‘ਇੰਡੀਆ’ ਭ੍ਰਿਸ਼ਟ ਆਗੂਆਂ ਨਾਲ ਭਰਿਆ: ਨੱਢਾ
ਦੋਈਮੁਖ, 10 ਅਪਰੈਲ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਨੂੰ ਕਰਾਰੇ ਹੱਥੀਂ ਲੈਂਦਿਆਂ ਇਸ ਨੂੰ ‘ਘਮੰਡੀਆ’ ਗੱਠਜੋੜ ਕਰਾਰ ਦਿੱਤਾ ਜੋ ਭ੍ਰਿਸ਼ਟ ਆਗੂਆਂ ਨਾਲ ਭਰਿਆ ਹੋਇਆ ਹੈ। ਇਸ ਤੋਂ ਪਹਿਲਾਂ ਨੱਢਾ ਨੇ 19 ਅਪਰੈਲ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਇੱਕੋ ਸਮੇਂ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਉਨ੍ਹਾਂ ਨੇ ‘ਇੰਡੀਆ’ ’ਤੇ ਭ੍ਰਿਸ਼ਟ ਆਗੂਆਂ ਨੂੰ ਪਨਾਹ ਦੇਣ ਦਾ ਦੋਸ਼ ਵੀ ਲਾਇਆ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ਕਿਹਾ ਕਿ ਕਾਨੂੰਨ ਸਾਰੇ ਭ੍ਰਿਸ਼ਟ ਆਗੂਆਂ ਖ਼ਿਲਾਫ਼ ਕਾਰਵਾਈ ਕਰੇਗਾ। ਇੱਥੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਕਿਹਾ, “ਵਿਰੋਧੀ ਗੱਠਜੋੜ ਅਸਲ ਵਿੱਚ ਹੰਕਾਰੀ ਲੋਕਾਂ ਦਾ ਗੱਠਜੋੜ ਹੈ ਜੋ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੀ ਸਿਆਸਤ ਕਰਦਾ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਹਨ ਉਥੇ ਹੀ ਵਿਰੋਧੀ ਗੱਠਜੋੜ ਦੇ ਕਈ ਆਗੂ ਘੁਟਾਲਿਆਂ ਵਿੱਚ ਸ਼ਾਮਲ ਹਨ।’’ -ਪੀਟੀਆਈ