‘ਇੰਡੀਆ’ ਗੱਠਜੋੜ ਭ੍ਰਿਸ਼ਟ ਪਾਰਟੀਆਂ ਦਾ ਸਮੂਹ: ਪੁਸ਼ਕਰ ਧਾਮੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਮਈ
‘‘‘ਇੰਡੀਆ’ ਗੱਠਜੋੜ ਭ੍ਰਿਸ਼ਟ ਪਾਰਟੀਆਂ ਦਾ ਗੱਠਜੋੜ ਹੈ, ਜੋ ਕਿ ਆਪਣੇ ਨਿੱਜੀ ਸਵਾਰਥ ਲਈ ਗੱਠਜੋੜ ਦਾ ਹਿੱਸਾ ਬਣੇ ਹੋਏ ਹਨ।’’ ਇਸ ਗੱਲ ਦਾ ਪ੍ਰਗਟਾਵਾ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਚੰਡੀਗੜ੍ਹ ਦੇ ਸੈਕਟਰ-46 ਵਿੱਚ ਭਾਜਪਾ ਉਮੀਦਵਾਰ ਸੰਜੈ ਟੰਡਨ ਦੀ ਹਮਾਇਤ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਧਾਮੀ ਨੇ ਕਿਹਾ ਕਿ ਇਕ ਪਾਸੇ ਦੇਸ਼ ਵਿੱਚ ਕਾਂਗਰਸ ਤੇ ‘ਆਪ’ ਵੱਲੋਂ ‘ਇੰਡੀਆ’ ਗੱਠਜੋੜ ਦੇ ਬੈਨਰ ਹੇਠ ਚੋਣਾਂ ਲੜੀਆਂ ਜਾ ਰਹੀਆਂ ਹਨ। ਦੂਜੇ ਪਾਸੇ ਪੰਜਾਬ ਵਿੱਚ ਦੋਵੇਂ ਪਾਰਟੀਆਂ ਇਕ ਦੂਜੇ ਦੇ ਵਿਰੁੱਧ ਚੋਣ ਲੜ ਰਹੀਆਂ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ‘ਇੰਡੀਆ’ ਗੱਠਜੋੜ ਦੀਆਂ ਸਿਆਸੀ ਪਾਰਟੀਆਂ ਨਿੱਜੀ ਸਵਾਰਥ ਲਈ ਇਕ ਮੰਚ ’ਤੇ ਇਕੱਠੇ ਹੋਣ ਦਾ ਡਰਾਮਾ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਵਿੱਚੋਂ ਸੀਏਏ ਨੂੰ ਖਤਮ ਕਰ ਕੇ ਮੁਸਲਿਮ ਪਰਸਨਲ ਲਾਅ ਜਾਂ ਸ਼ਰੀਆ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਮੁਸਲਮਾਨਾਂ ਨੂੰ ਓਬੀਸੀ ਸ਼੍ਰੇਣੀ ਵਿੱਚ ਸ਼ਾਮਲ ਕਰ ਕੇ ਓਬੀਸੀ ਕੋਟੇ ਨੂੰ ਘਟਾ ਦੇਵੇਗੀ। ਭਾਜਪਾ ਉਮੀਦਵਾਰ ਸੰਜੈ ਟੰਡਨ ਨੇ ਕਿਹਾ,‘‘ਪਹਿਲੀ ਜੂਨ ਨੂੰ ਫ਼ੈਸਲਾ ਕਰਨਾ ਹੋਵੇਗਾ ਕਿ ਅਸੀਂ ਅਜਿਹਾ ਪ੍ਰਧਾਨ ਮੰਤਰੀ ਚੁਣੀਏ, ਜੋ ਸਖ਼ਤ ਅਤੇ ਅਡੋਲ ਹੋਵੇ ਜਾਂ ਇੱਕ ਬੇਵੱਸ ਵਿਅਕਤੀ।’’ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਅਗਵਾਈ ਹੇਠ ਦੁਨੀਆ ਹੁਣ ਭਾਰਤ ਨੂੰ ਬਹੁਤ ਸਤਿਕਾਰ ਨਾਲ ਦੇਖਦੀ ਹੈ। ਸ੍ਰੀ ਟੰਡਨ ਨੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਮਸਲਿਆਂ ਨੂੰ ਯਕਮੁਸ਼ਤ ਸਮਝੌਤੇ ਰਾਹੀਂ ਅਤੇ ਲਾਲ ਡੋਰਾ ਦੇ ਮਸਲੇ ਹੱਲ ਕਰਨ ਦਾ ਵੀ ਵਾਅਦਾ ਕੀਤਾ। ਉਨ੍ਹਾਂ ਆਪਣੀ ਦੂਰਅੰਦੇਸ਼ੀ ਦੀ ਰੂਪ ਰੇਖਾ ਦੱਸਦਿਆਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਮੈਟਰੋ ਲਿਆਉਣ ਦਾ ਭਰੋਸਾ ਦਿੱਤਾ।
ਸੰਜੇ ਟੰਡਨ ਨੇ ਡੇਰਾ ਬਿਆਸ ਦੇ ਮੁਖੀ ਤੋਂ ਆਸ਼ੀਰਵਾਦ ਲਿਆ਼
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਿਖੇ ਪਹੁੰਚੇ। ਉਨ੍ਹਾਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਆਪਣੇ ਪਿਤਾ ਸਵਰਗਵਾਸੀ ਬਲਰਾਮਜੀ ਦਾਸ ਟੰਡਨ ਦੇ ਜੀਵਨ ਨੂੰ ਸਮਰਪਿਤ ਇੱਕ ਪੁਸਤਕ ‘ਬਲਰਾਮਜੀ ਦਾਸ ਟੰਡਨ-ਇੱਕ ਪ੍ਰੇਰਨਾਦਾਇਕ ਚਰਿੱਤਰ’ ਭੇਟ ਕੀਤੀ। ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਸੱਚਮੁੱਚ ਅਖੰਡ ਮਾਨਵਤਾਵਾਦ ਦੇ ਸਿਧਾਂਤ ਨੂੰ ਦਰਸਾਉਂਦੇ ਹਨ, ਉਨ੍ਹਾਂ ਵੱਲੋਂ ਸਮਾਜ ਪ੍ਰਤੀ ਸੇਵਾ ਦੀ ਭਾਵਨਾ ਨਾਲ ਕੀਤਾ ਜਾ ਰਿਹਾ ਕਾਰਜ ਸ਼ਲਾਘਾਯੋਗ ਹੈ।