For the best experience, open
https://m.punjabitribuneonline.com
on your mobile browser.
Advertisement

ਯੂਕਰੇਨ ਪੁੱਜਿਆ ਭਾਰਤੀ ਅਸਲਾ, ਰੂਸ ਨਾਰਾਜ਼

06:54 AM Sep 20, 2024 IST
ਯੂਕਰੇਨ ਪੁੱਜਿਆ ਭਾਰਤੀ ਅਸਲਾ  ਰੂਸ ਨਾਰਾਜ਼
Advertisement

ਨਵੀਂ ਦਿੱਲੀ, 19 ਸਤੰਬਰ
ਭਾਰਤੀ ਹਥਿਆਰ ਨਿਰਮਾਤਾਵਾਂ ਵੱਲੋਂ ਯੂਰੋਪੀ ਗਾਹਕਾਂ ਨੂੰ ਵੇਚੇ ਤੋਪਾਂ ਦੇ ਗੋਲੇ ਉਨ੍ਹਾਂ ਅੱਗੇ ਰੂਸ ਖ਼ਿਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਭੇਜ ਦਿੱਤੇ ਹਨ। ਰੂਸ ਵੱਲੋਂ ਇਸ ਦੇ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਭਾਰਤ ਨੇ ਇਸ ਕਾਰਵਾਈ ਨੂੰ ਰੋਕਣ ਲਈ ਕੋਈ ਦਖ਼ਲ ਨਹੀਂ ਦਿੱਤਾ। ਭਾਰਤੀ ਅਸਲਾ ਯੂਕਰੇਨ ਭੇਜਣ ਵਾਲੇ ਯੂਰਪੀ ਮੁਲਕਾਂ ਵਿਚ ਇਟਲੀ ਤੇ ਚੈੱਕ ਗਣਰਾਜ ਵੀ ਸ਼ਾਮਲ ਹਨ। ਖ਼ਬਰ ਏਜੰਸੀ ਰਾਇਟਰਜ਼ ਨੇ ਆਪਣੀ ਖ਼ਾਸ ਰਿਪੋਰਟ ਵਿਚ ਦਾਅਵਾ ਕੀਤਾ ਕਿ ਇਹ ਖ਼ੁਲਾਸਾ ਭਾਰਤੀ ਤੇ ਯੂਰਪੀ ਅਧਿਕਾਰੀਆਂ ਤੇ ਰੱਖਿਆ ਸਨਅਤ ਨਾਲ ਜੁੜੇ ਸੂਤਰਾਂ ਵੱਲੋਂ ਕੀਤਾ ਗਿਆ ਹੈ ਅਤੇ ਏਜੰਸੀ ਦੇ ਆਪਣੇ ਵਿਸ਼ਲੇਸ਼ਣ ਵਿਚ ਵੀ ਇਹ ਗੱਲ ਉੱਭਰ ਕੇ ਆਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਖ਼ਬਰ ਏਜੰਸੀ ਵੱਲੋਂ ਕੀਤੇ ਦਾਅਵਿਆਂ ਨੂੰ ਖਾਰਜ ਕੀਤਾ ਹੈ। ਸੂਤਰਾਂ ਅਤੇ ਗਾਹਕਾਂ ਦੇ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਰੂਸ ਖ਼ਿਲਾਫ਼ ਜੰਗ ਵਿਚ ਯੂਰਪੀ ਮੁਲਕਾਂ ਵੱਲੋਂ ਦਿੱਤੀ ਜਾ ਰਹੀ ਮਦਦ ਦੇ ਹਿੱਸੇ ਵਜੋਂ ਕੀਵ ਨੂੰ ਭਾਰਤੀ ਅਸਲੇ ਦੀ ਇਹ ਸਪਲਾਈ ਬੀਤੇ ਕਰੀਬ ਸਾਲ ਤੋਂ ਜਾਰੀ ਹੈ। ਗ਼ੌਰਤਲਬ ਹੈ ਕਿ ਭਾਰਤ ਦੇ ਹਥਿਆਰਾਂ ਦੀ ਬਰਾਮਦ ਸਬੰਧੀ ਨਿਯਮ ਵੇਚੇ ਗਏ ਹਥਿਆਰਾਂ ਨੂੰ ਇਨ੍ਹਾਂ ਦੇ ਐਲਾਨੀਆ ਗਾਹਕਾਂ ਤੋਂ ਇਲਾਵਾ ਕਿਸੇ ਹੋਰ ਵੱਲੋਂ ਵਰਤੇ ਜਾਣ ਦੀ ਮਨਾਹੀ ਕਰਦੇ ਹਨ ਅਤੇ ਗਾਹਕਾਂ ਵੱਲੋਂ ਅਜਿਹਾ ਕੀਤੇ ਜਾਣ ’ਤੇ ਉਨ੍ਹਾਂ ਨੂੰ ਭਵਿੱਖ ਵਿਚ ਹਥਿਆਰ ਦੇਣ ਤੋਂ ਨਾਂਹ ਕੀਤੀ ਜਾ ਸਕਦੀ ਹੈ। ਤਿੰਨ ਭਾਰਤੀ ਅਧਿਕਾਰੀਆਂ ਮੁਤਾਬਕ ਮਾਸਕੋ ਨੇ ਘੱਟੋ-ਘੱਟ ਦੋ ਵਾਰ ਇਹ ਮਾਮਲਾ ਭਾਰਤ ਕੋਲ ਉਠਾਇਆ ਹੈ, ਜਿਨ੍ਹਾਂ ’ਚ ਬੀਤੇ ਜੁਲਾਈ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਹੋਈ ਮੀਟਿੰਗ ਵੀ ਸ਼ਾਮਲ ਹੈ। ਖ਼ਬਰ ਏਜੰਸੀ ਵੱਲੋਂ ਸੰਪਰਕ ਕੀਤੇ ਜਾਣ ’ਤੇ ਭਾਰਤੀ ਅਤੇ ਰੂਸੀ ਰੱਖਿਆ ਮੰਤਰਾਲਿਆਂ ਨੇ ਇਸ ਸਬੰਧੀ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ। ਜਨਵਰੀ ਮਹੀਨੇ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਭਾਰਤ ਨੇ ਯੂਕਰੇਨ ਨੂੰ ਨਾ ਤਾਂ ਤੋਪਾਂ ਦੇ ਗੋਲੇ ਵੇਚੇ ਹਨ ਅਤੇ ਨਾ ਹੀ ਭੇਜੇ ਹਨ। ਭਾਰਤ ਸਰਕਾਰ ਅਤੇ ਰੱਖਿਆ ਸਨਅਤ ਨਾਲ ਸਬੰਧਤ ਸੂਤਰਾਂ ਨੇ ਦੱਸਿਆ ਕਿ ਯੂਕਰੇਨ ਵਿਚ ਵਰਤੇ ਜਾ ਰਹੇ ਅਸਲੇ ਦਾ ਬਹੁਤ ਛੋਟਾ ਜਿਹਾ ਹਿੱਸਾ ਹੀ ਭਾਰਤ ਵੱਲੋਂ ਬਣਾਇਆ ਜਾਂਦਾ ਹੈ। ਅਧਿਕਾਰੀ ਨੇ ਕਿਹਾ ਕਿ ਜੰਗ ਸ਼ੁਰੂ ਹੋਣ ਤੋਂ ਬਾਅਦ ਕੀਵ ਵੱਲੋਂ ਦਰਾਮਦ ਕੀਤੇ ਅਸਲੇ ਵਿਚ ਭਾਰਤੀ ਅਸਲੇ ਦਾ ਹਿੱਸਾ ਮਹਿਜ਼ 1 ਫ਼ੀਸਦੀ ਵੀ ਨਹੀਂ ਬਣਦਾ। -ਰਾਇਟਰਜ਼

Advertisement

Advertisement
Advertisement
Author Image

joginder kumar

View all posts

Advertisement