ਆਜ਼ਾਦੀ ਦਿਹਾੜਾ: ਫੁੱਲ ਡਰੈੱਸ ਰਿਹਰਸਲ ’ਚ ਦਿੱਸਿਆ ਦੇਸ਼ ਭਗਤੀ ਦਾ ਜਜ਼ਬਾ
ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਅਗਸਤ
ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣਗੇ, ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਐਸ.ਐਸ.ਪੀ.ਵਰੁਣ ਸ਼ਰਮਾ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਹੋਣ ਵਾਲੀ ਪਰੇਡ ਵਿੱਚ ਪੁਲੀਸ ਸਮੇਤ ਹੋਰ ਟੁਕੜੀਆਂ ਵੀ ਹਿੱਸਾ ਲੈਣਗੀਆਂ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਏ.ਸੀ.ਪੀ. (ਲੁਧਿਆਣਾ) ਜਸਰੂਪ ਕੌਰ ਬਾਠ ਅਤੇ ਸਹਾਇਕ ਕਮਾਂਡਰ ਡੀ.ਐਸ.ਪੀ. ਸੁਲਤਾਨਪੁਰ ਬੱਬਨਦੀਪ ਸਿੰਘ ਲੁਬਾਣਾ ਕਰਨਗੇ। ਡੀ.ਸੀ ਨੇ ਦੱਸਿਆ ਕਿ ਸਮਾਗਮ ਦੌਰਾਨ ਸੀ.ਐਮ. ਦੀ ਯੋਗਸ਼ਾਲਾ, ਘੋੜ ਸਵਾਰਾਂ ਦੇ ਕਰਤੱਬ, ਖੇਡਾਂ ਵਤਨ ਪੰਜਾਬ ਦੀਆਂ, ਗਤਕਾ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸਕੂਲੀ ਵਿਦਿਆਰਥੀ ਹਿੱਸਾ ਲੈਣਗੇ।
ਇਸ ਦੌਰਾਨ ਮੁੱਖ ਮੰਤਰੀ ਆਜ਼ਾਦੀ ਘੁਲਾਟੀਆਂ ਸਮੇਤ ਸ਼ਲਾਘਾਯੋਗ ਕਾਰਜ ਕਰਨ ਵਾਲਿਆਂ ਦਾ ਸਨਮਾਨ ਕਰਨਗੇ। ਹੜ੍ਹਾਂ ਕਰਕੇ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਮਗਰੋਂ ਮੁਆਵਜ਼ੇ ਦੇ ਚੈੱਕ ਵੀ ਪ੍ਰਦਾਨ ਕੀਤੇ ਜਾਣਗੇ ਤੇ ਰਾਜ ਪੱਧਰੀ ਪ੍ਰਸੰਸਾ ਪੱਤਰਾਂ ਦੀ ਵੰਡ ਵੀ ਕੀਤੀ ਜਾਵੇਗੀ। ਮੁੱਖ ਮੰਤਰੀ ਪੁਲੀਸ ਮੈਡਲ ਵੀ ਪ੍ਰਦਾਨ ਕਰਨਗੇ। ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਤਿਆਰੀਆਂ ਮੁਕੰਮਲ ਹਨ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਏ.ਡੀ.ਸੀਜ਼ ਜਗਜੀਤ ਸਿੰਘ, ਅਨੂਪ੍ਰਿਤਾ ਜੌਹਲ, ਈ.ਓ. ਪੀ.ਡੀ.ਏ. ਦੀਪਜੋਤ ਕੌਰ, ਐਸ.ਡੀ.ਐਮ. ਡਾ. ਇਸਮਿਤ ਵਿਜੈ ਸਿੰਘ ਵੀ ਮੌਜੂਦ ਸਨ।
ਸੰਗਰੂਰ ਵਿੱਚ ਆਜ਼ਾਦੀ ਦਿਵਸ ਸਮਾਗਮ ਦੀ ਅੰਤਿਮ ਰਿਹਰਸਲ
ਸੰਗਰੂਰ (ਗੁਰਦੀਪ ਸਿੰਘ ਲਾਲੀ): ਇੱਥੇ ਪੁਲੀਸ ਲਾਈਨ ਸਟੇਡੀਅਮ ਵਿੱਚ 15 ਅਗਸਤ ਨੂੰ ਮਨਾਏ ਜਾਣ ਵਾਲੇ 77ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਵਜੋਂ ਅੱਜ ਅੰਤਿਮ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਜੋਰਵਾਲ ਨੇ ਪੁਲੀਸ ਲਾਈਨ ਵਿੱਚ ਸਥਿਤ ਸ਼ਹੀਦੀ ਯਾਦਗਾਰ ਵਿੱਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸੁਰੇਂਦਰ ਲਾਂਬਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮਗਰੋਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪਰੇਡ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਬਾਅਦ ਵਿੱਚ ਪਰੇਡ ਕਮਾਂਡਰ ਡੀ.ਐੱਸ.ਪੀ ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਮਗਰੋਂ ਵੱਖ-ਵੱਖ ਸਭਿਆਚਾਰਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਕੋਰੀਓਗ੍ਰਾਫੀ ਅਤੇ ਗੀਤ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਦੇ ਰਵਾਇਤੀ ਲੋਕ ਨਾਚ ਗਿੱਧੇ ਤੇ ਭੰਗੜੇ ਦੀ ਵੀ ਵਿਦਿਆਰਥੀਆਂ ਨੇ ਪੇਸ਼ਕਾਰੀ ਕੀਤੀ।