ਬਠਿੰਡਾ ਵਿੱਚ ਇੰਡੀਅਨ ਸਵੱਛਤਾ ਲੀਗ ਦਾ ਆਗ਼ਾਜ਼
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 18 ਸਤੰਬਰ
‘ਇੰਡੀਅਨ ਸਵੱਛਤਾ ਲੀਗ-2’ ਦੀ ਸ਼ੁਰੂਆਤ ਮੌਕੇ ਇੱਥੇ ਦਾਦੀ ਪੋਤੀ ਪਾਰਕ ਵਿੱਚ ਨਗਰ ਨਿਗਮ ਵੱਲੋਂ ਕਰਵਾਏ ਗਏ ਪ੍ਰੋਗਰਾਮ ’ਚ ਬਠਿੰਡਾ ਸ਼ਹਿਰ ਦੇ ਨੌਜਵਾਨਾਂ ਵਲੋਂ ਸਫਾਈ ਮੁਹਿੰਮ ਦਾ ਆਗ਼ਾਜ਼ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਅਤੇ ਬਠਿੰਡਾ (ਸ਼ਹਿਰੀ) ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇੰਡੀਅਨ ਸਵੱਛਤਾ ਲੀਗ-2 ਵਿੱਚ ਸਾਫ਼-ਸਫ਼ਾਈ ਦੇ ਮਾਮਲੇ ’ਚ ਸਾਡੇ ਸ਼ਹਿਰ ਦਾ ਮੁਕਾਬਲਾ ਦੇਸ਼ ਦੇ ਸਾਰੇ ਸ਼ਹਿਰਾਂ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਲਈ ਬਠਿੰਡਾ ਸ਼ਹਿਰ ਦੀ ਸਾਫ਼-ਸਫ਼ਾਈ ਰੱਖਣ ਲਈ ਸਾਰਿਆਂ ਨੂੰ ਰਲਕੇ ਆਪਣਾ ਯੋਗਦਾਨ ਪਾਉਣਾ ਜ਼ਰੂਰੀ ਹੋਵੇਗਾ ਤਾਂ ਹੀ ਇਸ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕਰਕੇ ਬਠਿੰਡਾ ਸ਼ਹਿਰ ਨੂੰ ਦੇਸ਼ ਦਾ ਸਭ ਤੋਂ ਸਵੱਛ ਸ਼ਹਿਰ ਬਣਾਇਆ ਜਾ ਸਕਦਾ ਹੈ। ਸ੍ਰੀ ਗਿੱਲ ਨੇ ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਸਵੱਛਤਾ ਸਬੰਧੀ ਜਾਗਰੂਕ ਕਰਨ ਲਈ ਕਰਵਾਏ ਨਾਟਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਨਾਟਕ ਸ਼ਹਿਰ ਦੀਆਂ ਹੋਰਨਾਂ ਥਾਵਾਂ ’ਤੇ ਜ਼ਰੂਰ ਕਰਨੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਇੰਡੀਅਨ ਸਵੱਛਤਾ ਲੀਗ-2’ ਤਹਿਤ ਨਗਰ ਨਿਗਮ ਵੱਲੋਂ ਚਲਾਈ ਗਈ ਮੁਹਿੰਮ ਚ ਸ਼ਹਿਰ ਦੀ ਸਾਫ਼-ਸਫ਼ਾਈ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਇਆ ਜਾਵੇ। ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮੇਅਰ ਨਗਰ ਨਿਗਮ ਰਮਨ ਗੋਇਲ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ, ਚੇਅਰਮੈਨ ਸ਼ੂਗਰਫੈਡ ਪੰਜਾਬ ਐਡਵੋਕੇਟ ਨਵਦੀਪ ਜੀਦਾ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ ਆਦਿ ਹਾਜ਼ਰ ਸਨ।