸਤਗੁਰੂ ਕੇ ਜੋ ਪਲਤਾ ਰਹਾ ਮੁਦਾਮ।

ਦੁਨੀਆ ਮੇਂ ਅਪਨੇ ਨਾਮ ਕੋ ਬਦਨਾਮ ਕਰ ਗਿਆ।

ਦੁਸ਼ਮਨ ਭੀ ਜੁ ਨ ਕਰਤਾ ਵਹੁ ਯਿ ਕਾਮ ਕਰ ਗਿਆ।

ਗੰਗੂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਖ਼ਬਰ ਮੋਰਿੰਡੇ ਥਾਣੇ ਜਾ ਦਿੱਤੀ ਜਿਥੇ ਸਾਹਿਬਜ਼ਾਦਿਆਂ ਨੂੰ ਮਾਤਾ ਜੀ ਸਮੇਤ ਗ੍ਰਿਫਤਾਰ ਕਰ ਕੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਦੇ ਹਵਾਲੇ ਕੀਤਾ ਗਿਆ। ਸੂਬੇਦਾਰ ਵਜ਼ੀਰ ਖਾਨ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਠੰਢੇ ਬੁਰਜ ਵਿਚ ਕੈਦ ਕਰ ਦਿੱਤਾ। ਕਹਿਰ ਦੀ ਸੀਤ ਵਿਚ ਭੁੱਖੇ ਭਾਣੇ ਸਾਹਿਬਜ਼ਾਦੇ ਸਾਰੀ ਰਾਤ ਦਾਦੀ ਮਾਂ ਦੀ ਗੋਦ ਵਿਚ ਬੈਠੇ ਗੁਰੂ ਪਿਤਾ ਦੀ ਸੂਰਮਗਤੀ, ਦਾਦਿਆਂ-ਪੜਦਾਦਿਆਂ ਦੀ ਕੁਰਬਾਨੀ ਦੀਆਂ ਬਾਤਾਂ ਸੁਣਦੇ ਸਿੱਖੀ ਅਸੂਲਾਂ ‘ਤੇ ਦ੍ਰਿੜ ਰਹਿਣ ਲਈ ਸਿੱਖਿਆ ਲੈਂਦੇ ਰਹੇ। ਦਿਨ ਚੜ੍ਹਦਿਆਂ ਸਾਹਿਬਜ਼ਾਦਿਆਂ ਨੂੰ ਕਚਹਿਰੀ ਵਿਚ ਪੇਸ਼ ਕਰਨ ਦਾ ਹੁਕਮ ਹੋਇਆ। ਸਾਹਿਬਜ਼ਾਦੇ ਬੁਲੰਦ ਹੌਸਲੇ ਵਿਚ ਸਨ। ਮਾਤਾ ਗੁਜਰੀ ਜੀ ਨੇ ਬੱਚਿਆਂ ਨੂੰ ਤਿਆਰ ਕੀਤਾ। ਸਾਹਿਬਜ਼ਾਦਿਆਂ ਨੂੰ ਕਚਹਿਰੀ ਵਿਚ ਵਜ਼ੀਰ ਖਾਂ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪਹਿਲਾਂ ਧਨ, ਦੌਲਤ, ਜਗੀਰਾਂ, ਸ਼ਾਹੀ ਡੋਲੀਆਂ ਦੇ ਲਾਲਚ ਦੇ ਕੇ ਇਸਲਾਮ ਧਰਮ ਧਾਰਨ ਕਰਨ ਲਈ ਕਿਹਾ ਗਿਆ, ਫਿਰ ਸਰੀਰਕ ਕਸ਼ਟ ਤੇ ਮੌਤ ਦੇ ਡਰਾਵੇ ਦਿੱਤੇ ਗਏ ਪਰੂ ਕੋਮਲ ਜਿੰਦਾਂ ਦੇ ਚਿਹਰਿਆਂ ‘ਤੇ ਸਿੱਖੀ ਪਿਆਰ, ਬੀਰਤਾ ਤੇ ਜੁਰਅਤ ਪ੍ਰਤੱਖ ਦਿਸ ਰਹੀ ਸੀ। ਸਾਹਿਬਜ਼ਾਦਿਆਂ ਦੇੇ ਅਡੋਲ ਚਿਤ ਰਹਿੰਦਿਆਂ ਰੋਅਬ ਭਰੇ ਜਵਾਬਾਂ ਨੇ ਸਭ ਨੂੰ ਕੰਬਣੀ ਛੇੜ ਦਿੱਤੀ।

ਸਾਹਿਬਜ਼ਾਦਿਆਂ ਨੂੰ ਇਸਲਾਮ ਧਾਰਨ ਕਰਵਾਉਣ ਲਈ ਲਗਾਤਾਰ ਲਾਲਚ, ਡਰਾਵੇ ਅਤੇ ਧਮਕੀਆਂ ਦਾ ਦੌਰ ਚਲਦਾ ਰਿਹਾ। ਪੇਸ਼ ਨਾ ਜਾਂਦੀ ਦੇਖ ਕੇ ਮੁੱਲਾਂ ਤੇ ਕਾਜ਼ੀਆਂ ਨੂੰ ਸਾਹਿਬਜ਼ਾਦਿਆਂ ਦੀ ਸਜ਼ਾ ਨਿਸ਼ਚਿਤ ਕਰਨ ਲਈ ਕਿਹਾ ਗਿਆ ਜਿਸ ‘ਤੇ ਉਨ੍ਹਾਂ ਸਾਹਿਬਜ਼ਾਦਿਆਂ ਨੂੰ ਨੀਹਾਂ ਵਿਚ ਚਿਣ ਕੇ ਸ਼ਹੀਦ ਕਰਨ ਦਾ ਹੁਕਮ ਸੁਣਾਇਆ। ਇੰਝ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਨੇ ਲਾਸਾਨੀ ਸ਼ਹਾਦਤ ਪ੍ਰਾਪਤ ਕਰ ਕੇ ਦੁਨੀਆ ਦੇ ਇਤਿਹਾਸ ਅੰਦਰ ਨਿਵੇਕਲਾ ਪੰਨਾ ਸਿਰਜਿਆ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖਬਰ ਸੁਣ ਕੇ ਮਾਤਾ ਗੁਜਰੀ ਜੀ ਵੀ ਠੰਢੇ ਬੁਰਜ ਵਿਚ ਗੁਰਪੁਰੀ ਪਿਆਨਾ ਕਰ ਗਏ। ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਦੇ ਕੇ ਜ਼ਮੀਨ ਖਰੀਦੀ।

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਸਿੱਖ ਸੰਘਰਸ਼ ਵਿਚ ਨਵੀਂ ਰੂਹ ਫੂਕ ਦਿੱਤੀ। ਦਸਮੇਸ਼ ਪਿਤਾ ਜੀ ਦਾ ਥਾਪੜਾ ਲੈ ਬਾਬਾ ਬੰਦਾ ਸਿੰਘ ਬਹਾਦਰ ਨੇ ਅਜਿਹੀ ਉਥਲ ਪੁਥਲ ਲਿਆਂਦੀ ਕਿ ਮੁਗ਼ਲ ਸਾਮਰਾਜ ਦੀਆਂ ਜੜ੍ਹਾਂ ਹਿੱਲ ਗਈਆਂ। ਸਿੱਖ ਯੋਧਿਆਂ ਨੇ ਸਮੇਂ ਦੇ ਹੈਂਕੜਬਾਜ਼ ਵਜ਼ੀਰ ਖਾਂ ਅਤੇ ਉਸ ਦੇ ਦਰਬਾਰੀਆਂ ਦੀ ਜੋ ਦਸ਼ਾ ਕੀਤੀ, ਉਹ ਇਤਿਹਾਸ ਬਣ ਗਿਆ। ਇਸ ਸਾਕੇ ਪਿੱਛੋਂ ਖ਼ਾਲਸੇ ਨੇ ਸਿੱਖ ਰਾਜ ਦੀ ਮੰਜ਼ਲ ਵੀ ਸਰ ਕੀਤੀ।

ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਿੱਖਾਂ ਲਈ ਮਾਰਗ ਦਰਸ਼ਕ ਹੈ। ਇਹ ਸ਼ਹਾਦਤਾਂ ਸਾਨੂੰ ਸਿੱਖ ਧਰਮ ਦੀਆਂ ਉਚੀਆਂ-ਸੁੱਚੀਆਂ ਕਦਰਾਂ ਕੀਮਤਾਂ ‘ਤੇ ਪਹਿਰਾ ਦੇਣ ਲਈ ਸਦਾ ਤਤਪਰ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ। ਆਓ, ਇਨ੍ਹਾਂ ਮਹਾਨ ਸ਼ਹਾਦਤਾਂ ਨੂੰ ਸਤਿਕਾਰ ਭੇਟ ਕਰਦਿਆਂ ਨੌਜੁਆਨੀ ਅਤੇ ਬੱਚਿਆਂ ਨੂੰ ਆਪਣੇ ਇਤਿਹਾਸ, ਪ੍ਰੰਪਰਾਵਾਂ, ਸਿਧਾਂਤਾਂ ਅਤੇ ਗੁਰਬਾਣੀ ਦੀ ਅੰਮ੍ਰਿਤਮਈ ਵਿਚਾਰਧਾਰਾ ਨਾਲ ਜੋੜੀਏ ਤਾਂ ਜੋ ਭਵਿੱਖ ਅੰਦਰ ਸਿੱਖ ਸਮਾਜ ਸਿੱਖ ਵਿਰਸੇ ਦੀ ਰੌਸ਼ਨੀ ਵਿਚ ਅੱਗੇ ਵਧ ਸਕੇ।
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।

Advertisement
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement