For the best experience, open
https://m.punjabitribuneonline.com
on your mobile browser.
Advertisement

ਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀ

12:30 PM Aug 06, 2024 IST
ਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀ
ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਬੰਗਲਾਦੇਸ਼ ਦੇ ਹਾਲਾਤ ਬਾਰੇ ਜਾਣੂ ਕਰਵਾਉਂਦੇ ਹੋਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 6 ਅਗਸਤ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ ਸਮਰਥਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਜੈਸ਼ੰਕਰ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਗੁਆਂਢੀ ਦੇਸ਼ ਦੀ ਮੌਜੂਦਾ ਸਥਿਤੀ ਅਤੇ ਇਸ ਦੇ ਭਾਰਤ ’ਤੇ ਪੈਣ ਵਾਲੇ ਪ੍ਰਭਾਵ ਬਾਰੇ ਦੱਸਿਆ। ਇਸ ਦੌਰਾਨ ਜੈਸ਼ੰਕਰ ਨੇ ਆਗੂਆਂ ਨੂੰ ਦੱਸਿਆ ਕਿ ਭਾਰਤ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਦਦ ਦਾ ਭਰੋਸਾ ਦਿਵਾਉਂਦੇ ਹੋਏ ਉਨ੍ਹਾਂ ਨੂੰ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸਮਾਂ ਦਿੱਤਾ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਜੈਸ਼ੰਕਰ ਨੇ ਕਿਹਾ ਕਿ ਭਾਰਤ ਗੁਆਂਢੀ ਮੁਲਕ ਵਿੱਚ ਮੌਜੂਦ 10,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬੰਗਲਾਦੇਸ਼ੀ ਫੌਜ ਦੇ ਸੰਪਰਕ ਵਿੱਚ ਹੈ। ਜੈਸ਼ੰਕਰ ਨੇ ਕਿਹਾ ਕਿ ਸਰਕਾਰ ਬੰਗਲਾਦੇਸ਼ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਮੀਟਿੰਗ ਤੋਂ ਬਾਅਦ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਹੋਈ ਸਰਬ ਪਾਰਟੀ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਲਿਖਿਆ, ‘‘ਅੱਜ ਸੰਸਦ ਵਿੱਚ ਇਕ ਸਰਬ ਪਾਰਟੀ ਮੀਟਿੰਗ ਵਿੱਚ ਬੰਗਲਾਦੇਸ਼ ਦੇ ਮੌਜੂਦਾ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜਤਾਏ ਗਏ ਸਰਬਸੰਮਤ ਸਮਰਥਨ ਅਤੇ ਤਾਲਮੇਲ ਲਈ ਸਾਰੀਆਂ ਪਾਰਟੀਆਂ ਦੀ ਸ਼ਲਾਘਾ ਕਰਦਾ ਹਾਂ।’’

Advertisement

ਸਰਬ ਪਾਰਟੀ ਮੀਟਿੰਗ ’ਚੋਂ ਬਾਹਰ ਆਉਂਦੇ ਹੋਏ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂ। -ਫੋਟੋ: ਪੀਟੀਆਈ

ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ, ਲੋਕ ਸਭਾ ਵਿੱਚ ਟੀਐੱਮਸੀ ਦੇ ਆਗੂ ਸੁਦੀਪ ਬੰਦੋਪਾਧਿਆਏ, ਰਾਸ਼ਟਰੀ ਜਨਤਾ ਦਲ ਦੀ ਮੀਸਾ ਭਾਰਤੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਭਾਜਪਾ ਦੀਆਂ ਭਾਈਵਾਲ ਪਾਰਟੀਆਂ ਦੇ ਆਗੂ ਵੀ ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿੱਚ ਰਾਖਵੇਂਕਰਨ ਵਿਰੋਧੀ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਅਚਨਚੇਤ ਅਸਤੀਫਾ ਦਿੱਤੇ ਜਾਣ ਅਤੇ ਦੇਸ਼ ਛੱਡ ਕੇ ਜਾਣ ਨਾਲ ਉੱਥੇ ਅਰਾਜਕਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਇੱਕ ਦਿਨ ਬਾਅਦ ਹੋਈ ਹੈ। -ਪੀਟੀਆਈ

Advertisement

Advertisement
Author Image

Advertisement