‘ਇੰਡੀਆ’ ਗੱਠਜੋੜ ਛੱਡਣ ਲਈ ਦਬਾਅ ਪਾ ਰਹੀ ਹੈ ਭਾਜਪਾ: ‘ਆਪ’
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਫਰਵਰੀ
ਆਮ ਆਦਮੀ ਪਾਰਟੀ ਨੇ ਭਾਜਪਾ ’ਤੇ ਦੋਸ਼ ਲਗਾਇਆ ਹੈ ਕਿ ਉਹ ਪਾਰਟੀ ’ਤੇ ‘ਇੰਡੀਆ’ ਗੱਠਜੋੜ ਛੱਡਣ ਲਈ ਦਬਾਅ ਪਾ ਰਹੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ‘ਆਪ’ ਵਰਕਰਾਂ ਨੂੰ ਡਰਾਉਣ ਲਈ ਜਲਦੀ ਹੀ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕਰ ਸਕਦੀ ਹੈ। ‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਸੈਕਟਰ-39 ਸਥਿਤ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਲ 2024 ਦੀਆਂ ਆਮ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਭਾਜਪਾ ਇਨ੍ਹਾਂ ਚੋਣਾਂ ਵਿੱਚ ‘ਇੰਡੀਆ’ ਗੱਠਜੋੜ ਹੱਥੋਂ ਆਪਣੀ ਹਾਰ ਦੇਖ ਸਕਦੀ ਹੈ। ਇਸ ਲਈ ਉਹ ‘ਇੰਡੀਆ’ ਗੱਠਜੋੜ ਨੂੰ ਤੋੜਨ ਲਈ ਤਰ੍ਹਾਂ-ਤਰ੍ਹਾਂ ਦੇ ਹਥਕੰਡੇ ਅਪਣਾ ਰਹੀ ਹੈ। ਸ੍ਰੀ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਪਿਛਲੇ 10 ਸਾਲਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਇਸ ਦੌਰਾਨ ਦੇਸ਼ ਵਿੱਚ ਭ੍ਰਿਸ਼ਟਾਚਾਰ, ਮਹਿੰਗਾਈ ਤੇ ਬੇਰੁਜ਼ਗਾਰੀ ਅਸਮਾਨੀ ਪਹੁੰਚ ਗਈ ਹੈ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਬਜਾਏ, ਕਿਸਾਨਾਂ ਨੂੰ ਬੁਨਿਆਦੀ ਹੱਕਾਂ ਤੋਂ ਵੀ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਤੋਂ ਅੱਕ ਚੁੱਕੇ ਹਨ ਅਤੇ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦਾ ਕੋਈ ਵੀ ਵਰਕਰ ਭਾਜਪਾ ਦੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ।