ਇੰਡੀਅਨ ਆਇਲ ਮੁੰਬਈ ਨੇ ਜਿੱਤਿਆ ਸੁਰਜੀਤ ਹਾਕੀ ਟੂਰਨਾਮੈਂਟ
ਹਤਿੰਦਰ ਮਹਿਤਾ
ਜਲੰਧਰ, 26 ਅਕਤੂਬਰ
ਇੰਡੀਅਨ ਆਇਲ ਮੁੰਬਈ ਨੇ ਭਾਰਤ ਪੈਟਰੋਲੀਅਮ ਮੁੰਬਈ ਨੂੰ 3-0 ਦੇ ਫਰਕ ਨਾਲ ਹਰਾ ਕੇ 41ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਖਿਤਾਬ ’ਤੇ ਛੇਵੀਂ ਵਾਰ ਕਬਜ਼ਾ ਕੀਤਾ। ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ ਸਮਾਪਤ ਹੋਏ ਇਸ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੀਤੀ। ਜੇਤੂ ਟੀਮ ਨੂੰ ਜੇਤੂ ਟਰਾਫੀ ਦੇ ਨਾਲ ਅਮੋਲਕ ਸਿੰਘ ਗਾਖਲ (ਗਾਖਲ ਬ੍ਰਦਰਜ਼ ਯੂਐਸਏ) ਵੱਲੋਂ 5.50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਜਦਕਿ ਉਪ ਜੇਤੂ ਟੀਮ ਨੂੰ ਟਰਾਫੀ ਦੇ ਨਾਲ 2-50 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ। ਫਾਈਨਲ ਮੈਚ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਇਸ ਮੌਕੇ ਉਨ੍ਹਾਂ ਸੁਰਜੀਤ ਹਾਕੀ ਸੁਸਾਇਟੀ ਨੂੰ 25 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ। ਫਾਈਨਲ ਮੈਚ ਤੋਂ ਪਹਿਲਾਂ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਅਮੋਲਕ ਸਿੰਘ ਗਾਖਲ, ਨੱਥਾ ਸਿੰਘ ਗਾਖਲ, ਇੰਡੀਅਨ ਆਇਲ ਤੋਂ ਰਾਜਨ ਬੇਰੀ ਤੇ ਅਤੁਲ ਅਗਰਵਾਲ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਇਕਬਾਲ ਸਿੰਘ ਸੰਧੂ, ਰਾਜਵਿੰਦਰ ਕੌਰ ਥਿਆੜਾ ਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ।
ਹਾਕੀ ਵਿਸ਼ਵ ਕੱਪ 1975 ਦੇ ਜੇਤੂ ਭਾਰਤੀ ਟੀਮ ਦੇ ਖਿਡਾਰੀਆਂ ਦਾ ਸਨਮਾਨ
ਸੁਰਜੀਤ ਹਾਕੀ ਸੁਸਾਇਟੀ ਵੱਲੋਂ 1975 ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ 5 ਲੱਖ ਰੁਪਏ ਨਾਲ ਸਨਮਾਨ ਕੀਤਾ ਗਿਆ। ਇਨ੍ਹਾਂ ਖਿਡਾਰੀਆਂ ਨੂੰ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਤੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਸਨਮਾਨਿਤ ਕੀਤਾ। ਸਨਮਾਨੇ ਖਿਡਾਰੀਆਂ ਵਿੱਚ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਕਪਤਾਨ ਓਲੰਪੀਅਨ ਅਜੀਤਪਾਲ ਸਿੰਘ, ਓਲੰਪੀਅਨ ਅਸ਼ੋਕ ਧਿਆਨ ਚੰਦ, ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ, ਓਲੰਪੀਅਨ ਬੀਪੀ ਗੋਵਿੰਦਾ, ਓਲੰਪੀਅਨ ਅਸਲਮ ਸ਼ੇਰ ਖਾਨ, ਓਲੰਪੀਅਨ ਓਂਕਾਰ ਸਿੰਘ, ਓਲੰਪੀਅਨ ਹਰਿੰਦਰਜੀਤ ਸਿੰਘ ਚਿਮਨੀ, ਓਲੰਪੀਅਨ ਅਸ਼ੋਕ ਦੀਵਾਨ, ਓਲੰਪੀਅਨ ਪੀ ਕਲੰਈਆ ਅਤੇ ਓਲੰਪੀਅਨ ਐੱਲ ਫਰਨਾਂਡੇਜ਼ ਸ਼ਾਮਲ ਹਨ।