For the best experience, open
https://m.punjabitribuneonline.com
on your mobile browser.
Advertisement

ਇੱਕੀਵੀ ਸਦੀ ਵਿੱਚ ਭਾਰਤ ਨਵੀਆਂ ਬੁਲੰਦੀਆਂ ਛੂਹ ਰਿਹੈ: ਕੋਵਿੰਦ

07:05 AM Mar 20, 2024 IST
ਇੱਕੀਵੀ ਸਦੀ ਵਿੱਚ ਭਾਰਤ ਨਵੀਆਂ ਬੁਲੰਦੀਆਂ ਛੂਹ ਰਿਹੈ  ਕੋਵਿੰਦ
ਅਜੀਤ ਡੋਵਾਲ ਨੂੰ ਡਿਗਰੀ ਦਿੰਦੇ ਹੋਏ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ। -ਫੋਟੋ ਪਵਨ ਸ਼ਰਮਾ
Advertisement

ਮਨੋਜ ਸ਼ਰਮਾ
ਬਠਿੰਡਾ, 19 ਮਾਰਚ
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਾਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੌਕੇ 864 ਭਾਰਤੀ ਅਤੇ ਕੌਮਾਂਤਰੀ ਵਿਦਿਆਰਥੀਆਂ ਨੂੰ ਪੀਜੀ/ਪੀਐੱਚਡੀ ਡਿਗਰੀਆਂ ਵੰਡੀਆਂ ਗਈਆਂ।
ਸਮਾਗਮ ਦੌਰਾਨ, ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਆਪੋ-ਆਪਣੇ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਚਾਰ ਨਾਮਵਰ ਸ਼ਖਸੀਅਤਾਂ ਨੂੰ ਆਨਰੇਰੀ ਡਿਗਰੀਆਂ ਦਿੱਤੀਆਂ। ਸ੍ਰੀ ਅਜੀਤ ਡੋਵਾਲ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਕੀਰਤੀ ਚੱਕਰ ਐਵਾਰਡੀ ਨੂੰ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਨਿਰਸਵਾਰਥ ਸੇਵਾ ਲਈ ਡੀ.ਲਿਟ. ਦੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਦੇ ਪਹਿਲੇ ਸੁਪਰ ਕੰਪਿਊਟਰ ਦੇ ਆਰਕੀਟੈਕਟ, ਡਾ. ਵਿਜੇ ਭਾਟਕਰ ਨੂੰ ਡਾਕਟਰ ਆਫ਼ ਸਾਇੰਸ ਨਾਲ ਸਨਮਾਨਿਤ ਕੀਤਾ ਗਿਆ। ਸਮਾਜ ਸੇਵੀ ਡਾ. ਹਰਜੀਤ ਸਿੰਘ ਸੱਭਰਵਾਲ ਨੂੰ ਸਿਹਤ ਸੰਭਾਲ ਦੇ ਖੇਤਰ ਵਿੱਚ ਕੀਤੇ ਗਏ ਕਾਰਜਾਂ ਲਈ ਡੀ.ਲਿਟ. ਦੀ ਡਿਗਰੀ ਨਾਲ ਸਨਮਾਨਤ ਕੀਤਾ ਗਿਆ। ਗਾਇਕਾ ਡਾ. ਜਸਪਿੰਦਰ ਨਰੂਲਾ ਨੂੰ ਭਗਤੀ ਭਰਪੂਰ ਪੰਜਾਬੀ ਸੰਗੀਤ ਨੂੰ ਉਤਸ਼ਾਹਿਤ ਕਰਨ ਲਈ ਡੀ.ਲਿਟ. ਦੀ ਡਿਗਰੀ ਨਾਲ ਸਨਮਾਨਤ ਕੀਤਾ ਗਿਆ।
ਇਸ ਮੌਕੇ ਸਾਬਕਾ ਰਾਸ਼ਟਰਪਤੀ, ਰਾਮ ਨਾਥ ਕੋਵਿੰਦ ਨੇ ਵੱਖ-ਵੱਖ ਵਿਸ਼ਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 45 ਹੋਣਹਾਰ ਵਿਦਿਆਰਥੀਆਂ ਨੂੰ ਸੋਨੇ ਦੇ ਤਗ਼ਮੇ ਪ੍ਰਦਾਨ ਕੀਤੇ। ਉਨ੍ਹਾਂ ਮਹਿਲਾ ਵਿਦਿਆਰਥਣਾਂ ਨੂੰ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਨਰੇਰੀ ਡਿਗਰੀ ਪ੍ਰਾਪਤ ਕਰਨ ਵਾਲੀਆਂ ਚਾਰ ਉੱਘੀਆਂ ਸ਼ਖ਼ਸੀਅਤਾਂ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਤੋਂ ਜਾਣੂ ਹੋਣ ਅਤੇ ਦੇਸ਼ ਦਾ ਮਾਣ ਵਧਾਉਣ ਲਈ ਕੰਮ ਕਰਨ। ਇਸ ਮੌਕੇ ਸ੍ਰੀ ਕੋਵਿੰਦ ਨੇ ਦਸ ਸਿੱਖ ਗੁਰੂਆਂ ਦੀ ਧਰਤੀ ਵਜੋਂ ਜਾਣੇ ਜਾਂਦੇ ਪੰਜਾਬ ਦੀ ਧਰਤੀ ’ਤੇ ਆਉਣ ਉੱਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ, ਜਿੱਥੇ ਗੁਰੂ ਗੋਬਿੰਦ ਸਿੰਘ ਜੀ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਸੰਕਲਨ ਨੂੰ ਅੰਤਿਮ ਰੂਪ ਦਿੱਤਾ ਸੀ ਦੇ ਨੇੜੇ ਪੜ੍ਹਨ ਦਾ ਮਾਣ ਪ੍ਰਾਪਤ ਹੈ।
ਸ੍ਰੀ ਕੋਵਿੰਦ ਨੇ ਕਿਹਾ ਕਿ 21ਵੀਂ ਸਦੀ ਵਿੱਚ ਭਾਰਤ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਪਿਛਲੇ ਇਕ ਦਹਾਕੇ ਵਿੱਚ ਦੇਸ਼ ਨੇ ਹਵਾਬਾਜ਼ੀ, ਰੱਖਿਆ ਤਕਨਾਲੋਜੀ, ਗਲੋਬਲ ਡਿਪਲੋਮੇਸੀ ਆਦਿ ਵਿੱਚ ਨਵੇਂ ਮਾਪਦੰਡ ਸਥਾਪਤ ਕੀਤੇ ਹਨ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾਰੀ ਨੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਿਜੇ ਸ਼ਰਮਾ, ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰਕੇ ਵਸੀਰਿਕਾ, ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਬੀਪੀ ਗਰਗ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×