ਆਜ਼ਾਦੀ ਦਿਹਾੜਾ: ਵਿੱਤ ਮੰਤਰੀ ਨੇ ਪਟਿਆਲਾ ’ਚ ਲਹਿਰਾਇਆ ਕੌਮੀ ਝੰਡਾ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 16 ਅਗਸਤ
ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦਿਹਾੜੇ ਮੌਕੇ ਇੱਥੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿੱਚ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਦੌਰਾਨ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ।
ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਪੰਜਾਬ ਦੀ ਵਿੱਤੀ ਸਥਿਤੀ ਮਜ਼ਬੂਤ ਹੋਈ ਹੈ ਜਿਸ ਕਰ ਕੇ ਰਾਜ ਦੇ ਖ਼ਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਮੋਹਕਮ ਸਿੰਘ ਚੌਹਾਨ ਤੇ ਹੋਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਸਨਮਾਨ ਕੀਤਾ। ਸਮਾਰੋਹ ਵਿੱਚ ਉਨ੍ਹਾਂ ਦੇ ਨਾਲ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਅਜੀਤਪਾਲ ਸਿੰਘ ਕੋਹਲੀ ਤੇ ਗੁਰਲਾਲ ਘਨੌਰ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਡਾਇਰੈਕਟਰ (ਮੀਡੀਆ) ਬਲਤੇਜ ਪੰਨੂ, ਆਦਿ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਆਪਣੇ ਸੁਨੇਹੇ ਵਿੱਚ ਵਿੱਤ ਮੰਤਰੀ ਨੇ ਰੈੱਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡੀਆਂ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ‘ਆਪ’ ਦੇ ਸ਼ਹਿਰੀ ਪ੍ਰਧਾਨ ਤੇ ਡਾਇਰੈਕਟਰ ਤੇਜਿੰਦਰ ਮਹਿਤਾ, ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ‘ਆਪ’ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਪ੍ਰੀਤੀ ਮਲਹੋਤਰਾ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਆਦਿ ਆਗੂ ਹਾਜ਼ਰ ਸਨ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਮਾਲੇਰਕੋਟਲਾ ਵਿੱਚ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮਾਰਚ ਪਾਸਟ ਤੋਂ ਸਲਾਮੀ ਲਈ ਗਈ ਅਤੇ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ।
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ: ਬਲਬੀਰ ਸਿੰਘ
ਸੰਗਰੂਰ (ਗੁਰਦੀਪ ਸਿੰਘ ਲਾਲੀ): ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਪੁਲੀਸ ਲਾਈਨ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਇਆ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਵੀ ਉਨ੍ਹਾਂ ਦੇ ਨਾਲ ਸਨ। ਮੁੱਖ ਮਹਿਮਾਨ ਨੇ ਅਸਮਾਨ ਵਿੱਚ ਗੁਬਾਰੇ ਛੱਡੇ। ਪਰੇਡ ਦੇ ਨਿਰੀਖਣ ਤੋਂ ਬਾਅਦ ਉਨ੍ਹਾਂ ਇਸ ਵਿੱਚ ਸ਼ਾਮਲ ਵੱਖ-ਵੱਖ ਟੁੱਕੜੀਆਂ ਤੋਂ ਸਲਾਮੀ ਲਈ। ਡੀਐੱਸਪੀ ਦਿੜ੍ਹਬਾ ਪ੍ਰਿਥਵੀ ਸਿੰਘ ਚਹਿਲ ਦੀ ਅਗਵਾਈ ਹੇਠ ਪੰਜਾਬ ਪੁਲੀਸ ਦੇ ਜਵਾਨਾਂ, ਮਹਿਲਾ ਪੁਲੀਸ ਜਵਾਨਾਂ, ਹੋਮਗਾਰਡਜ਼ ਦੀਆਂ ਟੁੱਕੜੀਆਂ ਤੋਂ ਇਲਾਵਾ ਸਕਾਊਟਸ, ਗਾਈਡਜ਼, ਐੱਨਐੱਸਐੱਸ ਤੇ ਐੱਨਸੀਸੀ ਵਾਲੰਟੀਅਰਾਂ ਦੀਆਂ ਟੁਕੜੀਆਂ ਨੇ ਅਕਾਲ ਅਕੈਡਮੀ ਬੈਂਡ ਚੀਮਾ ਸਮੇਤ ਪਰੇਡ ਵਿੱਚ ਹਿੱਸਾ ਲਿਆ। ਕੈਬਨਿਟ ਮੰਤਰੀ ਵੱਲੋਂ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾ. ਬਲਬੀਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਵਿਧਾਇਕ ਲਹਿਰਾ ਬਰਿੰਦਰ ਗੋਇਲ ਸਮੇਤ ਪੁਲੀਸ ਲਾਈਨ ਵਿੱਚ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਡਾ. ਬਲਵੀਰ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸਰਗਰਮ ਉਪਰਾਲੇ ਜਾਰੀ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈਆਂ ਦਾ ਖਾਤਮਾ ਕਰ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਇਸ ਮੌਕੇ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਸਮੇਤ ਸਮੁੱਚੇ ਨਿਆਂਇਕ ਅਧਿਕਾਰੀ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਸਮੇਤ ਹੋਰ ਆਗੂ ਤੇ ਪਤਵੰਤੇ ਹਾਜ਼ਰ ਸਨ।