ਭਾਰਤੀ ਫੌਜ ਕਿਸੇ ਵੀ ਸਥਿਤੀ ਦੇ ਟਾਕਰੇ ਲਈ ਤਿਆਰ ਰਹੇ: ਰਾਜਨਾਥ ਸਿੰਘ
ਨਵੀਂ ਦਿੱਲੀ, 19 ਅਕਤੂਬਰ
Defence Minister Rajnath Singh: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਨੂੰ ਕਿਸੇ ਵੀ ਸਥਿਤੀ ਦੇ ਟਾਕਰੇ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਭਾਰਤੀ ਫੌਜ ਨੂੰ ਰਣਨੀਤਕ ਲਾਭ ਲੈਣ ਲਈ ਗੰਭੀਰਤਾ ਨਾਲ ਸੋਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੌਜੂਦਾ ਦੌਰ ਵਿਚ ਵਿਰੋਧੀਆਂ ਦੀਆਂ ਨਵੀਨਤਮ ਤਕਨਾਲੋਜੀਆਂ ਦੀਆਂ ਸੰਭਾਵਨਾਵਾਂ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਜ਼ਰੂਰਤ ਹੈ। ਰੱਖਿਆ ਮੰਤਰੀ ਨੇ ਕਿਹਾ, ‘ਸਾਡੇ ਅਧਿਕਾਰੀਆਂ ਨੂੰ ਇਨ੍ਹਾਂ ਤਕਨਾਲੋਜੀਆਂ ਨੂੰ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਵਰਤਣ ਦੇ ਯੋਗ ਹੋਣਾ ਚਾਹੀਦਾ ਹੈ।’
ਉਨ੍ਹਾਂ ਨੈਸ਼ਨਲ ਡਿਫੈਂਸ ਕਾਲਜ (ਐੱਨਡੀਸੀ) ਦੇ ਡਿਗਰੀ ਵੰਡ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਵਿਚ ਡਰੋਨ, ਸਵੈ ਚਾਲਿਤ ਮਸ਼ੀਨਾਂ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਆਦਿ ਨਾਲ ਸਬੰਧਤ ਕਈ ਸਮੱਸਿਆਵਾਂ ਦਰਪੇਸ਼ ਹਨ। ਉਨ੍ਹਾਂ ਕਿਹਾ ਕਿ ਫੌਜੀ ਅਧਿਕਾਰੀ ਭੂ-ਰਾਜਨੀਤੀ, ਕੌਮਾਂਤਰੀ ਸਬੰਧਾਂ ਅਤੇ ਗਲੋਬਲ ਸੁਰੱਖਿਆ ਗਠਜੋੜਾਂ ਦੀਆਂ ਸਮੱਸਿਆਵਾਂ ਦੀ ਡੂੰਘਾਈ ਨਾਲ ਸਮਝ ਰੱਖਣ ਕਿਉਂਕਿ ਉਨ੍ਹਾਂ ਵੱਲੋਂ ਲਏ ਗਏ ਫੈਸਲਿਆਂ ਦੇ ਦੂਰਗਾਮੀ ਨਤੀਜੇ ਨਿਕਲ ਸਕਦੇ ਹਨ। ਪੀਟੀਆਈ